ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਸਿਆਸੀ ਖਬਰਾਂ

ਰਾਸ਼ਟਰੀ ਸਿੱਖ ਸੰਗਤ ਦੇ ਪ੍ਰੋਗਰਾਮ ‘ਚ ਸਿੱਖਾਂ ਨੂੰ ਸ਼ਾਮਲ ਨਹੀਂ ਹੋਣਾ ਚਾਹੀਦਾ: ਪ੍ਰੋ. ਬਡੂੰਗਰ

By ਸਿੱਖ ਸਿਆਸਤ ਬਿਊਰੋ

October 25, 2017

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਰਾਸ਼ਟਰੀ ਸਿੱਖ ਸੰਗਤ ਦੀ 25 ਅਕਤੂਬਰ ਨੂੰ ਦਿੱਲੀ ਵਿੱਚ ਕਰਵਾਏ ਜਾ ਰਹੇ ਸਮਾਗਮ ਪ੍ਰਤੀ ਨੀਅਤ ਠੀਕ ਨਹੀਂ, ਇਸ ਲਈ ਸਿੱਖ ਕੌਮ ਨੂੰ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ 2004 ਵਿੱਚ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸੰਦੇਸ਼ ’ਤੇ ਪਹਿਰਾ ਦੇਣ ਦੀ ਲੋੜ ਹੈ। ਉਹ ਕੱਲ੍ਹ (24 ਅਕਤੂਬਰ, 2017) ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿੱਚ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੇ ਜੀਵਨ ਅਤੇ ਯੋਗਦਾਨ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਸੈਮੀਨਾਰ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਪ੍ਰੋ. ਬਡੂੰਗਰ ਨੇ ਇਹ ਮੰਨਣੋਂ ਸਾਫ ਇਨਕਾਰ ਕਰ ਦਿੱਤਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਾਦਲ ਵੱਲੋਂ ਭੇਜੇ ਬੰਦ ਲਿਫ਼ਾਫ਼ੇ ਵਿੱਚੋਂ ਨਿਕਲਦਾ ਹੈ। ਪ੍ਰੋ. ਬਡੂੰਗਰ ਨੇ ਦਾਅਵਾ ਕੀਤਾ ਕਿ ਜਦੋਂ ਉਹ ਪ੍ਰਧਾਨ ਬਣੇ ਸਨ ਤਾਂ ਅਕਾਲੀ ਦਲ (ਅੰਮ੍ਰਿਤਸਰ) ਸਣੇ ਸਮੂਹ ਪਾਰਟੀਆਂ ਤੇ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਚੋਣ ਕੀਤੀ ਸੀ। ਦੀਵਾਨ ਟੋਡਰ ਮੱਲ ਯਾਦਗਾਰੀ ਹਵੇਲੀ ਸਬੰਧੀ ਉਨ੍ਹਾਂ ਦੱਸਿਆ ਕਿ ਇਸ ’ਤੇ ਹੁਣ ਤੱਕ 2 ਕਰੋੜ 10 ਲੱਖ 53 ਹਜ਼ਾਰ 497 ਰੁਪਏ ਖ਼ਰਚ ਹੋ ਚੁੱਕੇ ਹਨ ਤੇ ਬਾਕੀ ਦਾ ਐਸਟੀਮੇਟ ਤਿਆਰ ਹੋ ਚੁੱਕਿਆ ਹੈ ਅਤੇ ਜਲਦੀ ਹੀ ਇਹ ਹਵੇਲੀ ਕੌਮ ਦੇ ਹਵਾਲੇ ਹੋਵੇਗੀ।

ਸਬੰਧਤ ਖ਼ਬਰ: ਸਿੱਖ, ਆਰਐਸਐਸ ਵਲੋਂ 25 ਅਕਤੂਬਰ ਨੂੰ ਉਲੀਕੇ ਪ੍ਰੋਗਾਰਾਮ ਦਾ ਬਾਈਕਾਟ ਕਰਨ: ਯੂਨਾਇਟਿਡ ਸਿੱਖ ਪਾਰਟੀ …

ਇਸ ਸਮਾਗਮ ਵਿੱਚ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਖਦਰਸ਼ਨ ਸਿੰਘ ਖਹਿਰਾ, ਗੁਰਦੁਆਰਾ ਫਤਿਹਗੜ੍ਹ ਸਾਹਿਬ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰੀ, ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਪ੍ਰਬੰਧਕ ਕਮੇਟੀ ਮੈਂਬਰ ਨਵਤੇਜ ਸਿੰਘ, ਯੂਨੀਵਰਸਿਟੀ ਟਰੱਸਟ ਮੈਂਬਰ ਅਮਰਜੀਤ ਸਿੰਘ ਸਿੱਧੂ, ਰਜਿਸਟਰਾਰ ਡਾ. ਪ੍ਰਿਤਪਾਲ ਸਿੰਘ, ਡੀਨ ਰਿਸਰਚ ਡਾ. ਆਰ. ਕੇ. ਸ਼ਰਮਾ, ਡੀਨ ਵਿਦਿਆਰਥੀ ਭਲਾਈ ਡਾ. ਬੀਰਬਿਕਰਮ ਸਿੰਘ, ਸਿੱਖਿਆ ਡਾਇਰੈਕਟਰ ਡਾ. ਜਤਿੰਦਰ ਸਿੰਘ ਸਿੱਧੂ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: