January 14, 2020 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਅਤੇ ਹੁਕਮਨਾਮਾ ਸਾਹਿਬ ਦਾ ਵਿਵਾਦ ਹੋਰ ਵੀ ਭਖਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਸੰਬੰਧੀ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਤੇ ਆਪਣਾ ਹੱਕ ਜਿਤਾਉਣਾ ਗੁਰਬਾਣੀ ਦਾ ਘੋਰ ਨਿਰਾਦਰ ਹੈ। ਉਹਨਾਂ ਆਖਿਆ ਇਹਨਾਂ ਦੋਸ਼ੀਆਂ ਖਿਲਾਫ ਸਿੱਖ ਮਰਿਆਦਾ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।
ਬਾਜਵਾ ਨੇ ਆਖਿਆ ਕਿ ਦਰਬਾਰ ਸਾਹਿਬ ਦਾ ਹੁਕਮਨਾਮਾ ਕਿਸੇ ਵਿਅਕਤੀ ਜਾਂ ਕਿਸੇ ਸੰਸਥਾ ਦੀ ਜਗੀਰ ਨਹੀਂ ਹੋ ਸਕਦਾ। ਉਹਨਾਂ ਆਖਿਆ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਾਲਕੀ ਵਾਲੇ ਟੀਵੀ ਚੈਨਲ ਵੱਲੋਂ ਦਰਬਾਰ ਸਾਹਿਬ ਤੋਂ ਸਵੇਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਏ ਜਾਂਦੇ ਹੁਕਮਨਾਮਾ ਸਾਹਿਬ ਉੱਤੇ ਆਪਣਾ ਹੱਕ ਜਿਤਾਉਣਾ ਗੁਰਬਾਣੀ ਦੇ ਸਰਬ ਸਾਂਝੇ ਉਦੇਸ਼ ਤੋਂ ਉਲਟ ਹੈ। ਬਾਜਵਾ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਟੀ.ਵੀ ਚੈਨਲ ਨਾਲ ਸਮਝੋਤੇ ਨੂੰ ਜਨਤਕ ਕਰਨ ਤਾਂ ਜੋ ਸਿੱਖ ਕੌਮ ਨੂੰ ਅਸਲੀਅਤ ਦਾ ਪਤਾ ਲੱਗ ਸਕੇ।
Related Topics: Gyani Harpreet Singh, PTC Punjabi Channel, Sri Darbar Sahib Amritsar, sukhbir singh badal, Tript Rajinder Singh Bajwa