ਸਿੱਖ ਖਬਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲਿਖਿਆ ਪੱਤਰ

November 30, 2014 | By

ਆਨੰਦਪੁਰ ਸਾਹਿਬ (29 ਨਵੰਬਰ, 2014): ਭਾਰਤ ਦੀਆਂ ਜੇਲਾਂ ਵਿੱਚ ਲੰਮੇ ਸਮੇ ਤੋਂ ਆਪਣੀਆਂ ਸਜ਼ਾਵਾਂ ਪੁਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ ਅਤੇ ਦਿੱਲ਼ੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਭਾਰਤ ਦੇ ਕਾਨੂੰਨ ਮੰਤਰੀ ਨੂੰ ਪੱਤਰ ਲਿਖਕੇ ਜੇਲਾਂ ਵਿੱਚ ਸਜ਼ਾ ਪੂਰੀ ਕਰਨ ਤੋਂ ਬਾਅਦ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

Man Gk

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ

ਅੱਜ ਆਨੰਦਪੁਰ ਸਾਹਿਬ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਉਮੀਦ ਪ੍ਰਗਟਾਈ ਕਿ ਜਲਦੀ ਹੀ ਭਾਰਤ ਦੀ ਸਰਕਾਰ ਇਸ ਪਾਸੇ ਕੋਈ ਸਾਰਥਕ ਕਦਮ ਚੁੱਕੇਗੀ। ਇਸ ਮੌਕੇ ਉਨ੍ਹਾਂ ਨਾਲ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।

ਪ੍ਰਧਾਨ ਮੱਕੜ ਨੇ ਭਾਈ ਗੁਰਬਖਸ਼ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਭੁੱਖ ਹੜਤਾਲ ਦੇ ਸਬੰਧ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਬੇਸ਼ੱਕ ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਪਰ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਵੇਲੇ ਸਿੱਖ ਕੌਮ ਦੇ ਮਸਲਿਆਂ ਪ੍ਰਤੀ ਪੂਰੀ ਗੰਭੀਰ ਰਹਿੰਦੀ ਹੈ।

ਇਹੀ ਕਾਰਨ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਯੂਪੀਏ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਲ ਵੀ ਇਹ ਮਸਲਾ ਚੁੱਕਿਆ ਗਿਆ ਸੀ ਅਤੇ ਹੁਣ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਭੇਜ ਕੇ ਬੇਨਤੀ ਕੀਤੀ ਹੈ ਕਿ ਜੋ ਬੰਦੀ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਬਾਰਤ ਦੇ ਕਾਨੂੰਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਬਹੁਤ ਸਾਰੇ ਸਿੱਖ ਕੈਦੀ ਆਪਣੀ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਹਨ। ਇਨ੍ਹਾਂ ਸਿੱਖਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਦੇ ਵਿਆਹਾਂ ਅਤੇ ਮੌਤ ਹੋਣ ਜਾਣ ‘ਤੇ ਵੀ ਪੈਰੋਲ ਨਹੀਂ ਦਿੱਤੀ ਜਾਂਦੀ।

ਕਾਨੂੰਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਧਰਮਾਂ ਅਤੇ ਕੌਮਾਂ ਦੇ ਲੋਕਾਂ ਨੂੰ ਸਮੇਂ ਸਿਰ ਨਿਆਂ ਮਿਲਣਾ ਚਾਹੀਦਾ ਹੈ ਅਤੇ ਸਿੱਖਾਂ ਨਾਲ ਕੀਤਾ ਜਾ ਰਿਹਾ ਵਿਤਕਰਾ ਬੰਦ ਹੋਣਾਂ ਚਾਹੀਦਾ ਹੈ।

ਇੱਥੇ ਇਹ ਗੱਲ ਧਿਆਨਦੇਣ ਵਾਲੀ ਹੈ ਕਿ ਜੇਲਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਸਿੱਖ ਰਾਜਸੀ ਨਜ਼ਰਬੰਦ ਸ਼ਬਦ ਦੀ ਵਰਤੌਂ ਨਹੀਂ ਕੀਤੀ ਅਤੇ ਨਾਹੀ ਉਸਨੇ ਭਾਈ ਗੁਰਬਖਸ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਰੀ ਭੁੱਖ ਹੜਤਾਲ ਦਾ ਕੋਈ ਹਵਾਲਾ ਦਿੱਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,