ਅੰਮ੍ਰਿਤਸਰ: ਸੁਖਬੀਰ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਦਲ ਦਲ ਦੇ ਜੇਤੂ ਉਮੀਦਵਾਰਾਂ ਦਾ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਆਖਿਆ ਦਿੱਲੀ ਕਮੇਟੀ ਦੇ ਨਤੀਜਿਆਂ ਵਾਂਗ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਆਉਣਗੇ।
ਸੋਮਵਾਰ ਨੂੰ ਦਿੱਲੀ ਕਮੇਟੀ ਦੇ ਜੇਤੂ ਮੈਂਬਰ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਿੱਚ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਨ। ਮੈਂਬਰਾਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਨਮਾਨ ਕੀਤਾ ਗਿਆ। ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਸ਼ਤਾਬਦੀਆਂ ਮਨਾਉਣ ਅਤੇ ਹੋਰ ਕੀਤੇ ਕੰਮਾਂ ਨੂੰ ਦਿੱਲੀ ਦੀ ਸੰਗਤ ਨੇ ਪ੍ਰਵਾਨਗੀ ਦਿੰਦਿਆਂ ਗੁਰਦੁਆਰਾ ਚੋਣਾਂ ਵਿੱਚ ਮੁੜ ਬਾਦਲ ਦਲ ਦੀ ਝੋਲੀ ਜਿੱਤ ਪਾਈ ਹੈ। ਸੁਖਬੀਰ ਨੇ ਕਿਹਾ ਕਿ ਵਿਰੋਧੀ ਤਾਕਤਾਂ ਨੇ ਹਮੇਸ਼ਾ ਸਾਨੂੰ ਹਰਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਸੰਗਤ ਨੇ ਅਜਿਹੀਆਂ ਤਾਕਤਾਂ ਨੂੰ ਪਛਾੜ ਦਿੱਤਾ ਹੈ।
ਆਮ ਆਦਮੀ ਪਾਰਟੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਚੋਣਾਂ ਲੜਨ ਤੋਂ ਬਾਅਦ ਇਸ ਪਾਰਟੀ ਨੇ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਵੀ ਉਮੀਦਵਾਰ ਖੜ੍ਹੇ ਕੀਤੇ, ਪਰ ਦਿੱਲੀ ਦੇ ਸਿੱਖਾਂ ਨੇ ਇਨ੍ਹਾਂ ਨੂੰ ਨਕਾਰ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ 11 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਦਿੱਲੀ ਚੋਣਾਂ ਵਾਂਗ ਬਾਦਲ ਦਲ ਦੇ ਹੱਕ ਵਿੱਚ ਹੋਣਗੇ। ਉਨ੍ਹਾਂ ਨੇ ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰਾਂ ਅਤੇ ਸੰਤ ਸਮਾਜ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਦਿੱਲੀ ਚੋਣਾਂ ਦੇ ਨਤੀਜੇ ਵਾਂਗ ਹੀ ਪੰਜਾਬ ਵਿੱਚ ਵੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਹੈਰਾਨੀਜਨਕ ਹੋਣਗੇ।
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਦਿੱਲੀ ਕਮੇਟੀ ਵੱਲੋਂ ਬਾਦਲ ਦਲ ਦੀ ਮਦਦ ਨਾਲ ਸਿੱਖ ਕੌਮ ਦੇ ਹਿੱਤ ਵਿੱਚ ਕੀਤੇ ਗਏ ਕੰਮਾਂ ਨੂੰ ਦਿੱਲੀ ਦੀ ਸਿੱਖ ਸੰਗਤ ਨੇ ਫਤਵਾ ਦਿੱਤਾ ਹੈ। ਸਨਮਾਨਤ ਕੀਤੇ ਦਿੱਲੀ ਕਮੇਟੀ ਦੇ ਆਗੂਆਂ ਵਿੱਚ ਪ੍ਰਧਾਨ ਮਨਜੀਤ ਸਿੰਘ ਜੀਕੇ, ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਅਵਤਾਰ ਸਿੰਘ, ਪਰਮਜੀਤ ਸਿੰਘ ਚੰਡੋਕ ਆਦਿ ਸ਼ਾਮਲ ਸਨ। ਸਮਾਗਮ ਵਿੱਚ ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਵੀ ਸ਼ਾਮਲ ਸਨ।