ਚੰਡੀਗੜ੍ਹ (24 ਜੂਨ 2014): ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਪ੍ਰਧਾਨਗੀ ਵਿੱਚ ਹਰਿਆਣਾ ਮੰਤਰੀ ਮੰਡਲ ਦੀ ਮੀਠਿੰਗ ਹੋਈ।ਮੰਤਰੀ ਮੰਡਲ ਦੀ ਅੱਜ ਦੀ ਮੀਟਿੰਗ ਦੇ ਏਜੰਡੇ ਵਿੱਚ ਵੱਖਰੀ
ਕਮੇਟੀ ਦੀ ਮਦ ਰੱਖੀ ਗਈ ਸੀ, ਹਰਿਆਣਾ ਮੰਤਰੀ ਮੰਡਲ ਵੱਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦ ’ਤੇ ਅੱਜ ਵਿਚਾਰ ਨਹੀਂ ਕੀਤਾ ਗਿਆ। ।
“ਪੰਜਾਬੀ ਟ੍ਰਿਬਿਊਨ” ਅਨੁਸਾਰ ਸਰਕਾਰ ਵੱਲੋਂ 6 ਜੁਲਾਈ ਨੂੰ ਕੈਥਲ ਵਿਖੇ ਰੱਖੇ ਮਹਾਂ ਸਿੱਖ ਸੰਮੇਲਨ ਦੌਰਾਨ ਵੱਖਰੀ ਕਮੇਟੀ ਦੀ ਮੰਗ ਮੰਨਣ ਦਾ ਐਲਾਨ ਕੀਤੇ ਜਾਣ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਵਿੱਤ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਦੀ ਅਗਵਾਈ ਹੇਠ ਕਾਇਮ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਕਾਨੂੰਨੀ ਸਲਾਹ ਲਈ ਜਾ ਚੁੱਕੀ ਹੈ। ਰਿਪੋਰਟ ਦੇ ਆਧਾਰ ’ਤੇ ਸੂਬੇ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਵੱਖਰੀ ਕਮੇਟੀ ਦੀ ਮਦ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਚਾਰ ਲਈ ਰੱਖੀ ਗਈ ਸੀ।
ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਹੈ ਅਤੇ ਸ੍ਰੀ ਹੁੱਡਾ ਵੱਖਰੀ ਕਮੇਟੀ ਦਾ ਐਲਾਨ ਕਰ ਕੇ ਅਗਲੀਆਂ ਚੋਣਾਂ ਲਈ ਸਿੱਖਾਂ ਦੀਆਂ ਵੋਟਾਂ ਪੱਕੀਆਂ ਕਰਨ ਦੀ ਤਾਕ ਵਿੱਚ ਹਨ। ਕਾਂਗਰਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੱਖਰੀ ਕਮੇਟੀ ਦੇ ਗਠਨ ਦਾ ਵਾਅਦਾ ਕੀਤਾ ਸੀ। ਵੱਖਰੀ ਕਮੇਟੀ ਦੀ ਮੰਗ ਲਈ ਸੰਘਰਸ਼ ਕਰ ਰਹੇ ਸਿੱਖ ਆਗੂ ਦੀਦਾਰ ਸਿੰਘ ਨਲਵੀ ਨੇ ਕਿਹਾ ਹੈ ਕਿ ਸਰਕਾਰ ਦਾ ਵੱਖਰੀ ਕਮੇਟੀ ਬਣਾਉਣ ਤੋਂ ਬਗ਼ੈਰ ਛੁਟਕਾਰਾ ਨਹੀਂ ਹੋ ਸਕਦਾ।