August 19, 2017 | By ਸਿੱਖ ਸਿਆਸਤ ਬਿਊਰੋ
ਅਨੰਦਪੁਰ ਸਾਹਿਬ: ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਾਏ ਕੀਤੇ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ। ਇਹ ਫੈ਼ਸਲਾ ਸ਼ੁੱਕਰਵਾਰ (18 ਅਗਸਤ) ਨੂੰ ਗੁਰਦੁਆਰਾ ਭੱਠਾ ਸਾਹਿਬ, ਰੋਪੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ। ਗਿਆਨੀ ਫੂਲਾ ਸਿੰਘ ਪਹਿਲਾਂ ਵਾਂਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਜ਼ਿਕਰਯੋਗ ਹੈ ਕਿ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਬੁੱਧਵਾਰ ਨੂੰ ਗਿਆਨੀ ਫੂਲਾ ਸਿੰਘ ਨੂੰ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਸੀ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਤਖ਼ਤ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 6 ਫ਼ੀਸਦ ਮਹਿੰਗਾਈ ਭੱਤਾ ਦੇਣ ਦਾ ਫੈ਼ਸਲਾ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੋਦ ਚਿੱਲੜ ਕਾਂਡ ਨੂੰ ਸਾਹਮਣੇ ਲਿਆਉਣ ਵਾਲੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਪਤਨੀ ਰਮਨਜੀਤ ਕੌਰ ਨੂੰ ਉਸ ਦੀ ਵਿਦਿਅਕ ਯੋਗਤਾ ਮੁਤਾਬਕ ਸ਼੍ਰੋਮਣੀ ਕਮੇਟੀ ’ਚ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੀਆਂ ਤਿੰਨੇ ਪ੍ਰਿੰਟਿੰਗ/ਆਫਸੈਟ ਪ੍ਰੈੱਸਾਂ ਨੂੰ ਇਕੱਠੀਆਂ ਕਰਨ ਦਾ ਫੈਸਲਾ ਵੀ ਕੀਤਾ ਗਿਆ।
Related Topics: Giani Harpreet Singh, Giani Raghbir Singh, Manwinder Singh Giaspura, Shiromani Gurdwara Parbandhak Committee (SGPC), Takhat Sri Damadma Sahib, Takht Sri Keshgarh Sahib