ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਕੈਪਟਨ ਸਰਕਾਰ ਵਿਚ 9 ਮੰਤਰੀਆਂ ਦੇ ਵਾਧੇ ‘ਤੇ ਲੱਗੀ ਰਾਹੁਲ ਦੀ ਮੋਹਰ, ਮੰਤਰੀ ਨਾ ਬਣਾਉਣ ‘ਤੇ ਗਿਲਜ਼ੀਆਂ ਦਾ ਅਸਤੀਫਾ

April 21, 2018 | By

ਚੰਡੀਗੜ੍ਹ: ਪੰਜਾਬ ’ਚ ਅੱਜ ਕੈਪਟਨ ਅਮਰਿੰਦਰ ਸਿੰਘ ਵਜ਼ਾਰਤ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਕੈਪਟਨ ਵਜ਼ਾਰਤ ’ਚ ਨੌਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ ਜਿਨ੍ਹਾਂ ’ਚ ਸੁਖਜਿੰਦਰ ਸਿੰਘ ਰੰਧਾਵਾ, ਸੁੱਖ ਸਰਕਾਰੀਆ, ਓ ਪੀ ਸੋਨੀ, ਬਲਬੀਰ ਸਿੰਘ ਸਿੱਧੂ, ਵਿਜੇਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਨ ਆਸ਼ੂ ਅਤੇ ਸ਼ਿਆਮ ਸੁੰਦਰ ਅਰੋੜਾ ਦੇ ਨਾਮ ਸ਼ਾਮਲ ਹਨ। ਉਨ੍ਹਾਂ ਨੂੰ ਅੱਜ ਸ਼ਾਮ ਛੇ ਵਜੇ ਰਾਜਪਾਲ ਵੀ ਪੀ ਸਿੰਘ ਬਦਨੌਰ ਸਹੁੰ ਚੁਕਾਉਣਗੇ। ਨਵੇਂ ਬਣਾਏ ਜਾ ਰਹੇ ਮੰਤਰੀਆਂ ਨੂੰ ਅੱਜ ਹੀ ਮਹਿਕਮੇ ਦਿੱਤੇ ਜਾਣ ਦੀ ਉਮੀਦ ਹੈ। ਇਸ ਨਾਲ ਹੋਰ ਕਿਸੇ ਨੂੰ ਮੰਤਰੀ ਬਣਾਉਣ ਦੀ ਗੁੰਜਾਇਸ਼ ਨਹੀਂ ਰਹਿ ਜਾਵੇਗੀ। ਨਵੇਂ ਕਾਨੂੰਨ ਮੁਤਾਬਕ 15 ਫ਼ੀਸਦੀ ਤੋਂ ਵਧ ਮੰਤਰੀ ਬਣਾਏ ਨਹੀਂ ਜਾ ਸਕਦੇ।

ਨਵੇਂ ਬਣਾਏ ਜਾ ਰਹੇ 9 ਮੰਤਰੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਸਹਾਇਕ ਇੰਚਾਰਜ ਹਰੀਸ਼ ਚੌਧਰੀ ਨਾਲ ਦੋ ਦਿਨਾਂ ਤਕ ਵਿਚਾਰ ਵਟਾਂਦਰੇ ਮਗਰੋਂ ਵਜ਼ਾਰਤ ਵਿੱਚ ਵਾਧੇ ’ਤੇ ਮੋਹਰ ਲਗਾ ਦਿੱਤੀ। ਸਾਰੇ ਨੌਂ ਆਗੂ ਪਹਿਲੀ ਵਾਰ ਵਜ਼ਾਰਤ ਵਿੱਚ ਸ਼ਾਮਲ ਕੀਤੇ ਜਾ ਰਹੇ ਹਨ। ਉਂਝ ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਪਿਛਲੀ ਕੈਪਟਨ ਵਜ਼ਾਰਤ ਵਿੱਚ ਮੁੱਖ ਪਾਰਲੀਮਾਨੀ ਸਕੱਤਰ ਰਹਿ ਚੁੱਕੇ ਹਨ। ਵਜ਼ਾਰਤ ਵਿੱਚ ਵਾਧਾ ਕਰਨ ਲਈ ਖੇਤਰੀ ਸਤੁੰਲਨ ਕਾਇਮ ਰੱਖਣ ਦਾ ਯਤਨ ਕੀਤਾ ਗਿਆ ਹੈ ਪਰ ਕੁਝ ਚਰਚਿਤ ਚਿਹਰਿਆਂ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ, ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨੰਬਰ ਨਹੀਂ ਲੱਗ ਸਕਿਆ। ਅਨੁਸੂਚਿਤ ਜਾਤਾਂ ਨੂੰ ਕੋਈ ਨੁਮਾਇੰਦਗੀ ਨਹੀਂ ਮਿਲ ਸਕੀ ਹੈ ਅਤੇ ਸੂਬੇ ਦੀ ਆਬਾਦੀ ਦੇ ਹਿਸਾਬ ਨਾਲ ਇਹ ਪੈਂਤੜਾ ਕਾਂਗਰਸ ਸਰਕਾਰ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਸਕਦਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜਿਹੜੇ ਵਿਧਾਇਕ ਵਜ਼ਾਰਤ ਤੋਂ ਬਾਹਰ ਰਹਿ ਗਏ ਹਨ, ਉਨ੍ਹਾਂ ਨੂੰ ਵੀ ਮੰਤਰੀਆਂ ਦੇ ਬਰਾਬਰ ਹੀ ਨੁਮਾਇੰਦਗੀ ਦੇਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਖੇਤਰਾਂ ਨੂੰ ਨੁਮਾਇੰਦਗੀ ਦੇ ਕੇ ਵਜ਼ਾਰਤ ਵਿੱਚ ਸੰਤੁਲਨ ਬਣਾਉਣ ਦਾ ਯਤਨ ਕੀਤਾ ਗਿਆ ਹੈ।

