ਅੰਮ੍ਰਿਤਸਰ: ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼ਰਧਾਲੂਆਂ ਦਾ ਜਥਾ ਨਨਕਾਣਾ ਸਾਹਿਬ ਭੇਜਣ ਲਈ ਤਿਆਰੀ ਸ਼ੁਰੂ ਦਿੱਤੀ ਗਈ ਹੈ।
![SGPC [FIle Photo]](https://sikhsiyasatnews.info/wp-content/uploads/2020/08/sgpc.jpg)
ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਉੱਤੇ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਦੇ ਇੱਛੁਕ ਸ਼ਰਧਾਲੂਆਂ ਨੂੰ ੪ ਅਗਸਤ ਤੱਕ ਪਾਸਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਬੀਤੇ ਦਿਨ ਦਿੱਤੀ।
ਉਹਨਾ ਕਿਹਾ ਕਿ ਜਿਹੜੇ ਸ਼ਰਧਾਲੂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਨਾਲ ੪ ਅਗਸਤ ੨੦੨੫ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਕੋਲ ਭੇਜਣ।

ਉਹਨਾ ਕਿਹਾ ਕਿ ਸ਼ਰਧਾਲੂਆਂ ਨੂੰ ਪਾਸਪੋਰਟ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।
ਜ਼ਿਕਰਯੋਗ ਹੈ ਕਿ ੨੨ ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਨਾਲ ਆਵਾਜਾਈ ਅਤੇ ਵਪਾਰਕ ਸਬੰਧ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੇ ਗਏ ਸਨ।
ਇਸ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅਤੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਨਹੀਂ ਗਏ।
