ਹਰੀਦੁਆਰ ਸਥਿਤ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਅਕਾਲ ਤਖ਼ਤ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਸਮੇਤ ਦੇਸ਼ ਵਿਦੇਸ਼ ਦੀ ਸੰਗਤ ਵਲੋਂ ਗੁਰਦੁਆਰਿਆਂ ਵਿਚ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਗਈ ਹੈ। ਜਿਸ ਤਹਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਪੁਜੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਸਿੱਖ ਜਥੇਬੰਦੀਆਂ ਦੀ ਇਕ ਮੀਟਿੰਗ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਆਪੋ ਆਪਣੇ ਨੇੜਲੇ ਗੁਰਦਆਰਾ ਸਾਹਿਬਨ ਵਿੱਚ 14 ਮਈ ਨੂੰ ਸਵੇਰੇ 9 ਵਜੇ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ।
ਗਿਆਨੀ ਗੁਰਬਚਨ ਸਿੰਘ ਨੇ ਹਰਿਦੁਆਰ ਸਥਿਤ ਗੁਰੂ ਨਾਨਕ ਸਾਹਿਬ ਨਾਲ ਸਬੰਧਤ ਗੁਰਦੁਆਰੇ ਦੀ ਮੁੜ੍ਹ ਉਸਾਰੀ ਦੀ ਮੁਹਿੰਮ ਲਈ ਸਮੁੱਚੀ ਕੌਮ ਨੂੰ ਇਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਸ ਤਹਿਤ ਦੇਸ਼-ਵਿਦੇਸ਼ ਦੀ ਸੰਗਤ ਨੂੰ 14 ਮਈ ਨੂੰ ਆਪੋ-ਆਪਣੇ ਨਗਰ ਦੇ ਗੁਰਦੁਆਰਿਆਂ ਜਾਂ ਘਰਾਂ ਵਿੱਚ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਗਈ, ਜਿਸ ਮਗਰੋਂ ਅਗਲਾ ਸਾਂਝਾ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ।
ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਦੀ ਸਥਾਪਨਾ ਲਈ ਯਤਨਸ਼ੀਲ ਸੰਗਤਾਂ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਿਸ਼ੀਕੇਸ਼ ਵਿਖੇ ਮੁਲਾਕਾਤ ਕੀਤੀ। ਦਿੱਲੀ ਕਮੇਟੀ ਵਲੋਂ ਜਾਰੀ ਇਕ ਪ੍ਰੈਸ ਬਿਆਨ 'ਚ ਦੱਸਿਆ ਗਿਆ ਕਿ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ ’ਤੇ ਤਥਾਂ ਦੀ ਜਾਣਕਾਰੀ ਲੈਣ ਗਏ ਵਫਦ ਦੀ ਅਗਵਾਹੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਕੀਤੀ। ਵਫਦ ’ਚ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ, ਲੇਖਕ ਹਰਭਜਨ ਸਿੰਘ ਤੇ ਨੌਜਵਾਨ ਆਗੂ ਭੂਪਿੰਦਰ ਪਾਲ ਸਿੰਘ ਅਤੇ ਡਾ. ਪੁੰਨਪ੍ਰੀਤ ਸਿੰਘ ਮੌਜੂਦ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉੱਤਰਾਖੰਡ) ਮਾਮਲੇ ਸਬੰਧੀ ਗਠਿਤ ਕੀਤੀ ਗਈ ਕਮੇਟੀ ਦੇ ਮੈਂਬਰਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰਾ ਸਿੰਘ ਰਾਵਤ ਨਾਲ ਮੁਲਾਕਾਤ ਕਰਕੇ ਗੁਰਦੁਆਰਾ ਸਾਹਿਬ ਲਈ ਜਗ੍ਹਾ ਦੇਣ ਦੀ ਮੰਗ ਕੀਤੀ ਤਾਂ ਜੋ ਗੁਰਦੁਆਰਾ ਸਾਹਿਬ ਦੀ ਜਲਦ ਉਸਾਰੀ ਹੋ ਸਕੇ। ਇਸ ਵਫਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਹਰਚਰਨ ਸਿੰਘ ਅਤੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਸ਼ਾਮਲ ਸਨ।
ਹਰਿਦੁਆਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਜਗਾ ‘ਤੇ, ਜਿੱਥੇ ਗੁਰੂ ਸਾਹਿਬ ਨੇ ਸੂਰਜ਼ ਨੂੰ ਪਾਣੀ ਦੇ ਰਹੇ ਪਾਂਡਿਆਂ ਨੂੰ ਗਿਆਨ ਦਾ ਪ੍ਰਕਾਸ਼ ਬਖਸ਼ਿਆ ਸੀ, ਉੱਥੇ ਉਨ੍ਹਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਣਿਆ ਹੋਇਆ ਸੀ।
« Previous Page