Site icon Sikh Siyasat News

ਫਤਿਹਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼੍ਰੀ ਆਖੰਡ ਪਾਠ ਦੇ ਪ੍ਰਕਾਸ਼ ਨਾਲ ਆਰੰਭ ਹੋਇਆ

ਫ਼ਤਹਿਗੜ੍ਹ ਸਾਹਿਬ (26 ਦਸੰਬਰ, 2015) :ਫਤਿਹਗੜ੍ਹ ਸਾਹਿਬ ਵਿਖੇ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼੍ਰੀ ਆਖੰਡ ਪਾਠ ਦੀ ਆਰੰਭਤਾ ਦੇ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦਾ ਸ਼ਹੀਦੀ ਜੋੜ-ਮੇਲਾ ਸ਼ੁਰੂ ਹੋ ਗਿਆ ਹੈ।

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ,  ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਤਿੰਨ ਰੋਜ਼ਾ ‘ਸ਼ਹੀਦੀ ਜੋੜ ਮੇਲੇ ‘ਤੇ ਸ਼੍ਰੀ ਆਖੰਡ ਪਾਠ ਪ੍ਰਕਾਸ਼ ਹੋਇਆ।

ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਦੀਆਂ ਸੰਗਤਾਂ

ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਦੇਸ਼ ਤੇ ਵਿਦੇਸ਼ਾਂ ਦੇ ਕੋਨੇ-ਕੋਨੇ ਤੋਂ ਪੁੱਜੀ ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੰਗਤਾਂ ਨੇ ਦਰਸ਼ਨ ਦੀਦਾਰੇ ਕੀਤੇ । ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਸਵੇਰੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਅਾਰੰਭਤਾ ਦੀ ਅਰਦਾਸ ਕੀਤੀ। ਸ਼ਹੀਦਾਂ ਦੀ ਯਾਦ ਵਿੱਚ ਸੰਗਤ ਵੱਲੋਂ ਥਾਂ ਥਾਂ ਲੰਗਰ ਲਾਏ ਗਏ ਹਨ।

ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਕਰਨ ਬਾਅਦ ਗੁਰਦੁਆਰੇ ਵਿੱਚ ਮੱਥਾ ਟੇਕਿਆ। ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ ਸਿੱਖ ਇਤਿਹਾਸ ਨੂੰ ਦਰਸਾਉਂਦੀ ਚਿੱਤਰ ਪ੍ਰਦਰਸ਼ਨੀ ਅਤੇ ਧਾਰਮਿਕ ਪੁਸਤਕਾਂ ਦਾ ਸਟਾਲ ਲਗਾਇਆ ਗਿਆ।

ਸ਼੍ਰੋਮਣੀ ਕਮੇਟੀ ਦੇ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਨਾਟਕ ਤੇ ਕਵੀ ਦਰਬਾਰ ਕਰਾਏ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ 28 ਦਸੰਬਰ ਨੂੰ ਸਵੇਰੇ 9 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਕਰੀਬ 1 ਵਜੇ ਪੁੱਜੇਗਾ। ਪਾਠ ਦੇ ਭੋਗ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਾਏ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version