October 25, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ ਵਲੋਂ ਕਤਲ ਕੀਤੇ ਦੋ ਸਿਖਾਂ ਦੇ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਪੁਲੀਸ ਮੁਖੀ ਸੁਮੇਧ ਸੈਣੀ ਦਾ ਨਾਂ ਸਾਹਮਣੇ ਆਉਣ ’ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਵਫਦ ਵਿੱਚ ਸ਼ਾਮਲ ਬਰਗਾੜੀ ਮੋਰਚੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਕੈਪਟਨ ਸਰਕਾਰ ਮੋਰਚੇ ਦੀਆਂ ਤਿੰਨੋਂ ਮੰਗਾਂ ਨਹੀਂ ਮੰਨਦੀ, ਓਨੀ ਦੇਰ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜਾਗਣਾ ਚਾਹੀਦਾ ਹੈ ਤੇ ਕਸੂਰਵਾਰਾਂ ਵਿਰੁੱਧ ਫੌਰੀ ਕਾਰਵਾਈ ਕਰਨੀ ਚਾਹੀਦੀ ਹੈ।
ਆਗੂਆਂ ਨੇ ਰਾਜਪਾਲ ਨੂੰ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਾਜਪਾ ਤੇ ਅਕਾਲੀ ਦਲ ਦਾ ਵਫ਼ਦ ਰਾਜਪਾਲ ਨੂੰ ਮਿਲਿਆ ਸੀ ਤੇ ਇਸ ਵਫ਼ਦ ਨੇ ਬਰਗਾੜੀ ਵਿਚ ਚੱਲ ਰਹੇ ਇਨਸਾਫ਼ ਮੋਰਚੇ ਨੂੰ ਗਰਮਖਿਆਲੀ, ਅਤਿਵਾਦੀ ਅਤੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਦੇ ਏਜੰਟ ਕਿਹਾ ਸੀ ਜਦੋਂਕਿ ਬਰਗਾੜੀ ਵਿਚ ਇਨਸਾਫ ਮੋਰਚਾ ਦਾ ਧਰਨਾ 146 ਦਿਨਾਂ ਤੋਂ ਚੱਲ ਰਿਹਾ ਹੈ ਤੇ ਪੂਰੀ ਤਰ੍ਹਾਂ ਸ਼ਾਂਤਮਈ ਹੈ। ਉਨ੍ਹਾਂ ਨੇ ਬਰਗਾੜੀ ਵਿਚ ਰਹੇ ਇਨਸਾਫ਼ ਮੋਰਚੇ ਬਾਰੇ ਗ਼ਲਤ ਪ੍ਰਚਾਰ ਕਰਨ ਲਈ ਅਕਾਲੀ ਦਲ ਦੀ ਸਖਤ ਨਿਖੇਧੀ ਕੀਤੀ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਮੰਗ ਕੀਤੀ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੇ ਵਿਰੋਧ ’ਚ ਸ਼ਾਂਤਮਈ ਰੋਸ ਪ੍ਰਗਟਾ ਰਹੇ ਲੋਕਾਂ ’ਤੇ ਪੁਲੀਸ ਵੱਲੋਂ ਗੋਲੀ ਚਲਾਉਣ ਅਤੇ ਲਾਠੀਆਂ ਵਰ੍ਹਾਉਣ ਦੇ ਦੋਸ਼ ਹੇਠ ਉਸ ਵੇਲੇ ਦੀ ਸਰਕਾਰ ਦੇ ਮੁਖੀਆ ਅਤੇ ਪੁਲੀਸ ਮੁਖੀ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪੁਲੀਸ ਗੋਲੀ ਵਿਚ ਦੋ ਸਿੰਘ ਸ਼ਹੀਦ ਹੋ ਗਏ ਸਨ ਅਤੇ ਕਈ ਜ਼ਖ਼ਮੀ ਹੋ ਗਏ ਸਨ।
ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਸੂਰਵਾਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਲੁਕਣਮੀਚੀ ਦੀ ਖੇਡ, ਖੇਡ ਰਹੀ ਹੈ ਅਤੇ ਕੇਂਦਰ ਸਰਕਾਰ ਵੀ ਤਮਾਸ਼ਾ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਮੌਕਾ ਸੰਭਾਲਣਾ ਚਾਹੀਦਾ ਹੈ ਤੇ ਸਥਿਤੀ ਨੂੰ ਹੱਥੋਂ ਨਹੀਂ ਨਿਕਲਣਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੇ ਆਗੂ ਅਗਲੇ ਦਿਨਾਂ ਵਿਚ ਆਪਣੀਆਂ ਮੰਗਾਂ ਦੇ ਹੱਕ ਵਿਚ ਹੋਰ ਸਰਗਰਮੀ ਵੀ ਕਰਨਗੇ ਤੇ ਉਸ ਤੋਂ ਪਹਿਲਾਂ ਸਰਕਾਰਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਕਰਨ ਵਾਲਿਆਂ ਤੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲੀਸ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਤਹਿਤ ਜੇਲ੍ਹ ਡੱਕਿਆ ਜਾਵੇ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਵੀ ਮੋਰਚੇ ਦੀਆਂ ਮੰਗਾਂ ਦੀ ਡਟਵੀਂ ਹਮਾਇਤ ਕੀਤੀ। ਵਫ਼ਦ ਵਿਚ ਸਿੱਖ ਚਿੰਤਕ ਸ. ਗੁਰਤੇਜ ਸਿੰਘ, ਪਟਿਆਲਾ ਤੋਂ ਐਮ. ਪੀ. ਡਾ. ਧਰਮਵੀਰ ਗਾਂਧੀ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਦਲ ਖਾਲਸਾ ਦੇ ਹਰਪਾਲ ਸਿੰਘ ਚੀਮਾ, ਸੁਤੰਤਰ ਅਕਾਲੀ ਦਲ ਦੇ ਪਰਮਜੀਤ ਸਿੰਘ ਸਹੌਲੀ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਸਰਬਜੀਤ ਸਿੰਘ ਸੋਹਲ, ਗੁਰਸੇਵ ਸਿੰਘ ਹਰਪਾਲਪੁਰ, ਲੋਕ ਇਨਸਾਫ਼ ਪਾਰਟੀ ਦੇ ਬਲਵਿੰਦਰ ਸਿੰਘ ਬੈਂਸ, ਬੂਟਾ ਸਿੰਘ, ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਕਈ ਹੋਰ ਸ਼ਾਮਲ ਸਨ।
Related Topics: Aam Aadmi Party, Balwinder Singh Bains, Bhai Harpal Singh Cheema (Dal Khalsa), Bir Devinder Singh, Dr. Dharamvira Gandhi, Gurtej Singh (Former IAS), Incident of Beadbi of Guru Granth Shaib at Bargar Village, Lok Insaf Party, S. jaspal Singh Hairan, Sucha Singh Chhotepur