ਸਿਆਸੀ ਖਬਰਾਂ

ਕਾਂਗਰਸ ਵਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਟੌਹੜਾ ਦੀ ਬਰਸੀ ਮਨਾਈ ਗਈ; ਆਪ ਆਗੂ ਵੀ ਹੋਏ ਸ਼ਾਮਲ

April 2, 2017 | By

ਪਟਿਆਲਾ: ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਟੌਹੜਾ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਉੱਤੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਨਾ ਫੜਨ ਤੋਂ ਇੰਜ ਜਾਪਦਾ ਹੈ ਕਿ ਇਹ ਘਟਨਾਵਾਂ ਪਿਛਲੀ ਸਰਕਾਰ ਦੀ ਸ਼ਹਿ ਉੱਤੇ ਹੀ ਹੋਈਆਂ ਹੋਣ। ਕੁੱਝ ਬੁਲਾਰਿਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਨਾਂ ਜਥੇਦਾਰ ਟੌਹੜਾ ਦੇ ਨਾਂ ਉੱਤੇ ਰੱਖਣ ਦੀ ਗੱਲ ਕਰਨ ਉੱਤੇ ਧਰਮਸੋਤ ਨੇ ਕਿਹਾ ਕਿ ਉਹ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ, ਨਾਲ ਹੀ ਉਨ੍ਹਾਂ ਟੌਹੜਾ ਪਰਿਵਾਰ ਵੱਲੋਂ ਪਿੰਡ ਟੌਹੜਾ ਤੋਂ ਭਾਦਸੋਂ ਰੋਡ ਨੂੰ ਜੋੜਨ ਵਾਲੀ ਸੂਏ ਨਾਲ ਪੈਂਦੀ ਸੜਕ ਨੂੰ 18 ਫੁੱਟ ਚੌੜਾ ਕਰਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਇਸ ਸੜਕ ਨੂੰ ਛੇਤੀ ਹੀ ਚੌੜਾ ਕਰਕੇ ਇਸ ਸੜਕ ਦਾ ਨਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਾਂ ਉੱਤੇ ਰੱਖਣ ਦਾ ਐਲਾਨ ਵੀ ਕੀਤਾ।

ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਟੌਹੜਾ ਨੇ ਆਪਣਾ ਸਾਰਾ ਜੀਵਨ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਦੇ ਲੇਖੇ ਲਾਇਆ ਜਿਸ ਕਰਕੇ ਉਹ ਸਮੁੱਚੀ ਸਿੱਖ ਕੌਮ ਦੇ ਆਗੂ ਬਣ ਕੇ ਉਭਰੇ। ਇਸ ਤੋਂ ਇਲਾਵਾ ਸਮਾਗਮ ਨੂੰ ਵਿਰੋਧੀ ਧਿਰ ਦੇ ਆਗੂ ਐੱਚ. ਐੱਸ ਫੂਲਕਾ, ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਟੌਹੜਾ ਨੇ ਵੀ ਸੰਬੋਧਨ ਕੀਤਾ।

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਟੌਹੜਾ ਦੀ ਬਰਸੀ ਮੌਕੇ ਕਾਂਗਰਸ ਅਤੇ ਆਪ ਆਗੂ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਟੌਹੜਾ ਦੀ ਬਰਸੀ ਮੌਕੇ ਕਾਂਗਰਸ ਅਤੇ ਆਪ ਆਗੂ

ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਸੰਸਦ ਮੈਂਬਰ ਬੀਬੀ ਅਮਰਜੀਤ ਕੌਰ, ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੇਜਰ ਸਿੰਘ ਉਬੋਕੇ, ਚਿਰੰਜੀ ਲਾਲ ਗਰਗ, ਸਾਬਕਾ ਵਿਧਾਇਕ ਤਾਲਿਬ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਸੁਰਜੀਤ ਸਿੰਘ ਗੜ੍ਹੀ ਅਤੇ ਨਿਰਮੈਲ ਸਿੰਘ ਜੌਲਾ, ਸਾਬਕਾ ਮੈਂਬਰ ਜਸਵਿੰਦਰ ਸਿੰਘ ਬਲੀਏਵਾਲ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਭਰਪੂਰ ਸਿੰਘ ਖਾਲਸਾ, ਜਥੇਦਾਰ ਜਗਜੀਤ ਸਿੰਘ ਰਤਨਗੜ੍ਹ, ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਬਾਬਾ ਟੇਕ ਸਿੰਘ ਧਨੌਲਾ, ਸਾਧੂ ਸਿੰਘ ਟੋਡਰਮਾਜਰਾ, ਜੱਸਾ ਸਿੰਘ ਆਹਲੂਵਾਲੀਆ, ਮਾਰਕੀਟ ਕਮੇਟੀ ਪਟਿਆਲਾ ਦੇ ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਟੌਹੜਾ, ਬਾਰ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਗਿਆਨ ਸਿੰਘ ਮੂੰਗੋ, ਦੇਵ ਸਿੰਘ ਮਾਨ, ਸੰਤ ਭੁਪਿੰਦਰ ਸਿੰਘ, ਗੁਰਦਰਸ਼ਨ ਸਿੰਘ ਬਾਹੀਆ ਆਦਿ ਆਗੂ ਹਾਜ਼ਰ ਹੋਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,