ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਪੁਿਲਸ ਵੱਲੋਂ ਗੋਲੀ ਚਲਾਉਣ ਦੀਆਂ ਘਟਨਾਵਾਂ ਬਾਰੇ ਨਿਆਂਕਾਰ ਰਣਜੀਤ ਸਿੰਘ ਦੇ ਲੇਖੇ’ ਦਾ ਪੰਜਾਬੀ ਉਲੱਥਾ ਪ੍ਰਕਾਸ਼ਿਤ ਕੀਤਾ ਗਿਆ ਹੈ। ਇਹ ਕਿਤਾਬ ਹੁਣ ਛਪ ਕੇ ਆ ਚੁੱਕੀ ਹੈ ਅਤੇ ਪੰਜਾਬ ਤੇ ਇੰਡੀਆ ਸਮੇਤ ਦੁਨੀਆ ਭਰ ਵਿਚ ਰਹਿੰਦੇ ਪਾਠਕ ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਅਤੇ ਸਿੱਖ ਸਿਆਸਤ ਰਾਹੀਂ ਮੰਗਵਾ ਸਕਦੇ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਤਹਿ ਤੱਕ ਜਾਣ ਲਈ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਨਵਾਂ ਕਮਿਸ਼ਨ ਬਣਾਇਆ ਸੀ। 14 ਅਪਰੈਲ 2017 ਨੂੰ ਬਣਾਏ ਕਮਿਸ਼ਨ ਨੇ ਛੇ ਮਹੀਨਿਆਂ ’ਚ ਰਿਪੋਰਟ ਦੇਣੀ ਸੀ, ਪਰ ਦਸ ਮਹੀਨੇ ਬੀਤਣ ’ਤੇ ਵੀ ਅਜੇ ਤੱਕ ਰਿਪੋਰਟ ਨਹੀਂ ਸੌਂਪੀ ਗਈ।
ਬੀਤੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਨਵਾਂਸ਼ਹਿਰ ਵਿੱਚ ਪੰਜ ਥਾਈਂ ਦੌਰਾ ਕਰ ਕੇ ਜਾਇਜ਼ਾ ਲਿਆ ਤੇ ਬਿਆਨ ਕਲਮਬੱਧ ਕੀਤੇ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਨੇ ਅੱਜ (12 ਦਸੰਬਰ, 2017) ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਪੇਸ਼ ਹੋਕੇ ਉਪਰੋਕਤ ਘਟਨਾਵਾਂ ਲਈ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਸੱਤਾ ਭੁੱਖ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੁਝਾਅ ਦਿੱਤਾ ਹੈ ਕਿ ਮਾਮਲੇ ਦੀ ਤਹਿ ਤੀਕ ਜਾਣ ਲਈ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਵਿਚਲੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਦੇ ਨਾਰਕੋ ਟੈਸਟ ਕਰਵਾਏ ਜਾਣ।