ਸਿਆਸੀ ਖਬਰਾਂ » ਸਿੱਖ ਖਬਰਾਂ

ਸਾਕਾ ਨਕੋਦਰ: ਪਰਿਵਾਰਾਂ ਨੇ ਕੀਤੀ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੇ ਲੇਖੇ ‘ਤੇ ਵਿਧਾਨ ਸਭਾ ‘ਚ ਬਹਿਸ ਦੀ ਮੰਗ

February 20, 2019 | By

ਜਲੰਧਰ: 4 ਫਰਵਰੀ 1986 ਨੂੰ ਵਾਪਰੇ ਸਾਕਾ ਨਕੋਦਰ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਸੰਗਤ ‘ਤੇ ਪੰਜਾਬ ਪੁਲਸ ਨੇ ਗੋਲੀਬਾਰੀ ਕਰਕੇ 4 ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਸੀ ਸਰਕਾਰ ਚਾਹੇ ਜਿਸ ਵੀ ਧੜੇ ਦੀ ਰਹੀ ਹੋਵੇ ਕੋਈ ਵੀ ਪੀੜਤ ਪਰਿਵਾਰਾਂ ਨੂੰ ਨਿਆਂ ਦੇ ਸਕਣ ਲਈ ਕੁਝ ਵੀ ਨਹੀਂ ਕਰ ਸਕਿਆ। ਸ਼ਹੀਦਾਂ ਦੇ ਪਰਿਵਾਰਾਂ ਨੇ 33 ਸਾਲਾਂ ਦੌਰਾਨ ਪਹਿਲੀ ਵਾਰ ਖਬਰਖਾਨੇ ਸਾਹਮਣੇ ਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਉਹ ਬੇਅਦਬੀ ਕਾਂਡ ਬਾਰੇ 2001 ਵਿਚ ਪੇਸ਼ ਕੀਤੀ ਗਈ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਪੰਜਾਬ ਵਿਧਾਨ ਸਭਾ ‘ਚ ਬਹਿਸ ਕਰਵਾਉਣ ਅਤੇ ਕਾਰਵਾਈ ਦਾ ਲੇਖਾ ਸਭਾ ‘ਚ ਪੇਸ਼ ਕਰਨ।

ਸਾਕਾ ਨਕੋਦਰ ’ਚ ਪੁਲੀਸ ਦੀਆਂ ਗੋਲੀਆਂ ਨਾਲ ਚਾਰ ਸਿੱਖ ਨੌਜਵਾਨ ਭਾਈ ਰਵਿੰਦਰ ਸਿੰਘ, ਭਾਈ ਬਲਧੀਰ ਸਿੰਘ, ਭਾਈ ਝਿਲਮਣ ਸਿੰਘ ਤੇ ਭਾਈ ਹਰਮਿੰਦਰ ਸਿੰਘ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿਚੋਂ ਰਵਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ, ਭਾਈ ਝਿਲਮਣ ਸਿੰਘ ਗੌਰਸੀਆਂ ਦੀ ਭੈਣ ਰਾਜਵਿੰਦਰ ਕੌਰ ਤੇ ਭਾਈ ਬਲਧੀਰ ਸਿੰਘ ਦੀ ਭੈਣ ਕਰਮਜੀਤ ਕੌਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ 33 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਹਨ। ਇਸ ਸਮੇਂ ਦੌਰਾਨ ਬਣੀਆਂ ਸੂਬਾ ਸਰਕਾਰਾਂ ਵਿਚੋਂ ਅਜੇ ਤੱਕ ਕਿਸੇ ਨੇ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ।

ਨਕੋਦਰ ਸਾਕੇ ਦੀ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਖਬਰਖਾਨੇ ਸਾਹਮਣੇ ਪੰਜਾਬ ਵਿਧਾਨ ਸਭਾ ‘ਚ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਬਹਿਸ ਦੀ ਮੰਗ ਕੀਤੀ ਗਈ।

