Site icon Sikh Siyasat News

ਹੁਰੀਅਤ ਆਗੂ ਸੱਯਦ ਅਲੀ ਸ਼ਾਹ ਗਿਲਾਨੀ ਨੇ ਕਸ਼ਮੀਰੀ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਕੰਮ ਦੀ ਸ਼ਲਾਘਾ ਕਰਦਿਆਂ ਹੋਰ ਮੱਦਦ ਲਈ ਲਿਖਿਆ ਪੱਤਰ

gilaniਅੰਮ੍ਰਿਤਸਰ (20 ਸਤੰਬਰ 2014):  ਕਸ਼ਮੀਰੀ ਹੁਰੀਅਤ ਆਗੂ ਸੱਯਦ ਅਲੀ ਸ਼ਾਹ ਗਿਲਾਨੀ ਨੇ ਸਿੱਖ ਆਗੂਆਂ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਾਂ ’ਤੇ ਪੱਤਰ ਭੇਜਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਰਾਸ਼ਨ, ਦਵਾਈਆਂ, ਕੰਬਲ ਤੇ ਬੱਚਿਆਂ ਲਈ ਸਮਾਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਸੱਯਦ ਅਲੀ ਸ਼ਾਹ ਗਿਲਾਨੀ ਦੀ ਮੰਗ ਅਨੁਸਾਰ ਲੋੜੀਂਦਾ ਸਮਾਨ ਜਲਦੀ ਭੇਜਿਆ ਜਾਵੇਗਾ। ਇਹ ਪੱਤਰ ਲੈ ਕੇ ਪੁੱਜੇ ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗਿਲਾਨੀ ਨੇ ਗੁਰਦੁਆਰਾ ਬੜਗਾਮ ਵਿਖੇ ਚਲਾਏ ਜਾ ਰਹੇ ਰਾਹਤ ਕੈਂਪ ਨੂੰ ਵੀ ਦੇਖਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਜੰਮੂ ਕਸ਼ਮੀਰ ਦੇ ਬੱਚਿਆਂ ਦੀਆਂ ਫੀਸਾਂ ਮੁਆਫ਼ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਬੱਚਿਆਂ ਕੋਲ ਖ਼ਰਚ ਲਈ ਪੈਸੇ ਨਹੀਂ ਹਨ ਅਤੇ ਉਨ੍ਹਾਂ ਦੇ ਮਾਪੇ ਇਸ ਸਮਰੱਥ ਨਹੀਂ ਰਹੇ ਹਨ, ਉਨ੍ਹਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਖ਼ਰਚ ਵਜੋਂ ਵਜ਼ੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਮਦਦ ਇਨ੍ਹਾਂ ਬੱਚਿਆਂ ਦੇ ਮਾਪਿਆਂ ਦੇ ਆਰਥਿਕ ਪੱਖੋਂ ਸਮਰੱਥ ਹੋਣ ਤੱਕ ਜਾਰੀ ਰਹੇਗੀ।

ਸ਼੍ਰੋਮਣੀ ਕਮੇਟੀ ਦੀ 15 ਮੈਂਬਰੀ ਟੀਮ ਕੱਲ੍ਹ ਸ੍ਰੀਨਗਰ ਰਵਾਨਾ ਹੋਈ ਸੀ, ਜਿਥੇ ਉਨ੍ਹਾਂ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਟੀਮ ਦੀ ਅਗਵਾਈ ਕਰ ਰਹੇ ਸੁਖਦੇਵ ਸਿੰਘ ਭੌਰ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਾਲਾਤ ਅਜੇ ਵੀ ਖ਼ਰਾਬ ਹਨ। ਹੜ੍ਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਇਹ ਸਮੱਸਿਆ ਹੋਰ ਗੰਭੀਰ ਹੋ ਰਹੀ ਹੈ।

ਸ਼੍ਰੋਮਣੀ ਕਮੇਟੀ ਦੀ ਟੀਮ ਦੇ ਮੈਂਬਰਾਂ ਮੁਤਾਬਕ ਸ੍ਰੀਨਗਰ ਵਿੱਚ ਲਗਭਗ ਚਾਰ ਹਜ਼ਾਰ ਸਿੱਖ ਪਰਿਵਾਰ ਰਹਿ ਰਹੇ ਹਨ, ਜਿਨ੍ਹਾਂ ਵਿੱਚੋਂ ਇਕ ਹਜ਼ਾਰ ਸਿੱਖ ਪਰਿਵਾਰ ਵਧੇਰੇ ਪ੍ਰਭਾਵਿਤ ਹੋਏ ਹਨ। ਇਨ੍ਹਾਂ ਸਿੱਖ ਪਰਿਵਾਰਾਂ ਦੇ ਕਾਰੋਬਾਰ ਅਤੇ ਘਰ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਗਏ ਹਨ।

ਉਨ੍ਹਾਂ ਦੱਸਿਆ ਕਿ ਦੌਰੇ ਦੌਰਾਨ ਫੌਜ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੜ੍ਹ ਪੀੜਤਾਂ ਵਾਸਤੇ ਅਸਥਾਈ ਸ਼ੈੱਡ ਬਣਾਉਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਅਸਥਾਈ ਰਿਹਾਇਸ਼ ਵਾਸਤੇ ਕੋਈ ਪ੍ਰਬੰਧ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਅਸਥਾਈ ਸ਼ੈੱਡ ਉਸਾਰਨ ਲਈ ਯਤਨ ਕਰੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version