ਵਿਦੇਸ਼ » ਸਿੱਖ ਖਬਰਾਂ

ਪਾਕਿਸਤਾਨ ਵਲੋਂ 1249 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ; ਜਥਾ ਭੇਜਣ ਬਾਰੇ ਸ਼੍ਰੋਮਣੀ ਕਮੇਟੀ ਦੁਵਿਧਾ ‘ਚ

November 10, 2016 | By

ਅੰਮ੍ਰਿਤਸਰ: ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਵੇਂ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 1249 ਯਾਤਰੂਆਂ ਦੇ ਵੀਜ਼ੇ ਮਿਲ ਗਏ ਹਨ ਪਰ ਜਥਾ ਭੇਜਣ ਬਾਰੇ ਅਜੇ ਵੀ ਅਨਿਸ਼ਚਿਤਤਾ ਬਣੀ ਹੋਈ ਹੈ। ਇਸ ਸਬੰਧੀ ਅੱਜ ਕੋਈ ਫੈਸਲਾ ਲਏ ਜਾਣ ਦੀ ਉਮੀਦ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਵਾਸਤੇ 1355 ਯਾਤਰੂਆਂ ਦੇ ਨਾਵਾਂ ਦੀ ਸੂਚੀ ਅਤੇ ਪਾਸਪੋਰਟ ਸਰਕਾਰ ਨੂੰ ਭੇਜੇ ਗਏ ਸਨ, ਜਿਨ੍ਹਾਂ ਨੂੰ ਸਰਕਾਰ ਵੱਲੋਂ ਅਗਾਂਹ ਪਾਕਿਸਤਾਨੀ ਹਾਈ ਕਮਿਸ਼ਨ ਕੋਲ ਭੇਜ ਦਿੱਤਾ ਗਿਆ ਸੀ। ਪਾਕਿਸਤਾਨੀ ਹਾਈ ਕਮਿਸ਼ਨ ਨੇ ਇਸ ਵਿੱਚੋਂ 1249 ਯਾਤਰੂਆਂ ਨੂੰ ਵੀਜ਼ੇ ਦੇ ਦਿੱਤੇ ਹਨ। ਇਸ ਦੀ ਪੁਸ਼ਟੀ ਕਰਦਿਆਂ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਪਾਕਿਸਤਾਨੀ ਹਾਈ ਕਮਿਸ਼ਨ ਨੇ ਜਥਾ ਭੇਜਣ ਲਈ ਵੀਜ਼ੇ ਦੇ ਦਿੱਤੇ ਹਨ ਪਰ ਭਾਰਤ-ਪਾਕਿਸਤਾਨ ਵਿਚਾਲੇ ਬਣੇ ਮੌਜੂਦਾ ਤਣਾਅ ਵਾਲੇ ਮਾਹੌਲ ਦੌਰਾਨ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਜਥਾ ਭੇਜਣ ਬਾਰੇ ਇਸ ਸਬੰਧ ਵਿੱਚ ਸੂਬਾ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਗੁ. ਨਨਕਾਣਾ ਸਾਹਿਬ

ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ

ਉਨ੍ਹਾਂ ਇਸ ਸਬੰਧ ਵਿੱਚ ਭਾਰਤੀ ਗ੍ਰਹਿ ਵਿਭਾਗ ਅਤੇ ਵਿਦੇਸ਼ ਵਿਭਾਗ ਨਾਲ ਵੀ ਸੰਪਰਕ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸਿੱਖ ਸ਼ਰਧਾਲੂਆਂ ਦੇ ਚਾਰ ਜਥੇ ਗੁਰਧਾਮਾਂ ਦੀ ਯਾਤਰਾ ਵਾਸਤੇ ਭੇਜੇ ਜਾਂਦੇ ਹਨ। ਦੋ ਜਥਿਆਂ ਵਿੱਚ ਪੰਜ- ਪੰਜ ਸੌ ਸ਼ਰਧਾਲੂ ਅਤੇ ਦੋ ਜਥਿਆਂ ਵਿੱਚ ਲਗਭਗ 3 ਹਜ਼ਾਰ ਸ਼ਰਧਾਲੂ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ। ਇਹ ਜਥੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ, ਵਿਸਾਖੀ ਪੁਰਬ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭੇਜੇ ਜਾਂਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,