ਖਾਸ ਖਬਰਾਂ » ਸਿੱਖ ਖਬਰਾਂ

ਡਿਬਰੂਗੜ੍ਹ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਦੀ ਪੰਜਾਬ ਤਬਦੀਲ ਲਈ ਭੁੱਖ ਹੜਤਾਲ ਸ਼ੁਰੂ

February 23, 2024 | By

ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਵੱਲੋਂ ਸਿੱਖ ਸਿਆਸਤ ਨੂੰ ਭੇਜੇ ਇਕ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਮਾਤਾ ਪਿਤਾ, ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਇਕੱਤਰਤਾ ਅਤੇ ਅਰਦਾਸ ਉਪਰੰਤ ਸਾਰਾਗੜ੍ਹੀ ਸਰਾਂ ਦੇ ਬਾਹਰ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਹੈ। 

ਇਸ ‘ਮੋਰਚੇ’ ਦੀ ਅਗਵਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ ਬੀਬੀ ਬਲਵਿੰਦਰ ਕੌਰ ਵੱਲੋਂ ਕੀਤੀ ਜਾ ਰਹੀ ਹੈ।

ਇਕੱਤਰਤਾ ਮੌਕੇ ਉਨ੍ਹਾਂ ਨਾਲ ਸ. ਤਰਸੇਮ ਸਿੰਘ (ਅੰਮ੍ਰਿਤਪਾਲ ਸਿੰਘ ਦੇ ਪਿਤਾ), ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਚਰਨ ਸਿੰਘ ਗਰੇਵਾਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕੰਵਰ ਚੜ੍ਹਤ ਸਿੰਘ ਅਤੇ ਬਲਵੰਤ ਸਿੰਘ ਗੋਪਾਲਾ, ਤੋਂ ਇਲਾਵਾ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਹੋਰ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹਨ।

ਪ੍ਰੈਸ ਨੋਟ ਅਨੁਸਾਰ ਇਸ ਮੌਕੇ ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ “ਸਰਕਾਰ ਤੋਂ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਕੋਈ ਉਮੀਦ ਨਹੀਂ ਰਹੀ ਹੈ। ਹੁਣ ਸਾਡਾ ਸਰਕਾਰ ’ਤੇ ਕੋਈ ਵਿਸ਼ਵਾਸ ਨਹੀਂ ਰਿਹਾ। ਡਿਬਰੂਗੜ ਜੇਲ੍ਹ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਦਾ ਕੋਈ ਨੁਕਸਾਨ ਹੋਇਆ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ”। 

ਉਨ੍ਹਾਂ ਕਿਹਾ ਕਿ “ਪ੍ਰਸ਼ਾਸਨ ਹੁਣ ਹਰਕਤ ਵਿਚ ਆਈ ਹੈ ਜਦੋਂ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਡਿਬਰੂਗੜ ਦੇ ਹਾਲਾਤਾਂ ਅਤੇ ਨੌਜਵਾਨਾਂ ਵੱਲੋਂ ਜੀਵਨ ਮੌਤ ਦੀ ਲੜਾਈ ਲੜ ਰਹੇ ਹੋਣ ਬਾਰੇ ਜਾਣੂ ਕਰਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਕੋਈ ਦਿਲਚਸਪੀ ਅਤੇ ਗੰਭੀਰਤਾ ਨਹੀਂ ਦਿਖਾਈ।  ਅੱਜ ਭੁੱਖ ਹੜਤਾਲ ’ਤੇ ਬੈਠਣ ਦੇ ਫੈਸਲੇ ਕਾਰਨ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਗਲ ਕਰਾਉਣ ਦੇ ਲਾਰੇ ਲਾਏ ਗਏ। ਪਰ ਅਸੀਂ ਕਿਹਾ ਕਿ ਪੰਜਾਬ ਸਰਕਾਰ ਐਲਾਨ ਕਰੇ ਕਿ ਸਾਡੇ ਪੰਜਾਬ ਦੇ ਨੌਜਵਾਨ ਹਨ ਤੇ ਪੰਜਾਬ ਲਿਆਉਣਾ ਹੈ”।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,