April 25, 2012 | By ਐਡਵੋਕੇਟ ਜਸਪਾਲ ਸਿੰਘ ਮੰਝਪੁਰ
ਨਾਭਾ, ਪੰਜਾਬ (17 ਅਪ੍ਰੈਲ, 2012): ਪੰਜਾਬ ਵਿਚ ਦਿਨੋਂ ਦਿਨ ਪੀਣ ਵਾਲੇ ਪਾਣੀ ਦੀ ਵਧ ਰਹੀ ਸਮੱਸਿਆ ਦੇ ਮੱਦੇਨਜ਼ਰ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਸਿੰਘਾਂ ਦੀ ਅਪੀਲ ਨੂੰ ਪ੍ਰਵਾਣ ਕਰਦਿਆਂ ਜੇਲ੍ਹ ਪ੍ਰਸ਼ਾਸਨ ਵਲੋਂ ਬੰਦੀ ਸਿੰਘਾਂ ਨੂੰ ਆਪਣੇ ਖਰਚੇ ਉਤੇ ਆਰ.ਓ. ਸਿਸਟਮ ਲਗਾਉਣ ਦੀ ਇਜਾਜ਼ਤ ਮਿਲਣ ਤੋਂ ਬਾਅਦ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਇਹ ਸੇਵਾ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਇਸ ਤੋਂ ਪਹਿਲਾਂ ਦੋਨਾ ਨਾਨਕਾ (ਫਾਜ਼ਿਲਕਾ) ਦੇ ਸਰਕਾਰੀ ਸਕੂਲ ਵਿਚ ਸਬਮਰਸੀਬਲ ਮੋਟਰ ਦੀ ਸੇਵਾ ਕੀਤੀ ਗਈ ਸੀ ਅਤੇ ਹੁਣ ਨਾਭਾ ਜੇਲ੍ਹ ਵਿਚ ਬੰਦੀ ਸਿੰਘਾਂ ਦੀ ਸਿਹਤ ਦੇ ਮੱਦੇਨਜ਼ਰ ਪਾਣੀ ਸਾਫ ਕਰਨ ਵਾਲਾ ਇਹ ਸਿਸਟਮ ਲਗਾਇਆ ਗਿਆ ਹੈ, ਜਿਸ ਦਾ ਫਾਇਦਾ ਕੇਵਲ ਬੰਦੀ ਸਿੰਘਾਂ ਨੂੰ ਹੀ ਨਹੀਂ ਸਗੋਂ ਸਾਰੇ ਬੰਦੀਆਂ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਵੀ ਭਰਪੂਰ ਹੋਵੇਗਾ।
ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਬੰਦੀ ਸਿੰਘਾਂ ਵਲੋਂ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਕੀਤੇ ਇਸ ਉਪਰਾਲੇ ਦਾ ਧੰਨਵਾਦ ਕੀਤਾ ਹੈ।