ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚੋਂ ਵੱਖ ਹੋਏ ਮਾਝੇ ਦੇ ਸਿਆਸੀ ਆਗੂਆਂ ਨੇ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਉਣ ਦਾ ਐਲਾਨ ਕਰ ਦਿੱਤਾ। ਲੰਘੇ 7 ਦਹਾਕਿਆਂ ਤੋਂ ਸਿਆਸਤ ਵਿਚ ਸਰਗਰਮ ਅਤੇ ਆਪਣੇ ਆਪ ਨੂੰ ਪਰਕਾਸ਼ ਸਿੰਘ ਬਾਦਲ ਤੋਂ ਬਾਅਦ ਦੂਜੇ ਨੰਬਰ ਦਾ ‘ਸੀਨੀਅਰ ਅਕਾਲੀ’ ਦੱਸਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਇਸ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।
ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਾਗ਼ੀ ਹੋਏ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਲੋਕ ਸਭਾ ਮੈਂਬਰ ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਕਿਹਾ ਹੈ ਕਿ ਉਹ 14 ਦਸੰਬਰ ਨੂੰ 1920 ਵਾਲੇ ‘ਸ਼੍ਰੋਮਣੀ ਅਕਾਲੀ ਦਲ’ ਨੂੰ ਸੁਰਜੀਤ ਕਰਨਗੇ।
ਸਾਲ 2015 ਵਿੱਚ ਵਾਪਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਬਾਦਲ ਪਿਉ-ਪੁੱਤਰ ਦਾ ਨਾਮ ਸਾਹਮਣੇ ਆਉਣ ਅਤੇ ਦਲ ਦੇ ਅਹੁਦੇਦਾਰਾਂ ਵਲੋਂ ਅਪਣਾਈ ਪਹੁੰਚ ਨੂੰ ਲੈਕੇ ਪਾਰਟੀ ਨਿਜ਼ਾਮ ਖਿਲਾਫ ਬਗਾਵਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਨਾਲ ਸੰਬੰਧਤ ਆਗੂਆਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਕੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਦਾਸ ਕੀਤੀ।