ਬੰਦੀ ਛੋੜ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ 2015 ਦੇ ਪੰਥਕ ਇਕੱਠ ਵੱਲੋਂ ਐਲਾਨੇ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤੇ ਜਾਣ ਨੂੰ ਲੈਕੇ ਪੈਦਾ ਹੋਏ ਹਾਲਾਤਾਂ ਨਾਲ ਨਿਪਟਣ ਲਈ ਪੁਲਿਸ ਵਲੋਂ ਕੀਤੇ ਗਏ ਸਖਤ ਪ੍ਰਬੰਧ ਚਰਚਾ ਦਾ ਵਿਸ਼ਾ ਜਰੂਰ ਬਣੇ ਹਨ।
ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰੀ ਤੇ ਵਿਸ਼ੇਸ਼ ਕਰਕੇ ਕਾਂਗਰਸ ਦੀ ਦਖਲਅੰਦਾਜ਼ੀ ਦਾ ਦੁਖੜਾ ਰੋਣ ਵਾਲੀ ਸ਼੍ਰੋਮਣੀ ਕਮੇਟੀ ਅਤੇ ਇਸ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਬੰਦੀ ਛੋੜ ਦਿਹਾੜੇ ਮੌਕੇ ਸੰਦੇਸ਼ ਪੜੇ ਜਾਣ ਦੀ ਆੜ ਹੇਠ ਦਰਬਾਰ ਸਾਹਿਬ ਦਾ ਸਮੁੱਚਾ ਸੁਰੱਖਿਆ ਪ੍ਰਬੰਧ ਹੀ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ।
ਬੰਦੀ ਛੋੜ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਚ ਕੌਮ ਦੇ ਨਾਂ ਸੰਦੇਸ਼ ਪੜ੍ਹਨ ਦੇ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 2015 'ਚ ਪਿੰਡ ਚੱਬਾ 'ਚ ਹੋਏ ਇਕੱਠ 'ਚ ਥਾਪੇ ਗਏ ਮੁਤਵਾਜ਼ੀ ਜਥੇਦਾਰਾਂ ਵਿਚਾਲੇ ਸੰਭਾਵਤ ਟਕਰਾਅ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਮੁਤਵਾਜ਼ੀ ਜਥੇਦਾਰਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਹਿਰਾਸਤ ਵਿਚ ਲੈਣਾਂ ਸ਼ੁਰੂ ਕਰ ਦਿੱਤਾ।
ਦਰਬਾਰ ਸਾਹਿਬ ਚੌਗਿਰਦੇ ਦੇ ਮੁੱਖ ਦਰਵਾਜ਼ੇ ਕੋਲ ਪਿੰਡ ਚੱਬਾ ਵਿਖੇ 2015 'ਚ ਚੁਣੇ ਗਏ ਕਾਰਜਕਾਰੀ ਜੱਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਕਸ ਫੋਰਸ ਵਿਚਕਾਰ ਟਕਰਾਅ ਹੋ ਗਿਆ।