ਕਵਿਤਾ

ਕੰਮੀਆਂ ਦਾ ਵਿਹੜਾ (ਕਵਿਤਾ)

April 20, 2021 | By

ਕੰਮੀਆਂ ਦਾ ਵਿਹੜਾ

ਮਾਂ ਧਰਤੀਏ! ਤੇਰੀ ਗੋਦ ਨੂੰ ਚੰਨ ਹੋਰ ਬਥੇਰੇ।
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵੇਹੜੇ।

ਜਿੱਥੇ ਤੰਗ ਨਾ ਸਮਝਣ ਤੰਗੀਆਂ ਨੂੰ
ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ
ਜਿੱਥੇ ਵਾਲ ਤਰਸਦੇ ਕੰਘੀਆਂ ਨੂੰ
ਨੱਕ ਵਗਦੇ, ਅੱਖਾਂ ਚੁੰਨ੍ਹੀਆਂ ਤੇ ਦੰਦ ਕਰੇੜ੍ਹੇ
ਤੂੰ ਮਘਦਾ ਰਈਂ ਵੇ ……

ਜਿੱਥੇ ਰੂਹ ਬਣਗੀ ਇੱਕ ਹਾਵਾ ਹੈ
ਜਿੱਥੇ ਜ਼ਿੰਦਗੀ ਇੱਕ ਪਛਤਾਵਾ ਹੈ
ਜਿੱਥੇ ਕੈਦ ਅਣਖ ਦਾ ਲਾਵਾ ਹੈ
ਜਿੱਥੇ ਅਕਲ ਮਸੋਸੀ ਮੁੜ ਪਈ ਖਾ ਰੋਜ਼ ਥਪੇੜੇ
ਤੂੰ ਮਘਦਾ ਰਈਂ ਵੇ ….

ਜਿੱਥੇ ਲੋਕ ਬੜੇ ਮਜ਼ਬੂਰ ਜਿਹੇ
ਦਿੱਲੀ ਦੇ ਦਿਲ ਤੋਂ ਦੂਰ ਜਿਹੇ
ਤੇ ਭੁੱਖਾਂ ਵਿਚ ਮਸ਼ਹੂਰ ਜਿਹੇ
ਜਿੱਥੇ ਮਰ ਕੇ ਚਾਂਭਲ ਜਾਂਵਦੇ ਹਨ ਭੂਤ ਜਠੇਰੇ
ਤੂੰ ਮਘਦਾ ਰਈਂ ਵੇ ……

ਜਿੱਥੇ ਬੰਦਾ ਜੰਮਦਾ ਸੀਰੀ ਹੈ
ਟਕਿਆਂ ਦੀ ਮੀਰੀ ਪੀਰੀ ਹੈ
ਜਿੱਥੇ ਕਰਜ਼ੇ ਹੇਠ ਪੰਜੀਰੀ ਹੈ
ਬਾਪੂ ਦੇ ਕਰਜ਼ ਦਾ ਸੂਦ ਨੇ ਪੁੱਤ ਜੰਮਦੇ ਜੇਹੜੇ
ਤੂੰ ਮਘਦਾ ਰਈਂ ਵੇ ……

ਜੇ ਸੋਕਾ ਇਹ ਹੀ ਸੜਦੇ ਨੇ
ਜੇ ਡੋਬਾ ਇਹ ਹੀ ਮਰਦੇ ਨੇ
ਸਭ ਕਹਿਰ ਇਹਨਾਂ ਸਿਰ ਵਰ੍ਹਦੇ ਨੇ
ਜਿੱਥੇ ਫ਼ਸਲਾਂ ਨੇ ਛੱਡ ਜਾਂਦੀਆਂ ਅਰਮਾਨ ਤ੍ਰੇੜੇ
ਤੂੰ ਮਘਦਾ ਰਈਂ ਵੇ ……

ਜਿੱਥੇ ਹਾਰ ਮੰਨ ਲਈ ਚਾਵਾਂ ਨੇ
ਜਿੱਥੇ ਕੂੰਜ ਘੇਰ ਲਈ ਕਾਵਾਂ ਨੇ
ਜਿੱਥੇ ਅਣਵਿਆਹੀਆਂ ਹੀ ਮਾਵਾਂ ਨੇ
ਜਿੱਥੇ ਧੀਆਂ ਹੌਕੇ ਲੈਂਦੀਆਂ ਅਸਮਾਨ ਜਡੇਰੇ
ਤੂੰ ਮਘਦਾ ਰਈਂ ਵੇ ……

ਜਿੱਥੇ ਰੋਟੀ ਵਿੱਚ ਮਨ ਘੁੱਟਿਆ ਹੈ
ਜਿੱਥੇ ਨ੍ਹੇਰਾ ਦੱਬ ਕੇ ਜੁੱਟਿਆ ਹੈ
ਜ਼ਿੱਥੇ ਗੈਰਤ ਦਾ ਤਗ ਟੁੱਟਿਆ ਹੈ
ਜਿੱਥੇ ਆ ਕੇ ਵੋਟਾਂ ਵਾਲ਼ਿਆਂ ਟਟਵੈਰ ਸਹੇੜੇ
ਤੂੰ ਮਘਦਾ ਰਈਂ ਵੇ ……

ਤੂੰ ਆਪਣਾ ਆਪ ਮਚਾਂਦਾ ਹੈਂ
ਪਰ ਆਪਾ ਹੀ ਰੁਸ਼ਨਾਂਦਾ ਹੈਂ
ਕਿਉਂ ਕੰਮੀਆਂ ਤੋਂ ਸ਼ਰਮਾਦਾ ਹੈਂ
ਇਹ ਸਦਾ ਸਦਾ ਨਾ ਰਹਿਣਗੇ ਮੰਦਹਾਲ ਮਰੇੜੇ
ਤੂੰ ਮਘਦਾ ਰਈਂ ਵੇ ……

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: