March 14, 2020 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਗੁਰਦਾਸਪੁਰ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਖਿਲਾਫ ਸਾਲ 2013 ਵਿੱਚ ਬਣਾਏ ਗਏ ਇੱਕ ਮਾਮਲੇ ਨੂੰ ਬਰੀ ਕਰ ਦਿੱਤਾ ਹੈ। ਪਿਛਲੇ ਸ਼ਨਿੱਚਰਵਾਰ 7 ਮਾਰਚ ਨੂੰ ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਦਾਲਤ ਨੇ ਇਕ ਵੱਡਾ ਫੈਸਲਾ ਸੁਣਾਉਂਦਿਆਂ ਪੁਰਾਣਾ ਸ਼ਾਲਾ ਥਾਣੇ ਦੀ ਐਫ.ਆਈ.ਆਰ ਨੰਬਰ 83/2013 ਵਿੱਚ ਨਾਮਜ਼ਦ ਕੀਤੇ ਗਏ ਸਾਰੇ ਸਿੱਖ ਨੌਜਵਾਨਾਂ ਨੂੰ ਬਰੀ ਕਰ ਦਿੱਤਾ।
ਦੱਸ ਦਈਏ ਕਿ 29 ਮਾਰਚ 2012 ਨੂੰ ਪੰਜਾਬ ਪੁਲੀਸ ਵੱਲੋਂ ਗੁਰਦਾਸਪੁਰ ਵਿਖੇ ਸਿੱਖ ਨੌਜਵਾਨਾਂ ਉੱਪਰ ਗੋਲੀਬਾਰੀ ਕਰ ਦਿੱਤੀ ਗਈ ਸੀ ਜਿਸ ਵਿੱਚ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਸ਼ਹੀਦ ਹੋ ਗਏ ਸਨ। ਜਦੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਪੁਲੀਸ ਗੋਲੀਬਾਰੀ ਲਈ ਦੋਸ਼ੀ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਉਸ ਵੇਲੇ ਸਤੰਬਰ 2013 ਵਿੱਚ ਪੰਜਾਬ ਪੁਲੀਸ ਵੱਲੋਂ ਕੁੱਝ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿਨ੍ਹਾਂ ਵਿੱਚ ਕਿ ਭਾਈ ਜਸਪਾਲ ਸਿੰਘ ਚੌੜਸਿੱਧਵਾਂ ਦੇ ਕਰੀਬੀ ਰਿਸ਼ਤੇਦਾਰ ਵੀ ਸ਼ਾਮਲ ਸਨ।
ਪੁਲਿਸ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਇਹ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਬਦਲਾ ਲੈਣ ਲਈ ਸ਼ਿਵ ਸੈਨਾ ਆਗੂਆਂ ਉੱਪਰ ਹਮਲਾ ਕਰਨ ਦੀ ਤਿਆਰੀ ਕਰ ਰਹੇ ਸਨ।
ਸਿੱਖ ਧਿਰਾਂ ਵੱਲੋਂ ਉਸ ਵੇਲੇ ਤੋਂ ਹੀ ਇਹ ਕਿਹਾ ਜਾ ਰਿਹਾ ਸੀ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਹੈ।
ਹੁਣ ਸੱਤ ਸਾਲ ਬਾਅਦ ਮੁਕੱਦਮੇ ਦੀ ਸੁਣਵਾਈ ਕਰਨ ਵਾਲੀ ਅਦਾਲਤ ਨੇ ਵੀ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ।
ਇਸ ਸਬੰਧ ਵਿੱਚ ਬਚਾਅ ਪੱਖ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਂਝੀ ਕਰ ਰਹੇ ਹਾਂ।
Related Topics: Gurdaspur Incident, Jaspal Singh Manjhpur (Advocate), Shaheed Bhai Jaspal Singh Gurdaspur