ਅੰਮਿ੍ਤਸਰ (13 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਕੀਤੀ ਬੇਅਦਬੀ ਦੇ ਵਿਰੋਧ ਵਿੱਚ ਰੋਸ ਵਜੋਂ ਸੰਤ ਸਮਾਜ ਨੇ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦਿਆਂ 15 ਅਕਤੂਬਰ ਨੂੰ ਮਾਲਵਾ ਖੇਤਰ ਦੇ 7 ਜ਼ਿਲਿ੍ਹਆਂ ਨੂੰ ਬੰਦ ਰੱਖਣ ਦਾ ਸੱਦਾ ਦਿੱਤਾ ਹੈ ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਨਿਰਾਦਰ ਕਰਨ ਦੀ ਘਟਨਾ ਖਿਲਾਫ਼ ਸਿੱਖ ਸੰਗਤ ਵਿੱਚ ਬੇਤਹਾਸ਼ਾ ਗੁੱਸੇ ਦੀ ਲਹਿਰ ਹੈ ਅਤੇ ਸਿੱਖ ਕੌਮ ਦੇ ਮੁੱਖ ਪ੍ਰਚਾਰਕਾਂ ਦੀ ਅਗਵਾਈ ਵਿੱਚ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਇਸ ਅਤਿ ਮੰਦਭਾਗੀ ਘਟਨਾ ਅਤੇ ਸਰਕਾਰ ਖਿਲਾਫ ਧਰਨਾ ਦੇ ਕੇ ਰੋਸ ਜ਼ਾਹਿਰ ਕੀਤਾ।
ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਕਿਹਾ ਕਿ ਸਿੱਖ ਮੁੱਦਿਆਂ ਪ੍ਰਤੀ ਸਰਕਾਰ ਦੀ ਨੀਯਤ ਸਾਫ ਨਹੀਂ ਨਜ਼ਰ ਆ ਰਹੀ ਅਤੇ ਪ੍ਰਸ਼ਾਸਨ ਦੋਸ਼ੀਆਂ ਨੂੰ ਕਾਬੂ ਕਰਨ ਦੀ ਜਗ੍ਹਾ ਰੋਸ ਜਿਤਾ ਰਹੇ ਸਿੱਖਾਂ ‘ਤੇ ਹੀ ਆਪਣਾ ਜ਼ੋਰ ਦਿਖਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਮੋਗਾ, ਮੁਕਤਸਰ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲਿ੍ਹਆਂ ‘ਚ 15 ਅਕਤੂਬਰ ਨੂੰ ਆਪੋ ਆਪਣੇ ਕਾਰੋਬਾਰ ਅਤੇ ਵਪਾਰਕ ਅਦਾਰੇ ਬੰਦ ਰੱਖਣ ਲਈ ਸੰਗਤ ਨੂੰ ਅਪੀਲ ਕੀਤੀ ਗਈ ਹੈ ।
ਇਸ ਦੌਰਾਨ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ ਹੈ । ਉਨ੍ਹਾਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਭਾਵਨਾਵਾਂ ਨਾਲ ਖਿਲਵਾੜ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ ।