ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ‘ਨੈਸ਼ਨਲ ਸਕਿਓਟਰੀ ਐਕਟ’ ਤਹਿਤ ਨਜ਼ਰਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਸਿੱਖ ਨਜ਼ਰਬੰਦਾਂ ਦੇ ਮਾਪਿਆਂ ਵੱਲੋਂ ਅੰਮ੍ਰਿਤਸਰ ਦੇ ਡੀ.ਸੀ. ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਉਹਨਾ ਨਾਲ ਕਈ ਸਿੱਖ ਜਥੇਬੰਦੀਆਂ ਦੇ ਆਗੂ ਵੀ ਸ਼ਾਮਿਲ ਸਨ।
ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਦੀ ਬੈਰਕ ਵਿੱਚ ਜਾਸੂਸੀ ਕੈਮਰੇ ਲਗਾਏ ਗਏ ਹਨ ਜਿਸ ਕਾਰਨ ਰੋਸ ਵਜੋਂ ਸਾਰੇ ਸਿੰਘ ਭੁੱਖ ਹੜਤਾਲ ਉੱਤੇ ਹਨ। ਪਰਿਵਾਰ ਨੇ ਡਿਬਰੂਗੜ੍ਹ ਜੇਲ ‘ਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਵਾਪਸੀ ਦੀ ਮੰਗ ਕੀਤੀ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਅੰਮ੍ਰਿਤਸਰ ਡੀ.ਸੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਉੱਚ ਅਧਿਕਾਰੀਆਂ ਨਾਲ ਗੱਲ ਕਰਨਗੇ ਅਤੇ ਫਿਰ ਉਨ੍ਹਾਂ ਨੂੰ ਇਸ ਸਬੰਧੀ ਜਾਣੂ ਕਰਵਾਉਣਗੇ। ਉਹਨਾ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਇੱਕ ਦਿਨ ਦਾ ਸਮਾਂ ਦਿੱਤਾ ਹੈ ਅਤੇ ਉਸ ਤੋਂ ਬਾਅਦ ਅਸੀਂ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਅਗਲੀ ਰਣਨੀਤੀ ਉਲੀਕਾਗੇ।
ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਤੇ ਐਨਐਸਏ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਇਹ ਕਿਸੇ ਸਾਜ਼ਿਸ਼ ਤਹਿਤ ਉਹਨਾਂ ਨੂੰ ਅਸਾਮ ਵਿੱਚ ਵੀ ਹੀ ਰੱਖਣ ਲਈ ਮਾੜੇ ਵਰਤਾਰੇ ਕਰ ਰਹੇ ਹਨ। ਉਹਨਾ ਕਿਹਾ ਕਿ ਅਸੀਂ ਅਧਿਕਾਰੀਆਂ ਦੇ ਫੈਸਲੇ ਦਾ ਇੰਤਜ਼ਾਰ ਕਰਾਂਗੇ। ਉਹਨਾ ਕਿਹਾ ਕਿ ਜਦੋਂ ਵੀ ਅਸੀਂ ਉਨ੍ਹਾਂ ਨੂੰ ਮਿਲਣ ਜਾਂਦੇ ਹਾਂ ਤਾਂ ਸਾਡੀ ਤਿੰਨ ਵਾਰ ਤਲਾਸ਼ੀ ਹੁੰਦੀ ਹੈ। ਅਤੇ ਇਸ ਤਰ੍ਹਾਂ ਦੀ ਸੁਰੱਖਿਆ ’ਚ ਸੂਈ ਵੀ ਨਹੀਂ ਲੰਘ ਸਕਦੀ।
ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਨੇ ਇਹ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਕੋਲੋਂ ਜੇਲ੍ਹ ਵਿਚੋਂ ਮੋਬਾਈਲ ਬਰਾਮਦ ਹੋਏ ਹਨ। ਜਦਕਿ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਕਹਿਣਾ ਹੈ ਕਿ ਉਹਨਾ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਲਾਏ ਗੁਪਤ ਜਸੂਸੀ ਕੈਮਰੇ ਫੜ੍ਹ ਲਏ ਸਨ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੇ ਬਹਾਨੇ ਉਹਨਾ ਉੱਤੇ ਆਪਣੇ ਕੋਲੋਂ ਹੀ ਫੋਨ ਪਾ ਦਿੱਤੇ ਹਨ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਸ. ਤਰਸੇਮ ਸਿੰਘ ਨੇ ਕਿਹਾ ਡਿਬਰੂਗੜ੍ਹ ਵਿਚ ਨਜ਼ਰਬੰਦ ਸਿੰਘਾਂ ਦੀ ਭੁੱਖ ਹੜਤਾਲ ਜਾਰੀ ਉਦੋਂ ਤੱਕ ਜਾਰੀ ਰਹੇਗੀ ਜਿੰਨੀ ਦੇਰ ਤੱਕ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਨਹੀਂ ਕਰ ਦਿੰਦੇ। ਜੇਕਰ ਪ੍ਰਸ਼ਾਸਨ ਨੇ ਸਾਡੀ ਗੱਲ ਨਾ ਸੁਣੀ ਤਾਂ ਅਸੀਂ ਪਰਿਵਾਰਕ ਮੈਂਬਰ ਵੀ ਸਮੂਹ ਸੰਗਤ ਨਾਲ ਭੁੱਖ ਹੜਤਾਲ ‘ਤੇ ਬੈਠਣਗੇ।
ਇਸ ਮੌਕੇ ਬਾਬਾ ਰਾਮ ਸਿੰਘ ਜੀ ਦਮਦਮੀ ਟਕਸਾਲ ਸੰਗਰਾਵਾਂ, ਸ. ਹਰਜਿੰਦਰ ਸਿੰਘ (ਪਿਤਾ ਬਾਜੇਕੇ), ਸ਼ਮਸ਼ੇਰ ਸਿੰਘ ਪੱਧਰੀ, ਹਰਜੀਤ ਸਿੰਘ ਮੀਆਂ ਵਿੰਡ, ਬਾਬਾ ਲਹਿਣਾ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਖਚੈਨ ਸਿੰਘ, ਪ੍ਰਿਤਪਾਲ ਸਿੰਘ ਮੀਰਾਂਕੋਟ, ਬੀਬੀ ਮਨਧੀਰ ਕੌਰ, ਰਾਜਵਿੰਦਰ ਕੋਰ, ਨਵਜੋਤ ਕੌਰ, ਵੀਰਪਾਲ ਕੌਰ, ਅਮਰਜੀਤ ਕੋਰ, ਕਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।