Site icon Sikh Siyasat News

ਸ਼ਿਲਾਂਗ ਨਸਲੀ ਹਿੰਸਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਸ ਸੰਗਮਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ਗਏ ਵਫ਼ਦ ਨੇ ਅੱਜ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਸ ਸੰਗਮਾ ਨਾਲ ਮੁਲਾਕਾਤ ਕਰਕੇ ਸੂਬੇ ਅੰਦਰ ਵੱਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਕਿਹਾ। ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ ਅਤੇ ਵਧੀਕ ਸਕੱਤਰ ਸ. ਬਿਜੈ ਸਿੰਘ ਨੇ ਗ੍ਰਹਿ ਮੰਤਰੀ ਜੇਮਸ ਸੰਗਮਾ ਨੂੰ ਦੱਸਿਆ ਕਿ ਸਥਾਨਕ ਸਿੱਖਾਂ ‘ਤੇ ਕੀਤੇ ਗਏ ਹਮਲੇ ਕਾਰਨ ਸਿੱਖ ਭਾਈਚਾਰੇ ਅੰਦਰ ਗੁੱਸੇ ਅਤੇ ਰੋਸ ਦੀ ਲਹਿਰ ਹੈ ਅਤੇ ਸਿੱਖ ਜਗਤ ਦੀ ਮੰਗ ਹੈ ਕਿ ਹਮਲਾਕਾਰੀਆਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਰਾਹੀਂ ਸੂਬੇ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨਾਲ ਵੀ ਟੈਲੀਫੋਨ ‘ਤੇ ਲੰਮੀ ਗੱਲਬਾਤ ਕੀਤੀ ਅਤੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ।

ਬੁਲਾਰੇ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਵਫ਼ਦ ਨੂੰ ਜਾਣਕਾਰੀ ਦਿੱਤੀ ਕਿ ਸਮੁੱਚੇ ਮਾਮਲੇ ਸਬੰਧੀ ਉਨ੍ਹਾਂ ਨੇ ਕੈਬਨਿਟ ਪੱਧਰ ਦੀ ਇੱਕ ਕਮੇਟੀ ਬਣਾ ਦਿੱਤੀ ਹੈ, ਜੋ ਸਾਰੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਜੋ ਵੀ ਦੋਸ਼ੀ ਪਾਏ ਗਏ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਜ਼ਰੂਰ ਹੋਵੇਗੀ।

ਇਸੇ ਦੌਰਾਨ ਵਫ਼ਦ ਮੈਂਬਰਾਂ ਨੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੂੰ ਸਿੱਖਾਂ ਦੀ ਸਮੱਸਿਆਵਾਂ ਹੱਲ ਕਰਨ ਬਾਰੇ ਵੀ ਕਿਹਾ। ਉਨ੍ਹਾਂ ਮੁੱਖ ਮੰਤਰੀ ਨੂੰ ਸਿੱਖਾਂ ਦੀ ਵੱਸੋਂ ਵਾਲੇ ਸਥਾਨਕ ਇਕ ਇਲਾਕੇ ਵਿਚ ਸਥਿਤ ਰਹਾਇਸ਼ੀ ਫਲੈਟਾਂ ਨੂੰ ਪੱਕੇ ਤੌਰ ‘ਤੇ ਸਿੱਖਾਂ ਦੇ ਨਾਂ ਕਰਨ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦਾ ਕਿਸੇ ਵੀ ਕੀਮਤ ‘ਤੇ ਨੁਕਸਾਨ ਨਹੀਂ ਹੋਣਾ ਚਾਹੀਦਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗੁਰੂ ਘਰਾਂ ਅੰਦਰ ਸਿੱਖਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਮੁੱਚੀ ਕੌਮ ਉਨ੍ਹਾਂ ਦੇ ਨਾਲ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version