Site icon Sikh Siyasat News

ਸਰਕਾਰਾਂ ਦੀ ਢਿੱਲ ਕਾਰਨ ਪੰਜਾਬ ਦਾ ਮਾਹੌਲ ਮੁੜ ਖ਼ਰਾਬ ਹੋ ਸਕਦੈ: ਅਵਤਾਰ ਸਿੰਘ ਮੱਕੜ

ਅੰਮ੍ਰਿਤਸਰ: ਭਗਤਾ ਭਾਈਕਾ ਵਿੱਚ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਅਤੇ ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲ ਤਖ਼ਤ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਤੇ ਪੁਲੀਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਪਾਵਨ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ਦਿਨੋ ਦਿਨ ਵਧ ਰਹੀਆਂ ਹਨ। ਸਰਕਾਰਾਂ ਅਤੇ ਪੁਲੀਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਜਦੋਂ ਵੀ ਅਜਿਹੀ ਘਟਨਾ ਵਾਪਰਦੀ ਹੈ ਤਾਂ ਪੁਲੀਸ ਦਾ ਇੱਕੋ ਬਿਆਨ ਹੁੰਦਾ ਹੈ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 295-ਏ ਦਾ ਪਰਚਾ ਦਰਜ ਕਰ ਦਿੱਤਾ ਗਿਆ ਹੈ। ਇਹ ਵਿਅਕਤੀ ਹਮੇਸ਼ਾ ਅਣਪਛਾਤੇ ਹੀ ਰਹਿ ਜਾਂਦੇ ਹਨ। ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਹੋ ਹਾਲ ਰਿਹਾ ਤਾਂ ਪੰਜਾਬ ਦਾ ਸ਼ਾਂਤ ਮਾਹੌਲ ਮੁੜ ਖ਼ਰਾਬ ਹੋ ਜਾਵੇਗਾ।

ਉਨ੍ਹਾਂ ਸ਼ੰਕਾ ਪ੍ਰਗਟਾਈ ਹੈ ਕਿ ਕੋਈ ਤਾਕਤ ਭਾਈਚਾਰਕ ਸਾਂਝ ਨੂੰ ਖ਼ਤਮ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਲਾਂਬੂ ਲਾਉਣਾ ਚਾਹੁੰਦੀ ਹੈ। ਜੇਕਰ ਅਜੇ ਵੀ ਸਰਕਾਰਾਂ ਸੁੱਤੀਆਂ ਰਹੀਆਂ ਤਾਂ ਭਵਿੱਖ ਵਿੱਚ ਇਸ ਤੋਂ ਨਿਕਲਣ ਵਾਲੇ ਨਤੀਜੇ ਬਹੁਤ ਭਿਆਨਕ ਹੋਣਗੇ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਨਾਜ਼ੁਕ ਦੌਰ ਵਿੱਚ ਸਮਝਦਾਰੀ ਤੋਂ ਕੰਮ ਲੈਣ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ।

ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਗੁਰਬਾਣੀ ’ਤੇ ਅਸ਼ਲੀਲ ਸ਼ਬਦ ਲਿਖਣ ਨਾਲ ਘੋਰ ਬੇਅਦਬੀ ਹੋਈ ਹੈ ਤੇ ਇਸ ਨਾਲ ਸਿੱਖ ਹਿਰਦਿਆਂ ਨੂੰ ਠੇਸ ਪੁੱਜੀ ਹੈ। ਇਹ ਅਧਰਮੀ ਲੋਕਾਂ ਦਾ ਕੰਮ ਹੈ, ਜੋ ਧਰਮਾਂ ਵਿੱਚ ਬਖੇੜਾ ਪਾਉਣਾ ਤੇ ਲੜਾਉਣਾ ਚਾਹੁੰਦੇ ਹਨ। ਉਨ੍ਹਾਂ ਮਲੇਰਕੋਟਲਾ ਘਟਨਾ ਦਾ ਜ਼ਿਕਰ ਕਰਦਿਆਂ ਆਖਿਆ ਕਿ ਇਸ ਵੇਲੇ ਦੁਸ਼ਮਣ ਦੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਅਫਸੋਸ ਪ੍ਰਗਟ ਕਰਦਿਆਂ ਆਖਿਆ ਕਿ ਸਿੱਖ ਸੰਗਤ ਨੂੰ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰਿਆਂ ਅਤੇ ਪੱਕੇ ਸੇਵਾਦਾਰ ਰੱਖਣ ਦੀ ਹਦਾਇਤ ਕੀਤੀ ਹੈ ਪਰ ਇਸ ’ਤੇ ਅਮਲ ਨਹੀਂ ਹੋਇਆ। ਸੰਗਤ ਦੇ ਅਵੇਸਲੇਪਣ ਕਾਰਨ ਇਹ ਘਟਨਾਵਾਂ ਵਾਪਰੀਆਂ ਹਨ।

ਪੰਥਕ ਤਾਲਮੇਲ ਸੰਗਠਨ ਨੇ ਮਲੇਰਕੋਟਲਾ ਅਤੇ ਭਗਤਾ ਭਾਈਕਾ ਵਿੱਚ ਵਾਪਰੀਆਂ ਘਟਨਾਵਾਂ ਲਈ ਸਰਕਾਰ ਵਲੋਂ ਵਰਤੀ ਜਾ ਰਹੀ ਢਿੱਲ ਨੂੰ ਜ਼ਿੰਮੇਵਾਰ ਠਹਿਰਾਇਆ। ਜਥੇਬੰਦੀ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਹਰਜੀਤ ਸਿੰਘ ਸੰਪਾਦਕ, ਪਰਮਿੰਦਰਪਾਲ ਸਿੰਘ ਖਾਲਸਾ, ਸੁਰਿੰਦਰ ਪਾਲ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਆਖਿਆ ਕਿ ਪਿਛਲੇ ਇੱਕ ਸਾਲ ਤੋਂ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦਾ ਕਾਰਨ ਸਰਕਾਰੀ ਢਿੱਲ ਹੈ। ਸਰਕਾਰ ਅਤੇ ਪੁਲੀਸ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਆਖਿਆ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨਿਰੰਤਰ ਵਿਗੜ ਰਹੀ ਹੈ ਪ੍ਰੰਤੂ ਕੋਈ ਦੋਸ਼ੀ ਨਹੀਂ ਫੜਿਆ ਗਿਆ ਹੈ। ਇਸ ਨਾਲ ਸੱਤਾਧਾਰੀ ਧਿਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਚਿੰਨ੍ਹ ਲੱਗਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version