Site icon Sikh Siyasat News

ਕੇਜਰੀਵਾਲ ‘ਤੇ ਪੱਥਰ ਸੁੱਟਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ: ਸੁਖਬੀਰ ਬਾਦਲ

ਚੰਡੀਗੜ੍ਹ: ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰ ਉੱਤੇ ਪੱਥਰ ਸੁੱਟਣ ਵਾਲੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸੁਖਬੀਰ ਬਾਦਲ (ਫਾਈਲ ਫੋਟੋ)

ਇੱਥੋਂ ਜਾਰੀ ਇਕ ਬਿਆਨ ਵਿਚ ਸ. ਬਾਦਲ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਉਨ੍ਹਾਂ ਲੁਧਿਆਣਾ ਪੁਲਿਸ ਨੂੰ ਪੱਥਰ ਸੁੱਟਣ ਵਾਲਿਆਂ ਉੱਤੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਤੁਰੰਤ ਮਾਮਲੇ ’ਤੇ ਕਾਰਵਾਈ ਕਰਨ ਲਈ ਕਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਡੀਜੀਪੀ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਜੇਕਰ ‘ਆਪ’ ਆਗੂ ਨੂੰ ਪੰਜ ਦਿਨਾਂ ਪੰਜਾਬ ਦੌਰੇ ਦੌਰਾਨ ਦਿੱਤੀ ਸੁਰੱਖਿਆ ਵਿਚ ਕੋਈ ਕੁਤਾਹੀ ਸਾਹਮਣੇ ਆਉਂਦੀ ਹੈ ਤਾਂ ਇਸਦੀ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਡੀਜੀਪੀ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਭਵਿੱਖ ਵਿਚ ਅਜਿਹੀ ਕੋਈ ਘਟਨਾ ਨਾ ਵਾਪਰੇ ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੌਰੇ ਦੌਰਾਨ ਪੰਜਾਬ ਸਰਕਾਰ ਵੱਲੋਂ ਕੇਜਰੀਵਾਲ ਨੂੰ ਪੂਰੀ ਸੁਰੱਖਿਆ ਦਿੱਤੀ ਗਈ ਸੀ ਅਤੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਉਹ ਇਸ ਮੰਦਭਾਗੀ ਘਟਨਾ ਲਈ ਕੋਈ ਸਿਆਸੀ ਹੰਗਾਮਾ ਨਾ ਕਰੇ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਬੰਧ ਹੈ, ਪਾਰਟੀ ਹਮੇਸ਼ਾ ਹੀ ਰੋਸ ਕਰਨ ਵਾਲਿਆਂ ਦੇ ਹੱਕ ਵਿਚ ਖੜ੍ਹੀ ਹੈ ਅਤੇ ਇਸਨੇ ਕਦੇ ਵੀ ਰੋਸ ਕਰਨ ਵਾਲਿਆਂ ਦੀ ਆਵਾਜ਼ ਨੂੰ ਗੈਰ ਲੋਕਰਾਜੀ ਢੰਗ ਨਾਲ ਦਬਾਉਣ ਦੀ ਕੋਸ਼ਿਸ਼ ਨਹੀਂ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version