September 10, 2015 | By ਸਿੱਖ ਸਿਆਸਤ ਬਿਊਰੋ
ਅੰਮਿ੍ਤਸਰ (9 ਸਤੰਬਰ, 2015): ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਚਲਾਏ ਗਏ ਸੇਵਾ ਦੇ ਸਿਧਾਂਤ ‘ਤੇ ਪਹਿਰਾ ਦਿੰਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਵਾਉਣ ਵਜੋਂ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਸੇਵਕ’ ਦੇ ਰੁਤਬੇ ਨਾਲ ਸਵੇਰੇ 8.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਸਨਮਾਨਿਤ ਕੀਤਾ ਜਾਵੇਗਾ ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿੱਖ ਪੰਥ ਤੇ ਲੋਕ ਭਲਾਈ ਲਈ ਕੀਤੀਆਂ ਵੱਡਮੁੱਲੀਆਂ ਸੇਵਾਵਾਂ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੱਲ੍ਹ 10 ਸਤੰਬਰ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ‘ਸ਼੍ਰੋਮਣੀ ਸੇਵਕ’ ਸਨਮਾਨ ਨਾਲ ਨਵਾਜਿਆ ਜਾਵੇਗਾ । ਇਸ ਮੌਕੇ ਹੋਰਨਾਂ ਚਾਰ ਤਖ਼ਤ ਸਾਹਿਬਾਨ ਦੇ ਜਥੇਦਾਰ ਵੀ ਪਹੁੰਚਣਗੇ । ਇਸ ਤੋਂ ਪਹਿਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਜਾਵੇਗਾ ।
ਉਨਾਂ ਦੱਸਿਆ ਕਿ ਅਵਤਾਰ ਸਿੰਘ ਦਾ ਦਲ ਬਾਦਲ ਦੇ 2002 ‘ਚ ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਬਨਣ ਉਪਰੰਤ 2005 ‘ਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਚੋਣ ਜਿੱਤੀ ਤੇ ਸਿੱਖਾਂ ਦੀ ਇਸ ਸਿਰਮੌਰ ਸੰਸਥਾ ਦੇ 39ਵੇਂ ਪ੍ਰਧਾਨ ਬਣੇ । ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਬਾਅਦ ਅਵਤਾਰ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਵਜੋਂ ਲੰਮੀਂ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ ।
Related Topics: Avtar Singh Makkar, Shiromani Gurdwara Parbandhak Committee (SGPC), Sri Akal Takhat