ਅੰਮ੍ਰਿਤਸਰ: ਆਪਣਾ ਹਲਕਾ ਛੱਡ ਕੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਹਲਕੇ ‘ਚ ਚੋਣ ਪ੍ਰਚਾਰ ਕਰ ਰਹੇ ਬਾਦਲ ਦਲ ਆਗੂ ਤੇ ਅੰਮ੍ਰਿਤਸਰ ਨਗਰ ਨਿਗਮ ਦੇ ਡਿਪਟੀ ਮੇਅਰ ਅਵਿਨਾਸ਼ ਜੌਲੀ ਖਿਲਾਫ਼ ਚੋਣ ਜਾਬਤੇ ਦੀ ਉਲਘੰਣਾ ਕਰਨ ਦੇ ਦੋਸ਼ਾਂ ਦਾ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਉਹ ਹਲਕੇ ‘ਚ ਮਜੀਠੀਆ ਨੂੰ ਵੋਟਾਂ ਪਾਉਣ ਲਈ ਪੈਸੇ ਵੰਡ ਰਿਹਾ ਸੀ।
ਮੀਡੀਆ ਦੀਆਂ ਖ਼ਬਰਾਂ ਅਨੁਸਾਰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਬਾਹਰੀ ਹਲਕਿਆਂ ਤੋਂ ਚੋਣ ਪ੍ਰਚਾਰ ਲਈ ਆਏ ਆਗੂਆਂ ਤੇ ਵਰਕਰਾਂ ਨੂੰ ਹਲਕਾ ਛੱਡਣ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਇਸ ਦੇ ਬਾਵਜੂਦ ਅਵਿਨਾਸ਼ ਜੌਲੀ ਮਜੀਠਾ ਹਲਕੇ ਦੇ ਸ਼ਹਿਰ ਮਜੀਠਾ ਵਿਖੇ ਚੋਣ ਪ੍ਰਚਾਰ ਕਰ ਰਿਹਾ ਸੀ। ਜਦੋਂ ਇਸ ਦਾ ਪਤਾ ਕਾਂਗਰਸੀ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੂੰ ਲੱਗਾ ਤਾਂ ਉਨ੍ਹਾਂ ਵੱਲੋਂ ਇਸ ਦੀ ਸ਼ਿਕਾਇਤ ਤੁਰੰਤ ਚੋਣ ਅਧਿਕਾਰੀਆਂ ਨੂੰ ਕੀਤੀ ਗਈ।
ਥਾਣਾ ਮਜੀਠਾ ਦੇ ਮੁਖੀ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਖਿਲਾਫ਼ ਪੈਸੇ ਵੰਡੇ ਜਾਣ ਦੇ ਦੋਸ਼ ਸਾਬਤ ਨਹੀਂ ਹੋਏ, ਜਿਸ ਕਾਰਨ ਉਸ ਨੂੰ ਗਿ੍ਫਤਾਰ ਕੀਤੇ ਜਾਣ ਉਪਰੰਤ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਸ਼ਿਕਾਇਤ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਜੇ. ਏਲਨਚੈਜਿਅਨ ਨੇ ਦੱਸਿਆ ਕਿ ਇਸ ਸਬੰਧੀ ਮਜੀਠਾ ਵਿਖੇ ਧਾਰਾ 188 ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।