ਭਾਰਤ ਦੇ 14ਵੇਂ ਰਾਸ਼ਟਰਪਤੀ ਲਈ ਚੋਣ ਅੱਜ ਹੋਣ ਜਾ ਰਹੀ ਹੈ, ਜਿਸ ਵਿੱਚ ਐਨਡੀਏ ਉਮੀਦਵਾਰ ਰਾਮ ਨਾਥ ਕੋਵਿੰਦ ਦਾ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਦੇ ਨਾਲ ਮੁਕਾਬਲਾ ਹੈ। ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਨਵੀਂ ਦਿੱਲੀ, ਜਿਥੇ ਵੱਖ ਵੱਖ ਸੂਬਿਆਂ ’ਚੋਂ ਬੈਲੇਟ ਬਕਸੇ ਲਿਆਂਦੇ ਜਾਣਗੇ, ਵਿੱਚ ਹੋਵੇਗੀ। ਵੋਟਰ, ਜਿਨ੍ਹਾਂ ਵਿੱਚ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਤੇ ਵਿਧਾਨ ਸਭਾਵਾਂ ਦੇ ਮੈਂਬਰ ਸ਼ਾਮਲ ਹਨ।
ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਐਨਡੀਏ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਲਈ ਵੋਟਾਂ ਮੰਗਣ ਬਾਬਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਘਰ ਪੁੱਜੇ। ਉਨ੍ਹਾਂ ਨੇ ਇੱਕ ਘੰਟਾ ਬੈਂਸ ਭਰਾਵਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਮਗਰੋਂ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਰਾਮ ਨਾਥ ਕੋਵਿੰਦ ਨੂੰ ਹੀ ਸਮਰਥਨ ਦੇਣਗੇ।
ਚੰਡੀਗੜ੍ਹ ਲਈ ਵੱਖਰਾ ਪ੍ਰਸ਼ਾਸਕ ਲਾਏ ਜਾਣ ਦਾ ਮਾਮਲਾ ਹਾਲ ਦੀ ਘੜੀ ਟਲ ਗਿਆ ਹੈ। ਪੰਜਾਬ ਵਿਚ ਵੱਖ-ਵੱਖ ਰਾਜਨੀਤਕ ਦਲਾਂ ਦੇ ਵਿਰੋਧ ਕੀਤੇ ਜਾਣ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਲਈ ਅਲਾਹਿਦਾ ਪ੍ਰਸ਼ਾਸਕ ਲਾਏ ਜਾਣ ਦੇ ਹੁਕਮ ਰੋਕਣੇ ਪਏ ਹਨ। ਪੰਜਾਬ ਦੇ ਰਾਜਪਾਲ ਕੋਲ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਬਰਕਰਾਰ ਰਹਿਣ ਦੇ ਆਸਾਰ ਬਣ ਗਏ ਹਨ। ਪੰਜਾਬ ਦੇ ਨਵੇਂ ਬਣੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਦੇ ਅਹੁਦਾ ਸੰਭਾਲਣ ਤਕ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕੰਮ ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੂੰ ਦੇਖਣ ਲਈ ਕਿਹਾ ਗਿਆ ਹੈ।