Site icon Sikh Siyasat News

ਰਣਜੀਤ ਸਿੰਘ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਦਿੱਤੀ ਮੁਕੰਮਲ ਜਾਂਚ ਰਿਪੋਰਟ; ਵਿਧਾਨ ਸਭਾ ਦਾ 4 ਦਿਨਾ ਇਜਲਾਸ 24 ਤੋਂ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਲੇਖਾ ਕੈਪਟਨ ਅਮਰਿੰਦਰ ਸਿੰਘ ਨੂੰ ਸੌਪਦੇ ਹੋਏ।

ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਦੂਜਾ ਅਤੇ ਆਖਰੀ ਭਾਗ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਇਸ ਰਿਪੋਰਟ ਦੇ ਅਧਾਰ ‘ਤੇ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਗੌਰਤਲਬ ਹੈ ਕਿ ਜੱਜ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਸੀ। ਪਹਿਲੇ ਭਾਗ ਵਿਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਪਿੰਡਾਂ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਦੇ ਵੇਰਵੇ ਸਨ।

ਸਰਕਾਰੀ ਬੁਲਾਰੇ ਦੇ ਦੱਸਣ ਮੁਤਾਬਕ ਅੱਜ ਜਮ੍ਹਾ ਕਰਾਈ ਗਈ ਰਿਪੋਰਟ ਦੇ ਤਿੰਨ ਭਾਗ ਹਨ। ਦੂਜਾ ਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹੇ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਿਤ ਹਨ ਜਦਕਿ ਤੀਜੇ ਭਾਗ ਵਿਚ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਨਾਲ ਸਬੰਧਿਤ ਘਟਨਾਵਾਂ ਦੀ ਜਾਂਚ ਦੇ ਵੇਰਵੇ ਸ਼ਾਮਿਲ ਹਨ। ਚੌਥੇ ਭਾਗ ਵਿਚ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸੰਗਰੂਰ, ਮੁਕਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਘਟਨਾਵਾਂ ਦੇ ਜਾਂਚ ਵੇਰਵੇ ਦਰਜ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਇਹ ਪੂਰੀ ਜਾਂਚ ਰਿਪੋਰਟ, ਕਾਰਵਾਈ ਰਿਪੋਰਟ ਸਮੇਤ ਪੰਜਾਬ ਵਿਧਾਨ ਸਭਾ ਦੇ ਅਗਲੇ ਇਜਲਾਸ ਵਿਚ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਮੰਤਰੀ ਮੰਡਲ ਨੇ ਅੱਜ ਫੈਂਸਲਾ ਕਰਦਿਆਂ ਪੰਜਾਬ ਵਿਧਾਨ ਸਭਾ ਦਾ 4 ਦਿਨਾ ਇਜਲਾਸ 24 ਅਗਸਤ ਤੋਂ 28 ਅਗਸਤ ਤਕ ਬੁਲਾਉਣ ਦਾ ਐਲਾਨ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version