ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨੀ ਸਿੱਖ

ਸਿੱਖ ਖਬਰਾਂ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਪਾਕਿਸਤਾਨ ਵਿੱਚ ਸਿੱਖਾਂ ਨੇ ਕੀਤਾ ਰੋਸ ਮੁਜ਼ਾਹਰਾ

By ਸਿੱਖ ਸਿਆਸਤ ਬਿਊਰੋ

October 20, 2015

ਅੰਮ੍ਰਿਤਸਰ (19 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਗੋਲੀਆਂ ਮਾਰਕੇ ਸ਼ਹੀਦ ਕਰਨ ਦੀ ਨਿਖੇਧੀ ਕਰਦਿਆਂ ਦੋਹਾਂ ਘਟਨਾਵਾਂ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਦੀ ਮੰਗ ਕਰਦਿਆਂ ਪਾਕਿਸਤਾਨ ਦੇ ਸਿੱਖਾਂ ਸਥਾਨਿਕ ਮੁਲਸਮਾਨਾ ਭਰਾਵਾਂ ਦੇ ਸਹਿਯੋਗ ਨਾਲ ਪਾਕਿਸਤਾਨ ਦੇ ਸ਼ਹਿਰ ਵਿੱਚ ਰੋਸ ਮਾਰ ਚ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਕਰਾਚੀ ਦੀ ਸਿੱਖ ਸੰਗਤ ਨੇ ਪਾਕਿਸਤਾਨ ਸਿੱਖ ਕੌਂਸਲ ਦੇ ਪ੍ਰਧਾਨ ਰਮੇਸ਼ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਲੱਬ ਕਰਾਚੀ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ।

ੳੁਨ੍ਹਾਂ ਭਾਰਤ ਸਰਕਾਰ ਤੇ ਚੜ੍ਹਦੇ ਪੰਜਾਬ ਦੀ ਬਾਦਲ ਸਰਕਾਰ ਨੂੰ ਕੋਸਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸੂਬਾ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਈ ਥਾਵਾਂ ’ਤੇ ਹੋ ਚੁੱਕੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਵਿੱਚ ਅਸਫਲ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਧਰਮ ਕਿਸੇ ਵੀ ਪ੍ਰਕਾਰ ਦੀ ਹਿੰਸਾ ਵਿੱਚ ਵਿਸ਼ਵਾਸ ਨਹੀਂ ਰੱਖਦਾ ਪ੍ਰੰਤੂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸ ਲਈ ਸਿੱਖਾਂ ਵੱਲੋ ਰੋਸ ਪ੍ਰਗਟ ਕਰਨਾ ਉਨ੍ਹਾਂ ਦਾ ਬੁਨਿਆਦੀ, ਸੰਵਿਧਾਨਕ ਅਤੇ ਕਾਨੂੰਨੀ ਹੱਕ ਹੈ ਪ੍ਰੰਤੂ ਸ਼ਾਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਤੇ ਕਈਆਂ ਨੂੰ ਫੱਟੜ ਕੀਤੇ ਜਾਣ ਦੀ ਪਾਕਿਸਤਾਨ ਸਿੱਖ ਸੰਗਤ ਨਿਖੇਧੀ ਕਰਦੀ ਹੈ।

ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਪੁਲੀਸ ਅਧਿਕਾਰੀਆ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ।

ਉਨ੍ਹਾਂ ਪਾਵਨ ਸਰੂਪ ਚੋਰੀ ਹੋਣ ਅਤੇ ਬੇਅਦਬੀ ਮਾਮਲੇ ਦੀ ਜਾਂਚ ਸੰਯੁਕਤ ਰਾਸ਼ਟਰ ਕੋਲੋਂ ਕਰਾਉਣ ਦੀ ਮੰਗ ਕੀਤੀ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਭਾਰਤ ਸਰਕਾਰ ’ਤੇ ਦਬਾਅ ਪਾ ਕੇ ਸਿੱਖਾਂ ਨੂੰ ਇਨਸਾਫ ਦਿਵਾਏ। ਪਾਕਿਸਤਾਨ ਵਿੱਚ ਹੋਏ ਰੋਸ ਮੁਜ਼ਾਹਰੇ ਵਿੱਚ ਸਿੱਖਾਂ ਦੇ ਨਾਲ ਹਿੰਦੂ, ਮੁਸਲਿਮ ਤੇ ੲੀਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: