ਅੰਮਿ੍ਤਸਰ (10 ਸਤੰਬਰ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁਰਾਤਨ ਧਾਰਮਿਕ ਰਵਾਇਤਾਂ ਅਨੁਸਾਰ ‘ਸ਼੍ਰੋਮਣੀ ਸੇਵਕ’ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਦੱਸ ਸਾਲਾਂ ਤੋਂ ਨਿਰੰਤਰ ਪ੍ਰਧਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਚਾਂਸਲਰ ਵਜੋਂ ਜਥੇਦਾਰ ਅਵਤਾਰ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਕੁਦਰਤੀ ਆਫਤਾਂ ਸਮੇਂ ਸਰਬੱਤ ਦੇ ਭਲੇ ਲਈ ਕੀਤੀਆਂ ਵੱਡਮੁੱਲੀਆਂ ਤੇ ਇਤਿਹਾਸਕ ਸੇਵਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਪੰਥ ਦੇ ਸਰਵ-ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਸੇਵਕ’ ਦੀ ਪਦਵੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ ।
ਇਸ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਕਾਰਜਕਾਰੀ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ, ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਗ੍ਰੰਥੀ ਭਾਈ ਰਾਮ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਨੂੰ ਯਾਦਗਾਰੀ ਤਸਕਰੀ, ਸਨਮਾਨ ਪੱਤਰ, ਸ੍ਰੀ ਸਾਹਿਬ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਰਾਏ ਸਿੰਘ ਦੇ ਜਥਿਆਂ ਨੇ ਕੀਰਤਨ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਜਦਕਿ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਿਆ ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ, ਗਿਆਨੀ ਜਗਤਾਰ ਸਿੰਘ ਵਧੀਕ ਮੁੱਖ ਗ੍ਰੰਥੀ, ਗਿਆਨੀ ਰਵੇਲ ਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ 96 ਕਰੋੜੀ, ਕੇਵਲ ਸਿੰਘ ਬਾਦਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਗੁਰਵਿੰਦਰਪਾਲ ਸਿੰਘ ਗੋਰਾ, ਅਵਤਾਰ ਸਿੰਘ ਹਿੱਤ, ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ ਤੇ ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਹਰਚਰਨ ਸਿੰਘ ਮੁੱਖ ਸਕੱਤਰ, ਸਕੱਤਰ ਡਾ. ਰੂਪ ਸਿੰਘ ਆਦਿ ਹਾਜ਼ਰ ਸਨ ।