ਅੰਮ੍ਰਿਤਸਰ(21 ਨਵੰਬਰ, 2014): ਸਿੱਖ ਕੌਮ ਦੀ ਨਿਆਰੀ ਹਸਤੀ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ‘ਤੇ ਵਿਚਾਰ ਕਰਨ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਵ ਸਿੱਖ ਕਨਵੈਨਸ਼ਨ ਕਰਵਾਉਣ ਲਈ ਮੁੜ ਸਰਗਰਮੀ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾਂ ਕਮੇਟੀ ਵੱਲੋਂ ਇਹ ਕਨਵੈਨਸ਼ਨ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਕਰਵਾਉਣ ਦੀ ਯੋਜਨਾ ਸੀ।
ਕਮੇਟੀ ਮੈਂਬਰ ਗਿਆਨ ਸਿੰਘ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮੇਂ ਵੱਖ-ਵੱਖ ਮੁਲਕਾਂ ਤੋਂ ਆਉਣ ਵਾਲੇ ਸਿੱਖ ਆਗੂਆਂ ਨੂੰ ਵੀਜ਼ੇ ਦੀ ਸਮੱਸਿਆ ਆਉਣ ਕਾਰਨ ਇਹ ਕਨਵੈਨਸ਼ਨ ਮੁਲਤਵੀ ਕਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਕਨਵੈਨਸ਼ਨ ਦੀ ਤਰੀਕ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਪਾਕਿਸਤਾਨ ਪ੍ਰਬੰਧਕ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਹੁਣ ਤਕ ਮਾਨਤਾ ਨਹੀਂ ਦਿੱਤੀ ਗਈ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਮਨਾਏ ਜਾ ਰਹੇ ਹਨ, ਜਿਸ ਕਾਰਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਤਰੀਕ ਵੱਖ ਹੋਣ ਕਾਰਨ ਕਈ ਵਾਰ ਭਾਰਤ ਤੋਂ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਨਹੀਂ ਜਾ ਸਕੇ।
ਜ਼ਿਕਰਯੋਗ ਹੈ ਕਿਮੂਲ ਨਾਨਕਸ਼ਾਹੀ ਕੈਲੰਡਰ ਨੂੰ ਦੁਬਾਰਾ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ਲਈ ਦੋ ਮੈਂਬਰੀ ਕਮੇਟੀ ਬਣਾਈ ਗਈ ਸੀ,ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਸ਼ਾਮਲ ਹਨ, ਜਿਨ੍ਹਾਂ ਨੇ ਜਨਵਰੀ 2010 ਵਿੱਚ ਨਾਨਕਸ਼ਾਹੀ ਕੈਲੰਡਰ ਵਿੱਚ ਸੋਧ ਕੀਤੀ ਸੀ।
ਇੱਥੇ ਇਹ ਵੀ ਦੱਸਜ਼ਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ 2003 ਵਿੱਚ ਜਾਰੀ ਕੀਤਾ ਗਿਆ ਸੀ। ਇਹ ਕੈਲੰਡਰ ਸੂਰਜ ਚਾਲ ’ਤੇ ਬਣਾਇਆ ਗਿਆ ਸੀ ਅਤੇ ਅੰਗਰੇਜ਼ੀ ਕੈਲੰਡਰ ਵਾਂਗ ਸਿੱਖ ਗੁਰੂਆਂ ਦੇ ਪ੍ਰਕਾਸ਼ ਪੁਰਬ, ਜੋਤੀ ਜੋਤ ਸਮਾਉਣ ਦਿਵਸ, ਗੁਰਤਾ ਗੱਦੀ ਦਿਵਸ ਅਤੇ ਸ਼ਹੀਦੀ ਦਿਵਸ ਦੀਆਂ ਤਰੀਕਾਂ ਨਿਰਧਾਰਿਤ ਕਰ ਦਿੱਤੀਆਂ ਗਈਆਂ ਸਨ। ਪਰ ਉਸ ਵੇਲੇ ਪੰਜਾਬ ਤੋਂ ਬਾਹਰਲੇ ਦੋ ਤਖ਼ਤ ਸਾਹਿਬਾਨ ਅਤੇ ਸੰਤ ਸਮਾਜ ਵੱਲੋਂ ਨਾਨਕਸ਼ਾਹੀ ਕੈਲੰਡਰ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ। ਮਗਰੋਂ 2010 ਵਿੱਚ ਸੰਤ ਸਮਾਜ ਦੇ ਪ੍ਰਭਾਵ ਹੇਠ ਹੀ ਨਾਨਕਸ਼ਾਹੀ ਕੈਲੰਡਰ ਵਿੱਚ ਸੋਧ ਕਰਦਿਆਂ ਇਸ ਨੂੰ ਮੁੜ ਬਿਕਰਮੀ ਕੈਲੰਡਰ ਬਣਾ ਦਿੱਤਾ ਗਿਆ ਸੀ।