November 1, 2014 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ ( 1ਨਵੰਬਰ, 2014): ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ ਹੋਇਆ ਹੈ।ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਬੰਦ ਦੇ ਸੱਦੇ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਨੇ ਕਈ ਸਿੱਖ ਆਗੂਆਂ ਅਤੇ ਸਿੱਖ ਕਲਤੇਆਮ ਦੇ ਪੀੜਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੂਤਰਾਂ ਨੇ “ਸਿੱਖ ਸਿਆਸਤ” ਨੂੰ ਦੱਸਿਆ ਕਿ ਇਕੱਲੇ ਅੰਮ੍ਰਿਤਸਰ ਤੋਂ ਹੀ ਹੁਣ ਤੱਕ 60 ਦੇ ਕਰੀਬ ਸਿੱਖਾਂ ਨੂੰ ਗਿਰਫਤਾਰ ਕਰ ਲਿਆ ਗਿਆ ਹੈ।
ਅੰਮ੍ਰਿਤਸਰ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਨਵੰਬਰ 1984 ਦੇ ਕਤਲੇਆਮ ਦੀ ਪੀੜਤ ਅਤੇ ਜਗਦੀਸ਼ ਟਾਇਟਲਰ ਖਿਲਾਫ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੂੰ ਉਦੋਂ ਗ੍ਰਿਫਤਾਰ ਕਰ ਲਿਆ, ਜਦ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਵੱਲ ਰੇਲ ਲਾਈਨ ‘ਤੇ ਧਰਨਾ ਦੇਣ ਜਾ ਰਹੇ ਸਨ।
ਇੱਥੇ ਇਹ ਵਰਨਣਯੋਗ ਹੈ ਕਿ ਕੱਟੜ ਹਿੰਦੂਤਵ ਆਗੂ ਵਜੋਂ ਜਾਣੀ ਜਾਂਦੀ ਬਾਜਪਾ ਲੀਡਰ ਲਕਸ਼ਮੀ ਕਾਂਤਾ ਚਾਵਲਾ ਨੇ ਬਾਦਲ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਪੰਜਾਬ ਸਰਕਾਰ ਇਸ ਪੰਜਾਬ ਬੰਦ ਦੇ ਸੱਦੇ ਦੌਰਾਨ ਸੜਕਾਂ ਅਤੇ ਰੇਲਵੇ ਲਾਈਨਾਂ ਤੇ ਕਿਸੇ ਨੂੰ ਵੀ ਕੋਈ ਗੜਬੜ ਕਰਨ ਦੀ ਇਜ਼ਾਜਤ ਨਾ ਦੇਵੇ।
ਸਿੱਖ ਕਤਲੇਆਮ ਦੀ 30ਵੀਂ ਵਰੇਗੰਢ ਮੌਕੇ “ਪੰਜਾਬ ਬੰਦ” ਦਾ ਸੱਦਾ ਸਿੱਖ ਸਟੁਡੈਂਟਸ ਫੈਡਰੇਸ਼ਨ ਅਤੇ ਸਿੱਖ ਕਤਲੇਆਮ ਦੇ ਪੀੜਤਾਂ ਵੱਲੋਂ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਦਿੱਤਾ ਗਿਆ ਸੀ।
ਪੰਜਾਬ ਬੰਦ ਦਾ ਸੱਦਾ ਦੇਣ ਵਾਲੀਆਂ ਜੱਥੇਬੰਦੀਆਂ ਨੇ ਪੰਜਾਬ ਦੇ ਹਰ ਵਰਗ ਨੂੰ ਸੱਦਾ ਦਿੱਤਾ ਸੀ ਕਿ ਉਹ ਕਤਲੇਆਮ ਦੇ ਪੀੜਤਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਪੰਜਾਬ ਬੰਦ ਨੂੰ ਸਫਲ ਬਣਾਉਣ।
Related Topics: All India Sikh Students Federation (AISSF), Bibi Jagdish Kaur, Karnail Singh Peer Mohammad, Punjab Bandh