ਜ਼ਿਕਰਯੋਗ ਹੈ ਕਿ 2 ਫਰਵਰੀ 1986 ਨੂੰ ਨਕੋਦਰ ਦੇ ਇਕ ਗੁਰਦੁਆਰਾ ਸਾਹਿਬ ਵਿਚ ਪੰਜ ਬੀੜਾਂ ਸੜ ਗਈਆਂ ਸਨ। ਉਸ ਵਿਰੁੱਧ ਸਿੱਖਾਂ ਵਿਚ ਭਾਰੀ ਰੋਸ ਸੀ। ਜਦੋਂ ਸ਼ਾਂਤਮਈ ਢੰਗ ਨਾਲ 4 ਫਰਵਰੀ 1986 ਨੂੰ ਸਿੱਖ ਸੜੀਆਂ ਹੋਈਆਂ ਪੰਜ ਬੀੜਾਂ ਦੀ ਸਾਂਭ ਸੰਭਾਲ ਲਈ ਜਾ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ’ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਸਨ। ਇਸ ਵਿੱਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਬਲਦੇਵ ਸਿੰਘ ਲਿੱਤਰਾਂ ਨੇ ਕਿਹਾ ਕਿ ਉਸ ਵੇਲੇ ਇਸ ਘਟਨਾ ਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਜਾਂਚ ਕਮਿਸ਼ਨ ਬਣਿਆ ਸੀ। ਉਨ੍ਹਾਂ ਨੂੰ ਇਹ ਜਾਣ ਕੇ ਦੁੱਖ ਹੋਇਆ ਕਿ ਸਾਲ 2001 ਵਿਚ ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਚੋਰੀੇ ਹੀ ਇਹ ਰਿਪੋਰਟ ਵਿਧਾਨ ਸਭਾ ’ਚ ਪੇਸ਼ ਕਰ ਦਿੱਤੀ ਸੀ। ਇਸ ਦੀ ਭਿਣਕ ਪੰਜਾਬ ਦੇ ਲੋਕਾਂ ਨੂੰ ਨਹੀਂ ਸੀ ਪੈਣ ਦਿੱਤੀ। ਰਿਪੋਰਟ ਵਿਚ ਸ਼ਾਮਲ ਪੁਲੀਸ ਤੇ ਹੋਰ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਉਂਗਲ ਉਠੀ ਸੀ। ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਰਿਪੋਰਟ ਵਿਚ ਕਥਿਤ ਤੌਰ ’ਤੇ ਦੋਸ਼ੀ ਪਾਏ ਗਏ ਇਨ੍ਹਾਂ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਸੀ ਕੀਤੀ।

ਪਰਿਵਾਰਾਂ ਨੇ ਮੰਗ ਕੀਤੀ ਕਿ ਇਸ ਘਟਨਾ ’ਚ ਉਸ ਵੇਲੇ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਰਹੇ ਇਜ਼ਹਾਰ ਆਲਮ ਅਤੇ ਵਧੀਕ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਦੀ ਭੂਮਿਕਾ ਬਾਰੇ ਜਾਂਚ ਕੀਤੀ ਜਾਵੇ। ਨਵੇਂ ਸਿਰੇ ਤੋਂ ਸਿੱਟ ਬਣਾਈ ਜਾਵੇ, ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤੇ ਜਾਣ। 1986 ਵਿਚ ਵਾਪਰੀ ਇਸ ਘਟਨਾ ਦੌਰਾਨ ਕਰਫਿਊ ਲੱਗਾ ਹੋਣ ਦੇ ਬਾਵਜੂਦ ਸ਼ਿਵ ਸੈਨਾ ਵੱਲੋਂ ਸ਼ਹਿਰ ’ਚ ਮਾਰਚ ਕਰਕੇ ਭੜਕਾਹਟ ਪੈਦਾ ਕਰਨ ਦੇ ਮਾਮਲੇ ਨੂੰ ਵੀ ਘੋਖਿਆ ਜਾਵੇ। ਐਕਸ਼ਨ ਟੇਕਨ ਰਿਪੋਰਟ ’ਤੇ ਵਿਧਾਨ ਸਭਾ ਵਿਚ ਬਹਿਸ ਹੋਵੇ।

