ਖਾਸ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਡੇਰਾ ਸਿਰਸਾ-ਬਾਦਲ ਦਲ ਦੀ ਭਾਈਵਾਲੀ: ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਨੇ ਸੌਂਪੀ ਰਿਪੋਰਟ

March 7, 2017 | By

ਅੰਮ੍ਰਿਤਸਰ: ਵੋਟਾਂ ਖਾਤਰ ਡੇਰਾ ਸਿਰਸਾ ਤੋਂ ਹਮਾਇਤ ਮੰਗਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਜਾਂਚ ਕਰ ਰਹੀ ਤਿੰਨ ਮੈਂਬਰੀ ਕਮੇਟੀ ਨੇ ਕੱਲ੍ਹ (ਮੰਗਲਵਾਰ) ਗਿਆਨੀ ਗੁਰਬਚਨ ਸਿੰਘ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ ’ਚ ਵੱਖ-ਵੱਖ ਸਿਆਸੀ ਦਲਾਂ ਦੇ ਲਗਭਗ 4 ਦਰਜਨ ਸਿੱਖ ਆਗੂਆਂ ਨੂੰ ਹੁਕਮਨਾਮੇ ਦੀ ਉਲੰਘਣਾ ਦਾ ਦੋਸ਼ੀ ਦੱਸਿਆ ਗਿਆ ਹੈ। ਗਿਆਨੀ ਗੁਰਬਚਨ ਸਿੰਘ ਨੇ ਇਹ ਜਾਂਚ ਰਿਪੋਰਟ ਲੈਣ ਮਗਰੋਂ ਕਿਹਾ ਕਿ ਹੋਲੇ ਮਹੱਲੇ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ’ਤੇ ਵਿਚਾਰ ਕੀਤਾ ਜਾਵੇਗਾ।

ਗਿਆਨੀ ਗੁਰਬਚਨ ਸਿੰਘ ਨੂੰ ਜਾਂਚ ਰਿਪੋਰਟ ਸੌਂਪਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਜਾਂਚ ਟੀਮ ਦੇ ਮੈਂਬਰ

ਗਿਆਨੀ ਗੁਰਬਚਨ ਸਿੰਘ ਨੂੰ ਜਾਂਚ ਰਿਪੋਰਟ ਸੌਂਪਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਜਾਂਚ ਟੀਮ ਦੇ ਮੈਂਬਰ

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਤੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵਾਲੀ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਸੱਤ ਦਿਨਾਂ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਸੀ ਪਰ ਬਾਅਦ ’ਚ ਜਾਂਚ ਦਾ ਸਮਾਂ ਵਧਾ ਦਿੱਤਾ ਗਿਆ ਸੀ। ਜਾਂਚ ਕਮੇਟੀ ਦੇ ਮੈਂਬਰ ਕੱਲ੍ਹ ਸਵੇਰੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਪੁੱਜੇ ਅਤੇ ਗਿਆਨੀ ਗੁਰਬਚਨ ਸਿੰਘ ਨੂੰ ਤਕਰੀਬਨ ਪੰਜ ਸਫਿਆਂ ਦੀ ਰਿਪੋਰਟ ਸੌਂਪੀ। ਜਾਂਚ ਕਮੇਟੀ ਵੱਲੋਂ ਜਾਂਚ ਨਾਲ ਸਬੰਧਤ ਸਬੂਤ ਵੀ ਸੌਂਪੇ ਗਏ ਹਨ। ਜਾਂਚ ਕਮੇਟੀ ਵੱਲੋਂ ਰਿਪੋਰਟ ਵਿੱਚ ਇਸ ਸਬੰਧੀ ਛਪੀਆਂ ਖ਼ਬਰਾਂ, ਤਸਵੀਰਾਂ, ਵਾਇਰਲ ਹੋਈਆਂ ਵੀਡਿਓ ਕਲਪਿੰਗਜ਼ ਅਤੇ ਹੋਰ ਸੂਤਰਾਂ ਤੋਂ ਮਿਲੀ ਜਾਣਕਾਰੀ ਸ਼ਾਮਲ ਕੀਤੀ ਹੈ।

ਸਬੰਧਤ ਖ਼ਬਰ:

ਬਾਦਲ-ਡੇਰਾ ਸਿਰਸਾ ਭਾਈਵਾਲੀ: ਛੋਟੇ ਪੱਧਰ ਦੇ ਆਗੂ ਆਪਣੇ ਆਕਾਵਾਂ ਖਿਲਾਫ ਕਿਵੇਂ ਕਰਨਗੇ ਜਾਂਚ?: ਦਲ ਖ਼ਾਲਸਾ …

ਜਾਂਚ ਕਮੇਟੀ ਦੇ ਮੈਂਬਰਾਂ ਨੇ ਜਾਂਚ ਦੇ ਵੇਰਵੇ ਜਨਤਕ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਸਬੰਧੀ ਖੁਲਾਸਾ ਹੁਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੀ ਕਰਨਗੇ। ਡੇਰਾ ਸਿਰਸਾ ਜਾਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸ਼ਾਮਲ ਹਨ। ਇਨ੍ਹਾਂ ’ਚ ਕਈ ਸੱਤਾਧਾਰੀ ਬਾਦਲ ਦਲ ਦੇ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹਨ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਖ਼ਿਲਾਫ਼ ਪੰਜ ਸਿੰਘ ਸਾਹਿਬਾਨ ਵੱਲੋਂ ਹੁਕਮਨਾਮਾ ਜਾਰੀ ਕੀਤਾ ਹੋਇਆ ਹੈ, ਜਿਸ ਰਾਹੀਂ ਸਮੁੱਚੀ ਕੌਮ ਨੂੰ ਉਸ ਨਾਲ ਕਿਸੇ ਵੀ ਤਰ੍ਹਾਂ ਦਾ ਨਾਤਾ ਨਾ ਰੱਖਣ ਦੀ ਹਦਾਇਤ ਕੀਤੀ ਗਈ ਹੈ ਪਰ ਵੋਟਾਂ ਖ਼ਾਤਰ ਸਿੱਖ ਆਗੂਆਂ ਨੇ ਡੇਰੇ ’ਤੇ ਜਾ ਕੇ ਇਸ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਇਹ ਗੰਭੀਰ ਮਸਲਾ ਹੈ।

ਜ਼ਿਕਰਯੋਗ ਹੈ ਕਿ 2007 ‘ਚ ਡੇਰਾ ਸਿਰਸਾ ਮੁਖੀ ਵਲੋਂ ਇਕ ਪ੍ਰੋਗਰਾਮ ਸਲਾਬਤਪੁਰਾ, ਜ਼ਿਲ੍ਹਾ ਬਠਿੰਡਾ ‘ਚ ਰੱਖ ਕੇ ਆਪਣੇ ਆਪ ਨੂੰ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਵਾਂਗ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਮਈ 2007 ‘ਚ ਅਕਾਲ ਤਖ਼ਤ ਸਾਹਿਬ ਵਲੋਂ ਡੇਰਾ ਸਿਰਸਾ ਮੁਖੀ ਦੇ ਖਿਲਾਫ ਹੁਕਮਨਾਮਾ ਜਾਰੀ ਕਰਕੇ ਸਿੱਖਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਕੋਈ ਵੀ ਸਿੱਖ ਡੇਰਾ ਸਿਰਸਾ ਨਾਲ ਨਾਤਾ ਨਾ ਰੱਖੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SGPC Probe Panel Submits Report On Dera Sauda SAD (Badal) Election Alliance …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,