ਖਾਸ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਸ਼ਿਲਾਂਗ ‘ਚ ਸਿੱਖਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣ ਸਰਕਾਰਾਂ: ਭਾਈ ਲੌਂਗੋਵਾਲ

June 5, 2018 | By

ਅੰਮ੍ਰਿਤਸਰ: ਸ਼ਿਲਾਂਗ ਵਿਖੇ ਸਿੱਖਾਂ ‘ਤੇ ਹਮਲੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਘਾਲਿਆ ਭੇਜੇ ਗਏ ਵਫ਼ਦ ਦੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਫਿਰ ਹਾਲਾਤ ਅਣਸੁਖਾਵੇਂ ਹੋ ਗਏ, ਜਿਸ ਕਾਰਨ ਸਰਕਾਰ ਨੂੰ ਕਰਫਿਊ ਲਗਾਉਣਾ ਪਿਆ। ਸ਼੍ਰੋਮਣੀ ਕਮੇਟੀ ਵੱਲੋਂ ਸ਼ਿਲਾਂਗ ਗਏ ਵਫ਼ਦ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਸ਼ੱਕ ਅੱਜ ਦੁਪਹਿਰ ਤੱਕ ਹਾਲਾਤ ਕਾਬੂ ਹੇਠ ਸਨ, ਪਰ ਅਚਾਨਕ ਬਾਅਦ ਦੁਪਹਿਰ ਹਾਲਾਤ ਵਿਗੜਨ ਕਾਰਨ ਦੁਬਾਰਾ ਕਰਫਿਊ ਲਗਾਉਣਾ ਪਿਆ। ਸ. ਬੇਦੀ ਅਨੁਸਾਰ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ‘ਚ ਵੱਸਦੇ ਸਿੱਖਾਂ ਦੀ ਸੁਰੱਖਿਆ ਲਈ ਜਿਥੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ, ਉਥੇ ਨਾਲ ਹੀ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੂੰ ਵੀ ਜ਼ੋਰ ਦੇ ਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਥੇ ਬੀਤੇ ਕੱਲ੍ਹ ਇਕ ਉੱਚ ਪੱਧਰੀ ਵਫ਼ਦ ਸ਼ਿਲਾਂਗ ਭੇਜਿਆ ਸੀ, ਉਥੇ ਹੀ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ, ਮੇਘਾਲਿਆ ਦੇ ਮੁੱਖ ਮੰਤਰੀ ਤੇ ਗਵਰਨਰ, ਭਾਰਤ ਦੇ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਸ਼ਿਲਾਂਗ ਦੇ ਡਿਪਟੀ ਕਮਿਸ਼ਨਰ ਨੂੰ ਈ-ਮੇਲ ਪੱਤਰ ਵੀ ਭੇਜੇ ਸਨ, ਜਿਨ੍ਹਾਂ ਵਿਚ ਸਥਾਨਕ ਸਿੱਖਾਂ ਦੀ ਸੁਰੱਖਿਆ ਲਈ ਲਿਖਿਆ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਸੀ ਕਿ ਹਾਲਾਤਾਂ ‘ਤੇ ਕਾਬੂ ਪਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਸਬੰਧੀ ਸਰਕਾਰ ਨੂੰ ਦੇਰੀ ਨਹੀਂ ਕਰਨੀ ਚਾਹੀਦੀ।

ਸ. ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਜਿਥੇ ਸ਼ਿਲਾਂਗ ਦੇ ਸਿੱਖਾਂ ਨੂੰ ਮਿਲ ਕੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ, ਉਥੇ ਹੀ ਸ਼ਿਲਾਂਗ ਦੇ ਜ਼ਿਲ੍ਹਾ ਮਜਿਸਟ੍ਰੇਟ ਸ੍ਰੀ ਪੀ.ਐਸ. ਦੁਖਾਰ ਨਾਲ ਵੀ ਮਾਮਲੇ ਸਬੰਧੀ ਗੱਲਬਾਤ ਕੀਤੀ ਅਤੇ ਸਥਾਨਕ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਜ਼ਿਲ੍ਹਾ ਮਜਿਸਟ੍ਰੇਟ ਨਾਲ ਗੱਲਬਾਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਗਿਆਨੀ ਹਰਪ੍ਰੀਤ ਸਿੰਘ, ਸ. ਹਰਪਾਲ ਸਿੰਘ ਜੱਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ ਅਤੇ ਸ. ਬਿਜੈ ਸਿੰਘ ਦੇ ਨਾਲ ਗੁਰਦੁਆਰਾ ਸਿੰਘ ਸਭਾ ਸ਼ਿਲਾਂਗ ਦੇ ਪ੍ਰਧਾਨ ਸ. ਰਵਿੰਦਰ ਸਿੰਘ, ਮੀਤ ਪ੍ਰਧਾਨ ਸ. ਨਰਿੰਦਰ ਸਿੰਘ ਦੀਦਾਰ ਅਤੇ ਜਨਰਲ ਸਕੱਤਰ ਸ. ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸ਼ਿਲਾਂਗ ‘ਚ ਸਥਿਤ ਤਿੰਨ ਗੁਰੂ ਘਰਾਂ ਗੁਰਦੁਆਰਾ ਸਿੰਘ ਸਭਾ ਨੇੜੇ ਗਵਰਨਰ ਹਾਊਸ, ਗੁਰਦੁਆਰਾ ਸਿੰਘ ਸਭਾ ਬੜਾ ਬਜ਼ਾਰ ਪੰਜਾਬੀ ਲਾਈਨ ਅਤੇ ਗੁਰਦੁਆਰਾ ਸਿੰਘ ਸਭਾ ਗੋਰਾ ਲਾਈਨ ਵਿਖੇ ਵਫ਼ਦ ਨੇ ਜਾ ਕੇ ਸਥਾਨਕ ਸਿੱਖਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਘਟਨਾ ਦੌਰਾਨ ਪ੍ਰਭਾਵਿਤ ਹੋਏ ਇਲਾਕਿਆਂ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ।

ਵਫ਼ਦ ਵੱਲੋਂ ਸ਼ਿਲਾਂਗ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਨਜੀਤ ਕੌਰ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਸਿੱਖ ਵਿਦਿਆਰਥੀਆਂ ਲਈ ਸੁਰੱਖਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸ਼੍ਰੋਮਣੀ ਕਮੇਟੀ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਵਫ਼ਦ ਮੈਂਬਰ ਅੱਜ ਰਾਤ ਨੂੰ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਮਿਲ ਕੇ ਸਿੱਖਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗੱਲਬਾਤ ਕਰਨਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,