ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਨੇ ਅੱਜ (12 ਦਸੰਬਰ, 2017) ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਪੇਸ਼ ਹੋਕੇ ਉਪਰੋਕਤ ਘਟਨਾਵਾਂ ਲਈ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਸੱਤਾ ਭੁੱਖ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੁਝਾਅ ਦਿੱਤਾ ਹੈ ਕਿ ਮਾਮਲੇ ਦੀ ਤਹਿ ਤੀਕ ਜਾਣ ਲਈ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਵਿਚਲੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਦੇ ਨਾਰਕੋ ਟੈਸਟ ਕਰਵਾਏ ਜਾਣ।
ਸਤੰਬਰ 2015 ਵਿੱਚ ਡੇਰਾ ਸਿਰਸਾ ਮੁੱਖੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਤਖਤਾਂ ਦੇ ਜਥੇਦਾਰਾਂ ਵਲੋਂ ਦਿੱਤੀ ਗਈ ਬਿਨਮੰਗੀ ਮੁਆਫੀ ਦੇ ਹੁਕਮ ਉਸ ਵੇਲੇ ਦੇ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ, ਉਪ ਮੁਖ ਮੰਤਰੀ ਸੁਖਬੀਰ ਬਾਦਲ ਨੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਤੋਂ ਜਥੇਦਾਰਾਂ ਨੂੰ ਮਿਲੇ ਸਨ, ਦਾ ਇੰਕਸ਼ਾਫ ਕਰਨ ਵਾਲੇ ਤਖਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਨੇ ਕਮੇਟੀ ਅਧਿਕਾਰੀਆਂ ਵਲੋਂ ਪ੍ਰੇਸ਼ਾਨ ਕਰਨ ਕਾਰਣ ਕਮੇਟੀ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ।