ਅੰਮ੍ਰਿਤਸਰ (10 ਜੂਨ, 2015): ਸਿੱਖ ਬੰਦੀਆਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਸਿੱਖ ਬੰਦੀਆਂ ਦੀ ਰਿਹਾਈ ਲਈ ਚੌਪਈ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਹੈ।
ਸੰਘਰਸ਼ ਕਮੇਟੀ ਦੀ ਅਗਵਾਈ ਕਰ ਰਹੇ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਅਾ ਕਿ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰਨਾਂ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਲਈ ਸਰਕਾਰੀ ਤੌਰ ’ਤੇ ਕਾਰਵਾਈ ਸ਼ੁਰੂ ਹੋ ਗਈ ਹੈ।
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਅਧਿਕਾਰੀ ਅੱਜ ਦਿੱਲੀ ਦੀ ਤਿਹਾੜ ਜੇਲ੍ਹ ਲਈ ਰਵਾਨਾ ਹੋਏ ਹਨ, ਜਿਥੇ ਉਹ ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਲੋੜੀਂਦੀ ਦਸਤਾਵੇਜ਼ੀ ਕਾਰਵਾਈ ਪੂਰੀ ਕਰਨਗੇ।
ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਇਸ ਹਫ਼ਤੇ ਵਿੱਚ ਉਸ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤੇ ਜਾਣ ਲਈ ਵੀ ਯਤਨ ਸ਼ੁਰੂ ਹੋ ਗਏ ਹਨ।
ਦੱਸਣਯੋਗ ਹੈ ਕਿ ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਬਾਰੇ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਵਿੱਚ ਸਹਿਮਤੀ ਹੋ ਚੁੱਕੀ ਹੈ ਅਤੇ ਹੁਣ ਇਸ ਸਬੰਧੀ ਲੋੜੀਂਦੀ ਕਾਰਵਾਈ ਨੂੰ ਪੂਰਾ ਕੀਤਾ ਜਾ ਰਿਹਾ ਹੈ।ਸੂਤਰਾਂ ਮੁਤਾਬਕ 15 ਤੋਂ ਵਧੇਰੇ ਸਿੱਖ ਕੈਦੀ ਪੰਜਾਬ ਤੋਂ ਬਾਹਰਲੀਆਂ ਜੇਲ੍ਹਾਂ ਵਿੱਚ ਹਨ, ਜਿਨ੍ਹਾਂ ਵਿੱਚ ਸਜ਼ਾਵਾਂ ਭੁਗਤ ਚੁੱਕੇ ਅਤੇ ਵਿਚਾਰ ਅਧੀਨ ਕੈਦੀ ਵੀ ਹਨ।
ਇਨ੍ਹਾਂ ਵਿੱਚੋਂ ਚਾਰ ਕੈਦੀ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ, ਯੂ.ਪੀ. ਦੀਆਂ ਜੇਲ੍ਹਾਂ ਵਿੱਚ ਦੋ, ਕਰਨਾਟਕ ਵਿੱਚ ਇੱਕ ਅਤੇ ਰਾਜਸਥਾਨ ਵਿੱਚ ਵੀ ਇਕ ਸ਼ਾਮਲ ਹੈ। ਅਜਿਹੇ 80 ਤੋਂ ਵੱਧ ਸਿੱਖ ਕੈਦੀਆਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ। ਇਸ ਮੰਗ ਸਬੰਧੀ ਬਜ਼ੁਰਗ ਸਿੱਖ ਆਗੂ ਭਾਈ ਸੂਰਤ ਸਿੰਘ ਖਾਲਸਾ ਵੱਲੋਂ 100 ਦਿਨ ਤੋਂ ਵਧੇਰੇ ਭੁੱਖ ਹੜਤਾਲ ਕੀਤੀ ਗਈ ਹੈ। ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਸਿੱਖ ਬੰਦੀਆਂ ਦੀ ਰਿਹਾਈ ਸਬੰਧੀ ਸਰਕਾਰ ਨਾਲ ਗੱਲਬਾਤ ਦਾ ਦੌਰ ਜਾਰੀ ਹੈ ਪਰ ਸੰਘਰਸ਼ ਕਮੇਟੀ ਉਸ ਵੇਲੇ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ ਜਦੋਂ ਤੱਕ ਨਤੀਜੇ ਸਾਹਮਣੇ ਨਹੀਂ ਆ ਜਾਂਦੇ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਭਰੋਸਾ ਦਿੱਤਾ ਜਾ ਚੁੱਕਾ ਹੈ ਪਰ ਵਾਅਦਾ ਪੂਰਾ ਨਹੀਂ ਕੀਤਾ ਗਿਆ ਸੀ।
ਉਨ੍ਹਾਂ ਦਸਿਆ ਕਿ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਵੀ ਮੁਲਾਕਾਤ ਕਰਨੀ ਸੀ ਪਰ ਉਹ ਕੁਝ ਰੁਝੇਵਿਆਂ ਕਾਰਨ ਸ਼ਹਿਰ ਤੋਂ ਬਾਹਰ ਹਨ। ਇਸ ਲਈ ਸੰਘਰਸ਼ ਕਮੇਟੀ ਦੇ ਸਥਾਨਕ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਉਹ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਨ ਅਤੇ ਆਪਣਾ ਮੰਗ ਪੱਤਰ ਸੌਂਪਣ।
ਸਿੱਖ ਵਫਦ ਜਥੇਦਾਰ ਕੋਲ ਆਪਣੇ ਗਿਲੇ ਸ਼ਿਕਵੇ ਵੀ ਰੱਖੇਗਾ। ਉਨ੍ਹਾਂ ਆਖਿਆ ਕਿ ਭਾਵੇਂ ਇਹ ਮਾਮਲਾ ਸਰਕਾਰਾਂ ਨਾਲ ਸਬੰਧਤ ਹੈ ਪਰ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨੀ ਚਾਹੀਦੀ ਹੈ। ਉਹ ਕੌਮ ਦੇ ਜਥੇਦਾਰ ਵਜੋਂ ਆਪਣੇ ਫਰਜ਼ ਨਿਭਾਉਣ।
ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਵਿੱਚ ਭਾਈ ਮੋਹਕਮ ਸਿੰਘ, ਵੱਸਣ ਸਿੰਘ ਜੱਫਰਵਾਲ, ਹਰਬੀਰ ਸਿੰਘ ਸੰਧੂ, ਜਰਨੈਲ ਸਿੰਘ ਸਖੀਰਾ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ ਝਬਾਲ, ਬਲਦੇਵ ਸਿੰਘ ਸਿਰਸਾ ਤੇ ਹੋਰ ਹਾਜ਼ਰ ਸਨ।