ਬਲਦੇਵ ਸਿੰਘ ਲਿੱਤਰਾਂ ਨੇ ਕਿਹਾ ਕਿ 4 ਫਰਵਰੀ 1986 ਨੂੰ ਪੁਲੀਸ ਦੀਆਂ ਗੋਲੀਆਂ ਨਾਲ ਜਦੋਂ ਇਹ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ ਤਾਂ ਉਨ੍ਹਾਂ ਨੇ ਆਪਣੇ ਪੁੱਤਰ ਸਮੇਤ ਬਾਕੀ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪਛਾਣ ਲਿਆ ਸੀ ਤੇ ਉਹ ਸਾਰਾ ਦਿਨ ਲਾਸ਼ ਲੈਣ ਦੀ ਉਡੀਕ ਕਰਦੇ ਰਹੇ ਪਰ ਪੁਲੀਸ ਨੇ 5 ਫਰਵਰੀ 1986 ਨੂੰ ਸਵੇਰੇ 7.00 ਵਜੇ ਇਨ੍ਹਾਂ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਲਾਵਾਰਸ ਕਹਿ ਕੇ ਸਾੜ ਦਿੱਤੀਆਂ ਸਨ। ਰੋਸ ਵਜੋਂ ਲਾਏ ਗਏ ਧਰਨੇ ਦੌਰਾਨ ਸੁਰਜੀਤ ਸਿੰਘ ਐਸਪੀ ਦੇ ਉਦੋਂ ਅਕਾਲੀ ਦਲ ਦੇ ਆਗੂ ਅਜੀਤ ਸਿੰਘ ਕੋਹਾੜ ਨੇ ਇਸ ਗੱਲੋਂ ਥੱਪੜ ਵੀ ਮਾਰਿਆ ਸੀ ਜਦੋਂ ਉਸ ਨੇ ਐਸਐਸਪੀ ਇਜ਼ਹਾਰ ਆਲਮ, ਵਿਧਾਇਕ ਕੁਲਦੀਪ ਸਿੰਘ ਵਡਾਲਾ, ਸੁਰਜੀਤ ਸਿੰਘ ਮਿਨਹਾਸ ਅਤੇ ਸੁਰਿੰਦਰ ਸਿੰਘ ਥੰਮਣਵਾਲ ਦੀ ਹਾਜ਼ਰੀ ਵਿਚ ਕਿਹਾ ਸੀ ਕਿ ਜੋ ਉਸ ਨੇ ਕਰਨਾ ਸੀ ਕਰ ਦਿੱਤਾ।

ਬਾਦਲਾਂ ’ਤੇ 1984 ਦੰਗਿਆਂ ਦੇ ਨਾਂ ’ਤੇ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ ਬਲਦੇਵ ਸਿੰਘ ਲਿੱਤਰਾਂ ਨੇ ਕਿਹਾ ਕਿ ਉਹ ਖਾਨਦਾਨੀ ਅਕਾਲੀ ਹਨ ਪਰ ਬਾਦਲਾਂ ਨੂੰ ਇਹ ਗੱਲ ਸਪੱਸ਼ਟ ਕਰਨੀ ਪਵੇਗੀ ਕਿ ਉਨ੍ਹਾਂ ਨੇ ਪੰਜਾਬ ਅੰਦਰਲੇ ‘ਸੱਜਣ ਕੁਮਾਰਾਂ’ ਤੇ ‘ਜਗਦੀਸ਼ ਟਾਈਟਲਰਾਂ’ ਨੂੰ ਕੁੱਛੜ ਕਿਉਂ ਚੁੱਕਿਆ ਹੋਇਆ ਹੈ? ਪੰਜਾਬ ਵਿਧਾਨ ਸਭਾ ਵਿਚ ਇਸ ਮਾਮਲੇ ਨੂੰ ਚੁੱਕਣ ਲਈ ਉਨ੍ਹਾਂ ਨੇ ਸੀਨੀਅਰ ਐਡਵੋਕੇਟ ਐਚਐਸ ਫੂਲਕਾ, ਕੰਵਰ ਸਿੰਘ ਸੰਧੂ, ਕੁਲਤਾਰ ਸਿੰਘ ਸੰਧਵਾਂ ਅਤੇ ਕੇਂਦਰ ਸਰਕਾਰ ਕੋਲ ਮਾਮਲੇ ਨੂੰ ਚੁੱਕਣ ਲਈ ਐਮਪੀ ਧਰਮਵੀਰ ਗਾਂਧੀ ਦਾ ਧੰਨਵਾਦ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,