ਅੰਮ੍ਰਿਤਸਰ: ਵਿਦੇਸ਼ਾਂ ਵਿੱਚ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਦੇ ਮਾਮਲਿਆਂ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਸਮੂਹ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਨਸਲੀ ਹਮਲੇ ਅਤੇ ਗ਼ਲਤ ਪਛਾਣ ਕਾਰਨ ਹੁੰਦੇ ਹਮਲੇ ਆਦਿ ਨੂੰ ਰੋਕਣ ਸਬੰਧੀ ਵਿਚਾਰ ਮੰਗੇ ਗਏ ਸਨ।
ਸ਼੍ਰੋਮਣੀ ਕਮੇਟੀ ਨੇ ਮੀਟਿੰਗ ਵਿੱਚ ਸ਼ਾਮਲ ਸਮੂਹ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੇ ਸੁਝਾਵਾਂ ਨੂੰ ਰਿਕਾਰਡ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਛੇਤੀ ਹੀ ਇੱਕ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ। ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਇਸ ਮਾਮਲੇ ਵਿੱਚ ਕਾਰਵਾਈ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
ਵਿਦੇਸ਼ਾਂ ਵਿੱਚ ਸਿੱਖ ‘ਤੇ ਹੋ ਰਹੇ ਨਸਲੀ ਹਮਲਿਆਂ ਦੀ ਰੋਕਥਾਮ ਬਾਰੇ ਸ਼੍ਰੌਮਣੀ ਕਮੇਟੀ ਅੰਮ੍ਰਿਤਸਰ ਦੀ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਵੱਖ-ਵੱਖ ਦੇਸ਼ਾਂ ਵਿੱਚ ਤਾਇਨਾਤ ਭਾਰਤੀ ਸਫ਼ੀਰਾਂ ’ਤੇ ਦੋਸ਼ ਲਾਇਆ ਕਿ ਉਹ ਸਿੱਖਾਂ ’ਤੇ ਹੋ ਰਹੇ ਨਸਲੀ ਹਮਲੇ ਰੋਕਣ ਸਬੰਧੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਅ ਰਹੇ।
ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰੇ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਭਾਰਤੀ ਸੰਵਿਧਾਨ ਦੀ ਧਾਰਾ 25-ਬੀ ਵਿੱਚ ਸੋਧ ਕਰਨ ਦੀ ਵੀ ਮੰਗ ਕੀਤੀ ਗਈ ਤਾਂ ਜੋ ਸਿੱਖ ਧਰਮ ਨੂੰ ਸੰਵਿਧਾਨਕ ਤੌਰ ’ਤੇ ਵੱਖਰਾ ਧਰਮ ਮੰਨਿਆ ਜਾ ਸਕੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵਿਦਿਅਕ ਸੰਸਥਾਵਾਂ ਤੋਂ ਆਏ ਨੁਮਾਇੰਦਿਆਂ ਡਾ. ਬਲਵੰਤ ਸਿੰਘ ਢਿੱਲੋਂ, ਡਾ. ਸਰਬਜਿੰਦਰ ਸਿੰਘ, ਡਾ. ਧਰਮਿੰਦਰ ਸਿੰਘ, ਰਘਬੀਰ ਸਿੰਘ ਇੰਗਲੈਂਡ, ਪ੍ਰਿੰਸੀਪਲ ਅਮਰਜੀਤ ਸਿੰਘ ਤੇ ਹੋਰਨਾਂ ਨੇ ਆਖਿਆ ਕਿ ਵਿਦੇਸ਼ਾਂ ਵਿੱਚ ਅਜੇ ਵੀ ਸਿੱਖਾਂ ਨੂੰ ਮੁਸਲਮਾਨ ਸਮਝਿਆ ਜਾ ਰਿਹਾ ਹੈ, ਜਿਸ ਦਾ ਕਾਰਨ ਜਾਗਰੂਕਤਾ ਦੀ ਘਾਟ ਹੈ।
ਉਨ੍ਹਾਂ ਆਖਿਆ ਕਿ ਸਿੱਖ ਧਰਮ ਬਾਰੇ ਜਾਗਰੂਕਤ ਕਰਨ ਵਾਸਤੇ ਵੱਖ-ਵੱਖ ਦੇਸ਼ਾਂ ਦੀਆਂ ਭਾਸ਼ਾਵਾਂ ਵਿੱਚ ਸਿੱਖ ਧਰਮ ਦਾ ਸਾਹਿਤ ਛਾਪਿਆ ਜਾਵੇ ਅਤੇ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਇਸ ਦਾ ਪ੍ਰਚਾਰ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਅਜਿਹੇ ਪ੍ਰਚਾਰਕ ਭਰਤੀ ਕਰੇ, ਜੋ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਰੱਖਦੇ ਹੋਣ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਆਖਿਆ ਕਿ ਮੀਟਿੰਗ ਵਿੱਚ ਸ਼ਾਮਲ ਸਮੂਹ ਵਿਦਵਾਨਾਂ ਦੇ ਵਿਚਾਰ ਰਿਕਾਰਡ ਕਰ ਲਏ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਦੇਸ਼ਾਂ ਵਿੱਚ ਬੈਠੇ ਭਾਰਤੀ ਸਫ਼ੀਰ ਸਿੱਖਾਂ ’ਤੇ ਹੋ ਰਹੇ ਹਮਲਿਆਂ ਸਬੰਧੀ ਢੁੱਕਵੀਂ ਕਾਰਵਾਈ ਕਰਨ ਵਿੱਚ ਅਸਫ਼ਲ ਰਹੇ ਹਨ।