ਚੰਡੀਗੜ: ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਿਖਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਵੱਲੋਂ ਅੱਜ ਪੰਜਾਬ ਦੇ ਗਵਰਨਰ ਨੂੰ ਲਿਖੇ ਗਏ ਪੱਤਰ ਵਿਚ ਦੱਸਿਆ ਕਿ ਸੰਵਿਧਾਨ ਵਿਚ 22 ਖੇਤਰੀ ਭਾਸ਼ਾਵਾਂ ਨੂੰ ਮਾਨਤਾ ਪ੍ਰਾਪਤ ਹੈ ਜਿਸ ਵਿਚ ਪੰਜਾਬੀ ਵੀ ਸ਼ਾਮਲ ਹੈ। ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਵਜੋਂ ਲਾਗੂ ਨਾ ਕਰਨਾ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਬਿਨਾਂ ਭਾਰਤ ਦੇ ਕਿਸੇ ਵੀ ਸੂਬੇ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਵਿਚ ਅੰਗਰੇਜ਼ੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਹਾਸਲ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ ਲਗਭਗ 13 ਲੱਖ ਲੋਕ ਵੱਸਦੇ ਹਨ, ਜਿਨ੍ਹਾਂ ਵਿਚੋਂ ਕਿਸੇ ਦੀ ਵੀ ਮਾਂ ਬੋਲੀ ਅੰਗਰੇਜ਼ੀ ਨਹੀਂ ਹੈ, ਫਿਰ ਇਥੇ ਅੰਗਰੇਜ਼ੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣਾ ਕਿੰਨਾ ਕੁ ਉਚਿਤ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀਆਂ ਸੜਕਾਂ ਉਪਰ ਲੱਗੇ ਸਾਈਨ ਬੋਰਡਾਂ ਵਿਚ ਕਿਤੇ ਵੀ ਪੰਜਾਬੀ ਮਾਂ ਬੋਲੀ ਦੀ ਝਲਕ ਵਿਖਾਈ ਨਹੀਂ ਦਿੰਦੀ। ਪਰ ਅੱਜ ਪ੍ਰਸ਼ਾਸਨ ਦੀ ਬੇਰੁਖੀ ਕਾਰਨ ਸਾਈਨ ਬੋਰਡ ਸਿਰਫ ਅੰਗਰੇਜ਼ੀ ਭਾਸ਼ਾ ਤਕ ਹੀ ਸਿਮਟ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਨੂੰ ਚੰਡੀਗੜ੍ਹ ਵਿਚ ਹਿੰਦੀ ਜਾਂ ਅੰਗਰੇਜ਼ੀ ਵਿਚ ਹੀ ਦਸਤਖਤ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ। ਪੰਜਾਬ ਦੀ ਆਪਣੀ ਰਾਜਧਾਨੀ ਵਿਚ ਹੀ ਪੰਜਾਬੀ ਭਾਸ਼ਾ ਨਾਲ ਕੀਤਾ ਜਾਂਦਾ ਇਹ ਵਿਤਕਰਾ ਨਿਰਾਸ਼ਾਜਨਕ ਹੈ।
ਉਨ੍ਹਾਂ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਵਿਚ ਪੰਜਾਬੀ ਮਾਂ ਬੋਲੀ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਤਰੁੰਤ ਬੰਦ ਕਰਕੇ ਸਾਰੇ ਦਫਤਰਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਦਿਆਂ ਪੰਜਾਬੀ ਵਿਚ ਹੀ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ।
ਜਾਰੀ ਪੱਤਰ ਵਿਚ ਪ੍ਰੋ: ਬਡੂੰਗਰ ਨੇ ਪੰਜਾਬ ਦੇ ਗਵਰਨਰ ਦੇ ਧਿਆਨ ਵਿਚ ਲਿਆਂਦਾ ਕਿ ਇਸ ਤੋਂ ਪਹਿਲਾਂ ਵੀ ਮਾਰਚ 2017 ਨੂੰ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਤੇ ਪ੍ਰਸ਼ਾਸ਼ਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਪੱਤਰ ਲਿਿਖਆ ਗਿਆ ਸੀ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬੀ ਵੱਸੋਂ ਵਾਲੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ ਅਤੇ ਚੰਡੀਗੜ੍ਹ ਦਾ ਆਲਾ-ਦੁਆਲਾ ਪੰਜਾਬੀ ਬੋਲਣ, ਪੰਜਾਬੀ ਸੁਣਨ ਅਤੇ ਪੰਜਾਬੀ ਸਮਝਣ ਵਾਲਾ ਹੈ। ਜਿਸ ਲਈ ਜਲਦ ਤੋਂ ਜਲਦ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਮਾਣ ਸਤਿਕਾਰ ਦਿੰਦਿਆਂ ਸਾਰੇ ਦਫਤਰਾਂ ਵਿਚ ਅਤੇ ਚੰਡੀਗੜ੍ਹ ਵਿਚਲੇ ਸਾਈਨ ਬੋਰਡਾਂ ਉਪਰ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇ।