ਚੰਡੀਗੜ੍ਹ: ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਕਿਹਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਨੂੰ ਜਾਰੀ ਨਾ ਕੀਤਾ ਜਾਵੇ। ਸ. ਮੰਨਣ ਨੇ ਕਿਹਾ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਿ: ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ, ਜਿਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਭੇਜ ਕੇ 21 ਨਵੰਬਰ 2025 ਨੂੰ ਇਸ ਫਿਲਮ ਨੂੰ ਰੀਲੀਜ਼ ਨਾ ਕਰਨ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਰੌਸ਼ਨੀ ਵਿਚ ਫਿਲਮ ਚਲਾਉਣ ਦਾ ਫੈਸਲਾ ਵਾਪਿਸ ਲਿਆ ਜਾਵੇ।

ਉਨ੍ਹਾਂ ਕਿਹਾ ਕਿ ਫਿਲਮ ਘੋਖ ਕਮੇਟੀ ਵੱਲੋਂ ਇਸ ਫਿਲਮ ਨੂੰ ਵੇਖਣ ਬਾਅਦ ਰੀਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਸੀ, ਜਿਸ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰੋਕ ਸਬੰਧੀ ਪੱਤਰ ਭੇਜਿਆ ਹੈ।