ਅਵਤਾਰ ਸਿੰਘ ਮੱਕੜ(ਫਾਈਲ ਫੋਟੋ)

ਸਿੱਖ ਖਬਰਾਂ

ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ ਯਾਦ ਵਿੱਚ ਹੋਏ ਸ਼ਹੀਦੀ ਸਮਾਗਮ ਸਮੇਂ ਹੋਈ ਹਿੰਸਾ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਕਾਇਮ

By ਸਿੱਖ ਸਿਆਸਤ ਬਿਊਰੋ

June 12, 2014

ਅੰਮ੍ਰਿਤਸਰ (11 ਜੂਨ 2014): ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਦੀ 30ਵੀਂ ਵਰੇਗੰਢ ‘ਤੇ ਸ਼ਹੀਦ ਸਿੰਘਾਂ ਨੂੰ ਸ਼ਰਧਾਜਲੀ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਵਿਖੇ 6 ਜੂਨ ਨੂੰ ਵਾਪਰੀ ਹਿੰਸਕ ਘਟਨਾ ਦੀ ਮੁਕੰਮਲ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ। ਇਸ ਕਮੇਟੀ ਵਿੱਚ ਦੋ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਅਤੇ ਦੋ ਮੈਂਬਰ ਵੱਖ-ਵੱਖ ਸਿੱਖ ਜਥੇਬੰਦੀਆਂ ਤੋਂ ਸ਼ਾਮਲ ਕੀਤੇ ਗਏ ਹਨ ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ।

ਦੱਸਣਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਮਾਈਕ ਦੀ ਪ੍ਰਾਪਤੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵਿਖੇ ਹਿੰਸਕ ਘਟਨਾ ਵਾਪਰੀ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਛੇ ਕਰਮਚਾਰੀਆਂ ਸਮੇਤ ਲਗਭਗ 10 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਸਬੰਧੀ ਪੁਲੀਸ ਨੇ 28 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿੱਚੋਂ 22 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਫਰੀਦਕੋਟ ਜੇਲ੍ਹ ਭੇਜਿਆ ਜਾ ਚੁੱਕਿਆ ਹੈ।

ਇਸ ਮਗਰੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਗਈ ਸੀ ਕਿ ਘਟਨਾ ਦੀ ਜਾਂਚ ਕਰਨ ਵਾਸਤੇ ਇੱਕ ਕਮੇਟੀ ਬਣਾਈ ਜਾਵੇ, ਜੋ ਜਾਂਚ ਮਗਰੋਂ ਆਪਣੀ ਰਿਪੋਰਟ ਦੇਵੇ। ਰਿਪੋਰਟ ਦੇ ਆਧਾਰ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਮਾਮਲਾ ਵਿਚਾਰਿਆ ਜਾਵੇਗਾ ਅਤੇ ਅਗਲੀ ਕਾਰਵਾਈ ਹੋਵੇਗੀ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 15 ਜੂਨ ਨੂੰ ਹੋਣ ਦੀ ਸੰਭਾਵਨਾ ਹੈ।

ਅੱਜ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੀ ਹਿੰਸਕ ਘਟਨਾ ਦੀ ਮੁਕੰਮਲ ਜਾਂਚ ਪੜਤਾਲ ਲਈ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ, ਜਿਸ ਵਿੱਚ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਅਵਤਾਰ ਸਿੰਘ ਮੁਖੀ ਬਿਧੀ ਚੰਦ ਸੰਪਰਦਾਇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਸ਼ਾਮਲ ਹਨ। ਕਮੇਟੀ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੂੰ ਥਾਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ ਜਲਦੀ ਹੀ ਘਟਨਾ ਦੀ ਮੁਕੰਮਲ ਪੜਤਾਲ ਕਰਕੇ ਰਿਪੋਰਟ ਸੌਂਪੇਗੀ, ਜੋ ਅੱਗੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜੀ ਜਾਵੇਗੀ।

ਦੱਸਣਯੋਗ ਹੈ ਕਿ ਕੁਝ ਜਥੇਬੰਦੀਆਂ, ਜਿਨ੍ਹਾਂ ਵਿੱਚ ਦਲ ਖਾਲਸਾ  ਅਤੇ ਦਿੱਲੀ ਅਕਾਲੀ ਦਲ ਤੇ ਹੋਰ ਸ਼ਾਮਲ ਹਨ, ਇਹ ਮੰਗ ਕਰ ਚੁੱਕੀਆਂ ਹਨ ਕਿ ਇਸ ਘਟਨਾ ਦੀ ਜਾਂਚ ਕਿਸੇ ਸੇਵਾ ਮੁਕਤ ਸਿੱਖ ਜੱਜ ਤੋਂ ਕਰਾਈ ਜਾਵੇ। ਜਥੇਬੰਦੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੀ ਸ਼ਾਇਦ ਸ਼੍ਰੋਮਣੀ ਕਮੇਟੀ ਵੱਲੋਂ ਇਸ ਜਾਂਚ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਦੋ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ। ਇਹ ਦੋਵੇਂ ਹੀ ਸਿੱਖ ਜਥੇਬੰਦੀਆਂ ਨਿਹੰਗ ਸੰਪਰਦਾਇ ਨਾਲ ਜੁੜੀਆਂ ਹੋਈਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: