ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਿੱਤਰਤਾ ਦਾ ਦ੍ਰਿਸ਼

ਸਿੱਖ ਖਬਰਾਂ

ਵੱਖ-ਵੱਖ ਸਿੱਖ ਮੋਰਚਿਆਂ ਬਾਰੇ ਸ਼੍ਰੋਮਣੀ ਕਮੇਟੀ ਕਿਤਾਬਾਂ ਛਾਪੇਗੀ; ਸੰਤ ਹਰਚੰਦ ਸਿੰਘ ਲੋਂਗੋਵਾਲ ਨਾਲ ਸਬੰਧਤ ਦਸਤਾਵੇਜ ਸੰਭਾਲੇ ਜਾਣਗੇ

By ਸਿੱਖ ਸਿਆਸਤ ਬਿਊਰੋ

October 17, 2018

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਨਾਲ ਸਬੰਧਤ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਮੁਕੰਮਲ ਇਤਿਹਾਸ ਦੀ ਖੋਜ ਭਰਪੂਰ ਪੁਸਤਕ ਸਮੇਤ ਵੱਖ-ਵੱਖ ਸਿੱਖ ਮੋਰਚਿਆਂ ਨੂੰ ਪੁਸਤਕ ਰੂਪ ਵਿਚ ਸੰਭਾਲਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਅੱਜ ਇਥੇ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ।

ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਨਾਲ ਸਬੰਧਤ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਇਤਿਹਾਸ ਨੂੰ ਇੱਕ ਪੁਸਤਕ ਦੇ ਰੂਪ ਵਿਚ ਛਾਪਿਆ ਜਾਵੇਗਾ, ਜਿਸ ਨੂੰ ਲਿਖਣ ਦੀ ਜ਼ੁੰਮੇਵਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਡਾ. ਪਰਮਵੀਰ ਸਿੰਘ ਨੂੰ ਦਿੱਤੀ ਗਈ ਹੈ।

ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਗੰਡਾ ਸਿੰਘ ਦੀਆਂ ਕੁਝ ਪੁਰਾਤਨ ਪੁਸਤਕਾਂ ਨੂੰ ਮੁੜ ਛਾਪਣ ਦੀ ਵੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ 1975 ਦੇ ਐਮਰਜੈਂਸੀ ਮੋਰਚੇ, 1982 ਦੇ ਧਰਮ ਯੁੱਧ ਮੋਰਚੇ ਨਾਲ ਸਬੰਧਤ ਇਤਿਹਾਸਕ ਵੇਰਵੇ ਸੰਭਾਲਣ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਨ੍ਹਾਂ ਮੋਰਚਿਆਂ ਨਾਲ ਸਬੰਧਤ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਇਤਿਹਾਸਕ ਦਸਤਾਵੇਜ਼ਾਂ ਨੂੰ ਵੀ ਸੰਭਾਲਿਆ ਜਾਵੇਗਾ। ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ, ਪਟਨਾ ਸਾਹਿਬ ਤੇ ਬੰਗਲਾ ਦੇਸ਼ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਇਤਿਹਾਸ ਨੂੰ ਵੀ ਛਾਪਿਆ ਜਾਵੇਗਾ।

ਇਸਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਦੀ ਹੋਈ ਇਕੱਤਰਤਾ ਵਿਚ ਰਾਏਪੁਰ ਛੱਤੀਸਗੜ੍ਹ, ਵਿਜੈਵਾੜਾ (ਆਂਧਰਾ ਪ੍ਰਦੇਸ਼) ਆਦਿ ਥਾਵਾਂ ’ਤੇ ਰਹਿੰਦੇ ਸਿਕਲੀਗਰ ਤੇ ਵਣਜਾਰੇ ਸਿੱਖਾਂ ਦੇ ਬੱਚਿਆਂ ਦੀਆਂ ਸਕੂਲੀ ਫੀਸਾਂ ਦੇਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਇਤਿਹਾਸ ਵਿਸ਼ੇ ਦੀਆਂ ਨਵੀਆਂ ਛਾਪੀਆਂ ਜਾ ਰਹੀਆਂ ਪੁਸਤਕਾਂ ਵਿਚ ਗਲਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।

ਇਨ੍ਹਾਂ ਇਕੱਤਰਤਾਵਾਂ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਪ੍ਰਿਤਪਾਲ ਸਿੰਘ, ਸੁਖਵਰਸ਼ ਸਿੰਘ ਪੰਨੂੰ, ਅਵਤਾਰ ਸਿੰਘ ਵਣਵਾਲਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਿੰਦਰਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਹਰਵਿੰਦਰ ਸਿੰਘ ਖ਼ਾਲਸਾ, ਡਾ. ਪਰਮਵੀਰ ਸਿੰਘ, ਪ੍ਰੋਫ਼ੳਮਪ;ੈਸਰ ਪ੍ਰਭਜੋਤ ਕੌਰ, ਸਕੱਤਰ ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਬਿਜੈ ਸਿੰਘ ਆਦਿ ਹਾਜਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: