ਨਿਊਯਾਰਕ/ਲੰਡਨ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਸ. ਮਨਜਿੰਦਰ ਸਿੰਘ ਸਿਰਸਾ ਨੇ ਹਾਲ ਵਿੱਚ ਹੀ ਕਿਹਾ ਸੀ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ ਨੂੰ ਆਪਣੇ ਕੋਲ ਜਮ੍ਹਾਂ ਸੋਨਾ ਅਤੇ ਸਰਮਾਇਆ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ਤਾਂ ਕਿ ਇਸ ਨਾਲ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ।
ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਦੇ ਇਸ ਬਿਆਨ ਦੀ ਤਿੱਖੀ ਆਲੋਚਨਾ ਕੀਤੀ ਗਈ ਹੈ।
ਇਸੇ ਤਰ੍ਹਾਂ ਬਰਤਾਨੀਆ ਰਹਿੰਦੇ ਸਿੱਖਾਂ ਦੀਆਂ ਜਥੇਬੰਦੀਆਂ ਯੂਨਾਈਟਿਡ ਖਾਲਸਾ ਦਲ ਯੂ.ਕੇ. ਅਤੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵੱਲੋਂ ਵੀ ਸ. ਮਨਜਿੰਦਰ ਸਿੰਘ ਸਿਰਸਾ ਦੇ ਇਸ ਬਿਆਨ ਦੀ ਨਿਖੇਧੀ ਕਰਦਿਆਂ ਇਸ ਨੂੰ ਬੇਤੁਕਾ ਦੱਸਿਆ ਗਿਆ ਹੈ।
ਇਨ੍ਹਾਂ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਵੇਂ ਸ. ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਬਿਆਨ ਵਿੱਚ ਸਿੱਖ ਗੁਰਦੁਆਰਾ ਸਾਹਿਬਾਨ ਦਾ ਨਾਮ ਨਹੀਂ ਲਿਆ ਪਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਉਸ ਵੱਲੋਂ ਕਹੀ ਗਈ ਗੱਲ ਸਿੱਖ ਗੁਰਦੁਆਰਾ ਸਾਹਿਬਾਨ ਨਾਲ ਹੀ ਜੁੜੇਗੀ।
ਇਨ੍ਹਾਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿਸ ਵੇਲੇ ਦਿੱਲੀ ਦੀ ਬਿਪਰਵਾਦੀ ਹਕੂਮਤ ਕਰੋਨਾ ਮਹਾਂਮਾਰੀ ਮੌਕੇ ਲੋਕਾਂ ਦੀ ਮਦਦ ਕਰਨ ਵਾਸਤੇ ਸਾਰਥਕ ਕਦਮ ਚੁੱਕਣ ਵਿੱਚ ਨਾਕਾਮ ਰਹੀ ਹੈ ਅਤੇ ਆਪਣੇ ਸਰਮਾਏ ਦਾ ਕਾਰਪੋਰੇਟਾਂ ਅਤੇ ਅਮੀਰ ਨਿੱਜੀ ਕਾਰੋਬਾਰੀਆਂ ਨੂੰ ਲਾਭ ਪਹੁੰਚਾਉਣ ਹਿੱਤ ਨਵੀਆਂ ਯੋਜਨਾਵਾਂ ਦਾ ਐਲਾਨ ਕਰ ਰਹੀ ਹੈ ਤਾਂ ਉਸ ਵੇਲੇ ਧਾਰਮਿਕ ਸੰਸਥਾਵਾਂ ਦਾ ਸਰਮਾਇਆ ਅਜਿਹੀ ਸਰਕਾਰ ਹਵਾਲੇ ਕਰਨ ਦੀ ਵਕਾਲਤ ਕਰਨਾ ਸਰਾਸਰ ਗਲਤ ਅਤੇ ਬੇਈਮਾਨੀ ਭਰਪੂਰ ਕਾਰਵਾਈ ਹੈ।
ਬਰਤਾਨਵੀ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਸ. “ਮਨਜਿੰਦਰ ਸਿੰਘ ਸਿਰਸਾ ਸਮੇਤ ਸਮੂਹ ਜਿੰਮੇਵਾਰ ਸਿੱਖ ਆਗੂਆਂ ਨੂੰ ਪੰਜਾਬੀ ਦੇ ਅਖਾਣ ‘ਪਹਿਲਾਂ ਤੋਲੋ ਫਿਰ ਬੋਲੋ’ ਨੂੰ ਹਮੇਸ਼ਾਂ ਯਾਦ ਰੱਖਣ ਵਾਸਤੇ ਆਖਿਆ ਹੈ”।
ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਨੂੰ ਕੋਈ ਵੀ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੀਦੀ ਜਾਂ ਬਿਆਨ ਨਹੀਂ ਦੇਣਾ ਚਾਹੀਦਾ ਜਿਹੜਾ ਗੁਰਮਿਤ ਜਾਂ ਸਿੱਖ ਸੰਘਰਸ਼ ਵਿਰੋਧੀ ਹੋਵੇ।
ਅਮਰੀਕਾ ਦੇ 127 ਗੁਰਦੁਆਰਾ ਸਾਹਿਬਾਨ ਨੇ ਸਰਬਸੰਮਤੀ ਨਾਲ ਮਤਾ ਪ੍ਰਵਾਨ ਕੀਤਾ
ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਸਟ ਕੋਸਟ ਕੋਆਰਡੀਨੇਸ਼ਨ ਕਮੇਟੀ ਵੱਲੋਂ ਭੇਜੇ ਗਏ ਇੱਕ ਲਿਖਤੀ ਬਿਆਨ ਵਿੱਚ ਡਾ. ਪ੍ਰਿਤਪਾਲ ਸਿੰਘ ਅਤੇ ਸ. ਹਿੰਮਤ ਸਿੰਘ ਨੇ ਦੱਸਿਆ ਹੈ ਕਿ ਅਮਰੀਕਾ ਦੇ 127 ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਦਰਮਿਆਨ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਇੱਕ ਮਤਾ ਪ੍ਰਵਾਨ ਕੀਤਾ ਗਿਆ ਜਿਸ ਵਿੱਚ ਸ. ਮਨਜਿੰਦਰ ਸਿੰਘ ਸਿਰਸਾ ਅਤੇ ਇਹੋ ਜਿਹੇ ਸਾਰੇ “ਭਾਰਤੀ ਏਜੰਟਾਂ” ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।