ਅੰਮ੍ਰਿਤਸਰ (29 ਦਸੰਬਰ, 2014): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਤੇ ਹੋਰ ਮਸਲਿਆਂ ’ਤੇ ਵਿਚਾਰ ਕਰਨ ਲਈ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਉਨ੍ਹਾਂ ਮੁਲਾਕਾਤ ਵਾਸਤੇ ਸਮੇਂ ਦੀ ਮੰਗ ਕੀਤੀ ਹੈ।
ਜਥੇਦਾਰ ਅਵਤਾਰ ਸਿੰਘ ਵੱਲੋਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਇੱਕ ਪੱਤਰ ਭੇਜਿਆ ਗਿਆ ਹੈ ਤੇ ਮੁਲਾਕਾਤ ਲਈ ਜਲਦੀ ਤੋਂ ਜਲਦੀ ਸਮਾਂ ਦੇਣ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਲਾਕਤਾ ਵਿੱਚ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ, ਜਿਨ੍ਹਾਂ ਦੀ ਅਜੇ ਤਕ ਕੋਈ ਸੁਣਵਾਈ ਨਹੀਂ ਹੋਈ ਹੈ, ਵੱਲ ਕੇਂਦਰ ਸਰਕਾਰ ਦਾ ਮੁੜ ਧਿਆਨ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਗੁਰਬਖਸ਼ ਸਿੰਘ ਖ਼ਾਲਸਾ ਵੱਲੋਂ ਅੰਬਾਲਾ ਦੇ ਗੁਰਦੁਆਰਾ ਲਖਨੌਰ ਸਾਹਿਬ ਵਿਖੇ ਡੇਢ ਮਹੀਨੇ ਤੋਂ ਭੁੱਖ ਹੜਤਾਲ ਜਾਰੀ ਹੈ।
ਖ਼ਾਲਸਾ ਵੱਲੋਂ ਬੰਦੀ ਸਿੱਖ ਕੈਦੀਆਂ ਦਾ ਉਠਾਇਆ ਗਿਆ ਮੁੱਦਾ ਜਾਇਜ਼ ਹੈ ਕਿਉਂਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀ ਆਪਣੀ ਸਜ਼ਾ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਗੰਭੀਰ ਮੁੱਦਾ ਹੈ ਅਤੇ ਇਸ ’ਤੇ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ਹੈ।
ਖ਼ਾਲਸਾ ਵੱਲੋਂ ਭੁੱਖ ਹੜਤਾਲ ਕਾਰਨ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਚਿੰਤਾ ਦੀ ਸਥਿਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਦੇ ਪ੍ਰਧਾਨ ਹੋਣ ਦੇ ਨਾਤੇ ਉਹ ਸਿੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕਰਨੀ ਚਾਹੁੰਦੇ ਹਨ, ਇਸ ਲਈ ਤੁਰੰਤ ਸਮਾਂ, ਸਥਾਨ ਤੇ ਤਰੀਕ ਦੱਸੀ ਜਾਵੇ। ਉਨ੍ਹਾਂ ਅਪੀਲ ਕੀਤੀ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿੱਚ ਨਿੱਜੀ ਰੁਚੀ ਲੈਣ ਅਤੇ ਇਸ ਮਸਲੇ ਨੂੰ ਹੱਲ ਕਰਨ ਲਈ ਸਹਿਯੋਗ ਦੇਣ।
ਮਿਲੇ ਵੇਰਵਿਆਂ ਅਨੁਸਾਰ ਇਸ ਮੁੱਦੇ ਨੂੰ ਲੈ ਕੇ ਚਿੰਤਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਵੀ ਆਪਣੇ ਪੱਧਰ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨ ਕੀਤੇ ਜਾ ਰਹੇ ਹਨ। ਉਹ ਅੱਜ-ਕੱਲ੍ਹ ਦਿੱਲੀ ਵਿੱਚ ਹਨ ਅਤੇ ਪ੍ਰਭਾਵੀ ਸਿੱਖ ਸ਼ਖ਼ਸੀਅਤਾਂ ਦੀ ਮਦਦ ਨਾਲ ਕੇਂਦਰ ਸਰਕਾਰ ਕੋਲ ਇਸ ਮਸਲੇ ਨੂੰ ਪੂਰੇ ਜ਼ੋਰ ਨਾਲ ਉਭਾਰਨ ਲਈ ਯਤਨਸ਼ੀਲ ਹਨ।