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਬੈਠਕ ਕਰਕੇ ਵਜ਼ਾਰਤ ’ਚ ਸ਼ਾਮਲ ਕੀਤੇ ਜਾਣ ਵਾਲੇ ਵਿਧਾਇਕਾਂ ਦੇ ਨਾਮ ਤੈਅ ਕੀਤੇ ਜਾਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਵੇਂ ਮੰਤਰੀਆਂ ਦੀ ਚੋਣ ਵਿੱਚ ਸੀਨੀਆਰਤਾ ਨੂੰ ਮੁੱਖ ਆਧਾਰ ਬਣਾਇਆ ਗਿਆ ਹੈ। ਕੈਪਟਨ ਨੇ ਕਿਹਾ ਕਿ ਕੈਬਨਿਟ ਦੇ ਵਿਸਥਾਰ ਨਾਲ ਸਰਕਾਰ ਵਿੱਚ ਹੋਰ ਵਧੇਰੇ ਗਤੀਸ਼ੀਲਤਾ ਆਵੇਗੀ ਕਿਉਂਕਿ ਇਸ ਨਾਲ ਸੂਬੇ ਦੇ 40 ਵਿਭਾਗਾਂ ਦਾ ਕੰਮਕਾਜ ਉਨ੍ਹਾਂ ਸਮੇਤ 18 ਮੰਤਰੀਆਂ ਵਿੱਚ ਵੰਡਿਆ ਜਾਵੇਗਾ। ਜਾਣਕਾਰੀ ਅਨੁਸਾਰ ਰਾਜ ਮੰਤਰੀ ਰਜ਼ੀਆ ਸੁਲਤਾਨਾ ਅਤੇ ਅਰੁਣਾ ਚੌਧਰੀ ਨੂੰ ਵੀ ਕੈਬਨਿਟ ਰੈਂਕ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਉਹ ਦੋਵੇਂ ਵੀ ਭਲਕੇ ਨਵੇਂ ਸਿਰਿਓਂ ਹਲਫ਼ ਲੈਣਗੇ।

ਮੰਤਰੀ ਮੰਡਲ ਵਿੱਚ ਥਾਂ ਨਾ ਮਿਲਣ ਤੋਂ ਰੁੱਸੇ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ
ਕੈਪਟਨ ਵਜ਼ਾਰਤ ਵਿੱਚ ਸ਼ਾਮਲ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਕਾਂਗਰਸ ਦੇ ਸੀਨੀਅਰ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੱਛੜੀਆਂ ਜਾਤਾਂ ਦੀ 27 ਫ਼ੀਸਦੀ ਵਸੋਂ ਹੈ ਪਰ ਸਬੰਧਤ ਵਿਧਾਇਕ ਨੂੰ ਵਜ਼ਾਰਤ ਵਿੱਚ ਸ਼ਾਮਲ ਨਹੀਂ ਕੀਤਾ ਜਾ ਰਿਹਾ। ਇਸ ਵਾਰ ਵਜ਼ਾਰਤ ਵਿੱਚ ਵਾਧੇ ਸਮੇਂ ਚਾਰ ਜੱਟ, ਚਾਰ ਘੱਟ ਗਿਣਤੀਆਂ ਨਾਲ ਸਬੰਧਤ ਅਤੇ ਇਕ ਗੈਰ ਜੱਟ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਪਹਿਲਾਂ ਵਜ਼ਾਰਤ ਵਿੱਚ ਮੁੱਖ ਮੰਤਰੀ ਸਮੇਤ ਚਾਰ ਜੱਟ ਮੰਤਰੀ ਹਨ ਅਤੇ ਹੁਣ ਜੱਟ ਮੰਤਰੀਆਂ ਦੀ ਗਿਣਤੀ ਵਧ ਕੇ ਅੱਠ ਹੋ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,