October 6, 2018 | By ਸਿੱਖ ਸਿਆਸਤ ਬਿਊਰੋ
ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਡਾਚਰ ਦੀ ਸਿੱਖ ਸੰਗਤ ਨੇ ਅੱਜ ਇਕ ਇਕੱਠ ਕਰਕੇ ਭਾਰਤੀ ਜਨਤਾ ਪਾਰਟੀ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਜਪਾ ਨਾਲ ਸਬੰਧਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਿੰਡ ਡਾਚਰ ਦੇ ਗੁਰਦੁਆਰਾ ਸਾਹਿਬ ਆਉਣ ਦਾ ਪ੍ਰੋਗਰਾਮ ਗੁਰਦੁਆਰਾ ਸਾਹਿਬ ਵਿਚ ਲੱਗੀ 20ਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਬਾਰੇ ਪਤਾ ਲੱਗਣ ਤੋਂ ਬਾਅਦ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹਰਿਆਣਾ ਵਿਚ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਫੈਲਿਆ ਹੈ।
ਦਰਅਸਲ ਮੁੱਖ ਮੰਤਰੀ ਦੇ ਦੌਰੇ ਵੇਲੇ ਜਦੋਂ ਸਥਾਨਕ ਪ੍ਰਸ਼ਾਸਨ ਨੇ ਸਿੱਖ ਸੰਗਤ ਨੂੰ ਸੰਤਾਂ ਦੀ ਤਸਵੀਰ ਹਟਾਉਣ ਲਈ ਕਿਹਾ ਤਾਂ ਸਿੱਖ ਸੰਗਤ ਨੇ ਤਸਵੀਰ ਹਟਾਉਣ ਤੋਂ ਨਾਹ ਕਰ ਦਿੱਤੀ। ਇਸ ਬਾਰੇ ਪਤਾ ਲੱਗਣ ‘ਤੇ ਮੁੱਖ ਮੰਤਰੀ ਨੇ ਆਪਣਾ ਦੌਰਾ ਰੱਦ ਕਰ ਦਿੱਤਾ ਸੀ।
ਮੁੱਖ ਮੰਤਰੀ ਦੇ ਇਸ ਫੈਂਸਲੇ ਤੋਂ ਬਾਅਦ ਸਿੱਖ ਸੰਗਤਾਂ ਨੇ ਐਲਾਨ ਕੀਤਾ ਸੀ ਕਿ ਜੇ ਮੁੱਖ ਮੰਤਰੀ ਸਿੱਖ ਸੰਗਤ ਤੋਂ ਮੁਆਫੀ ਨਹੀਂ ਮੰਗਣਗੇ ਤਾਂ ਸਿੱਖ ਸੰਗਤ ਭਾਜਪਾ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕਰ ਦੇਵੇਗੀ।
ਪਿੰਡ ਡਾਚਰ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਗੁਰਮੀਤ ਸਿੰਘ ਨੇ ਸਿੱਖ ਸਿਆਸਤ ਨਿਊਜ਼ ਨੂੰ ਫੋਨ ‘ਤੇ ਦੱਸਿਆ ਕਿ ਅੱਜ ਦੇ ਇਕੱਠ ਵਿਚ ਪਿੰਡ ਡਾਚਰ ਦੀਆਂ ਸਿੱਖ ਸੰਗਤਾਂ ਤੋਂ ਇਲਾਵਾ ਹਰਿਆਣਾ ਦੇ ਹੋਰ ਇਲਾਕਿਆਂ ਸਮੇਤ ਪੰਜਾਬ ਅਤੇ ਉਤਰ ਪ੍ਰਦੇਸ਼ ਦੇ ਨਾਲ ਲਗਦੇ ਪਿੰਡਾਂ ਦੀਆਂ ਸਿੱਖ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹਿੰਦੂ ਅਤੇ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਲੋਕ ਵੀ ਸਿੱਖਾਂ ਦਾ ਸਮਰਥਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਕਿਸੇ ਨੂੰ ਵੀ ਕੌਮੀ ਸ਼ਹੀਦਾਂ ਦਾ ਨਿਰਾਦਰ ਕਰਨ ਦੀ ਪ੍ਰਵਾਨਗੀ ਨਹੀਂ ਦੇ ਸਕਦੀ। ਇਸ ਲਈ ਭਾਜਪਾ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।
Related Topics: BJP, Haryana Government, Manohar Lal Khattar, ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Shaheed Sant Jarnail Singh Bhindranwale)