ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਕਰਵਾਏ ਗਏ ਸ਼ਹੀਦੀ ਸਮਾਗਮ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਸਹਿਯੋਗ ’ਤੇ ਤਸੱਲੀ ਪ੍ਰਗਟਾਈ ਹੈ। ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਜਾਂਦਾ ਸਮਾਗਮ ਸਿੱਖ ਵਿਰੋਧੀਆਂ ਨੂੰ ਹਮੇਸ਼ਾਂ ਰੜਕਦਾ ਰਿਹਾ ਹੈ ਅਤੇ ਉਹ ਸ਼ਾਂਤਮਈ ਸ਼ਹੀਦੀ ਸਮਾਗਮ ਵਿੱਚ ਅੜਿੱਕਾ ਲਾਉਣ ਦਾ ਯਤਨ ਕਰਦੇ ਹਨ।
ਗੁਰਦੁਆਰਾ ਪਾਤਸ਼ਾਹੀ ਨੌਵੀਂ, ਭਵਾਨੀਗੜ੍ਹ ਵਿਖੇ 4 ਜੂਨ ਦੀ ਸ਼ਾਮ ਨੂੰ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਸਮਾਗਮ ਦੇ ਮੁੱਖ ਬੁਲਾਰੇ ਸਿੱਖ ਚਿੰਤਕ ਅਜਮੇਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੂਨ 1984 ਵਿਚ ਦਿੱਲੀ ਦੇ ਹਾਕਮਾਂ ਵਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਉੱਤੇ ਕੀਤਾ ਗਿਆ ਫੌਜੀ ਹਮਲਾ ਇਕ ਸੋਚੀ ਸਮਝੀ ਜੰਗ ਦਾ ਸਿਖਰ ਸੀ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਚੌਂਕ ਮਹਿਤਾ ਫੇਰੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 6 ਜੂਨ ਦੇ ਸ਼ਹੀਦੀ ਦਿਹਾੜੇ ਨੂੰ ਅਮਨ-ਸ਼ਾਂਤੀ ਨਾਲ ਮਨਾਉਣ ਦਾ ਯਤਨ ਕਰ ਰਹੀ ਹੈ ਪਰ ਕਾਂਗਰਸ ਦੀ ਸ਼ਹਿ ’ਤੇ ਕਾਰਜਕਾਰੀ ਜਥੇਦਾਰ ਅਤੇ ਕੁਝ ਹੋਰ ਲੋਕ ਇਸ ਦਿਨ ਦੇ ਸਮਾਗਮਾਂ ਵਿੱਚ ਵਿਘਨ ਪਾਉਣ ਲਈ ਯਤਨਸ਼ੀਲ ਹਨ। ਉਹ ਐਤਵਾਰ ਨੂੰ ਦਮਦਮੀ ਟਕਸਾਲ ਦੇ ਮੁੱਖ ਦਫਤਰ ਮਹਿਤਾ ਚੌਕ ਵਿੱਚ ਘੱਲੂਘਾਰੇ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨਾਲ ਲਗਭਗ ਇੱਕ ਘੰਟਾ ਬੰਦ ਕਮਰਾ ਮੀਟਿੰਗ ਵੀ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਥੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦੀ ਅਰੰਭਤਾ ਦੀ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਤੇ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਗ੍ਰੰਥੀ ਅਕਾਲ ਤਖ਼ਤ ਸਾਹਿਬ ਨੇ ਲਿਆ। ਅਕਾਲ ਤਖਤ ਸਾਹਿਬ ਦੀ ਪਹਿਲੀ ਮੰਜ਼ਿਲ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ 6 ਜੂਨ ਨੂੰ ਪੈਣਗੇ।
ਦਲ ਖਾਲਸਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਜੂਨ 1984 ਨੂੰ ਦਰਬਾਰ ਸਾਹਿਬ ਅੰਦਰ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਆਪਣੇ ਨੇੜਲੇ ਇਤਿਹਾਸਕ ਗੁਰਦੁਆਰੇ ਵਿੱਚ 6 ਜੂਨ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿੱਚ ਹਿੱਸਾ ਲੈਣ।
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਵੀਰਵਾਰ (1 ਜੂਨ) ਨੂੰ ਅੰਮ੍ਰਿਤਸਰ, ਕਪੂਰਥਲਾ, ਹੁਸਿਆਰਪੁਰ, ਤਰਨਤਾਰਨ, ਜਲੰਧਰ, ਗੁਰਦਾਸਪੁਰ ਅਤੇ ਹੋਰ ਕਈ ਜ਼ਿਲ੍ਹਿਆਂ ਵਿਚ ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰਾਂ, ਮੈਬਰਾਂ ਅਤੇ ਸਮਰਥਕਾਂ ਦੇ ਘਰਾਂ ਵਿਚ ਛਾਪੇ ਮਾਰਨ ਅਤੇ ਗ੍ਰਿਫ਼ਤਾਰੀਆਂ ਕਰਨ ਨਿਖੇਧੀ ਕੀਤੀ।