Site icon Sikh Siyasat News

ਟਾਸਕ ਫੋਰਸ ਨੇ ਝੀਡਾ ਨੂੰ ਗੁਰਦੁਆਰਾ ਸਾਹਿਬ ‘ਚ ਦਾਖਲ ਹੋਣ ਤੋਂ ਰੋਕਿਆ, ਪੁਲਿਸ ਨੇ ਨਹੀਂ ਹੋਣ ਦਿੱਤੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਮੀਟਿੰਗ

ਮੋਹਾਲੀ ( 13 ਜਨਵਰੀ, 2015): ਹਰਿਅਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ ਨੂੰ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਟਾਸਕ ਫੋਰਸ ਦੇ ਮੈਬਰਾਂ ਨੇ ਗੁਰਦੁਆਰਾ ਅੰਬ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ। ਉਹ ਸੋਮਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣ ਆਏ ਸਨ।

ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਸਿੱਖ ਜੱਥੇਬੰਦੀਆਂ ਦੇ ਮੈਂਬਰ

12 ਜਨਵਰੀ ਨੂੰ ਟਾਸਕ ਫੋਰਸ ਦੇ ਲਗਭਗ 200 ਮੈਂਬਰ ਗੁਰਦੁਆਰਾ ਅੰਬ ਸਾਹਿਬ ਪਹੁੰਚ ਗਏ। ਹਰਿਅਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ, ਯੂਨਾਈਟਿਡ ਸਿੱਖ ਮੂਵਮੈਂਟ ਅਤੇ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਸਿੱਖ ਜੱਥਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਅਗਲੀ ਰਣਨੀਤੀ ਘੜਨ ਲਈ ਇੱਥੇ ਮੀਟਿੰਗ ਰੱਖੀ ਹੋਈ ਸੀ।

ਜਦੋਂ ਸਿੱਖ ਜੱਥਬਦੀਆਂ ਨੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਮੀਟਿੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਾਂ ਪੁਲਿਸ ਨੇ ਉਨ੍ਹਾਂ ਨੂੰ ਮੀਟਿੰਗ ਨਾ ਕਰਨ ਦਿੱਤੀ ਅਤੇ ਉੱਥੋਂ ਜਾਣ ਲਈ ਮਜ਼ਬੂਰ ਕਰ ਦਿੱਤਾ।

ਮੀਡੀਆ ਨਾਲ ਗੱਲ ਕਰਦਿਆਂ ਜਗਦੀਸ਼ ਸਿੰਘ ਝੀਡਾ ਨੇ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਸਮਰਥਨ ਕਰਦੇ ਹਨ,ਪਰ ਅੰਬਾਲਾ ਵਿੱਚ ਭੁੱਖ ਹੜਤਾਲ ‘ਤੇ ਬੈਠੇ ਗੁਰਬਖਸ਼ ਸਿੰਘ ਦਾ ਨਹੀਂ।

ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਝੀਡਾ ਨੂੰ ਬੰਦੀ ਸਿੰਘਾਂ ਦੀ ਰਿਹਾਈ ਨਾਲ ਕੋਈ ਸਰੋਕਾਰ ਨਹੀ ਅਤੇ ਉਹ ਇਸ ਮਾਮਲੇ ਵਿੱਚੋਂ ਰਾਜਸੀ ਲਾਭ ਪ੍ਰਾਪਤ ਕਰਨਾ ਚਾਹੰਦੇ ਹਨ ਅਤੇ ਉਹ ਉਨ੍ਹਾਂ ਨੂੰ ਇਸ ਮੰਤਵ ਲਈ ਗੁਰਦੁਆਰਾ ਸਾਹਿਬਾਨ ਦੀ ਵਰਤੋਂ ਨਹੀਂ ਕਰਨ ਦੇਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version