ਜਲੰਧਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਹਰ ਸਾਲ ਦੀ ਤਰ੍ਹਾਂ 4 ਫ਼ਰਵਰੀ 2024 ਦਿਨ ਐਤਵਾਰ ਨੂੰ ਗੁਰਦਵਾਰਾ ਸਾਹਿਬ ਬੋਹੜਾਂ ਵਾਲਾ ਪਿੰਡ ਲਿੱਤਰਾਂ, ਨੇੜੇ ਨਕੋਦਰ ਵਿਖੇ ਸਮੂਹ ਇਲਾਕਾ ਨਿਵਾਸੀਆਂ, ਪੰਥਕ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਵਲੋਂ ਮਨਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਜਿੱਥੇ ਇੰਨ੍ਹਾਂ ਨੌਜਵਾਨਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਉਥੇ ਪੁਲੀਸ ਵੱਲੋਂ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਵੀ ਲਾਇਆ।
ਉਨ੍ਹਾਂ ਕਿਹਾ ਕਿ ਇੰਨੇ ਵੱਡੇ ਕਾਂਡ ਦੀ ਜਾਂਚ ਵਾਸਤੇ ਜਿਹੜੀ ਸਿੱਟ ਬਣਾਈ ਗਈ ਹੈ ਉਸ ਵਿੱਚ ਪੁਲੀਸ ਦਾ ਕੋਈ ਵੀ ਸੀਨੀਅਰ ਅਫ਼ਸਰ ਸ਼ਾਮਿਲ ਨਹੀਂ ਹੈ। ਇਸ ਕਾਂਡ ਵਿੱਚ ਸ਼ਹੀਦ ਹੋਏ ਨੌਜਵਾਨ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ ਬਲਦੇਵ ਸਿੰਘ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਸ ਦੇ ਜਿਊਂਦੇ ਜੀ ਇਸ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੁਆਉਣ ਵਿੱਚ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ।
ਜ਼ਿਕਰਯੋਗ ਹੈ ਕਿ ਇਹ ਬੇਅਦਬੀ ਕਾਂਡ 1986 ਨੂੰ ਵਾਪਰਿਆ ਸੀ ਜਦੋਂ ਨਕੋਦਰ ਦੇ ਇੱਕ ਗੁਰੂ ਘਰ ਵਿੱਚ 2 ਫਰਵਰੀ 1986 ਨੂੰ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਪੰਜ ਸਰੂਪ ਸਾੜ ਦਿੱਤੇ ਗਏ ਸਨ। ਇਸ ਦਾ ਰੋਸ ਪ੍ਰਗਟਾਉਣ ਲਈ ਇਕੱਠੀਆਂ ਹੋਈਆਂ ਸਿੱਖ ਸੰਗਤਾਂ ‘ਤੇ 4 ਫਰਵਰੀ 1986 ਨੂੰ ਪੁਲੀਸ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਗੋਲਾਬਾਰੀ ਵਿੱਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਜਿੰਨ੍ਹਾਂ ਵਿੱਚ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ, ਝਿਲਮਣ ਸਿੰਘ ਤੇ ਹਰਮਿੰਦਰ ਸਿੰਘ ਸ਼ਾਮਿਲ ਸਨ ਜਿਹੜੇ ਕਿ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ ਸਨ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਨਾਲ ਸੰਬੰਧਤ ਸਨ।
ਸਿੱਖ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆ ਪੰਥਕ ਆਗੂ ਪਾਲ ਸਿੰਘ ਫਰਾਂਸ ਨੇ ਕਿਹਾ ਕਿ 38 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਥ ਤੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ 38 ਸਾਲਾਂ ਦੇ ਲੰਮੇ ਅਰਸੇ ਦੌਰਾਨ 15 ਸਾਲ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਸਰਕਾਰ ਰਹੀ ਸੀ ਜਿਸ ਦੀ ਅਗਵਾਈ ਉਸ ਵੇਲੇ ਦੇ ਮੁੱਖ ਮੰਤਰੀ ਰਹੇ ਪੰਥ ਰਤਨ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਸੀ। ਪੰਜਾਬ ਬਚਾਓ ਯਾਤਰਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ‘ਤੇ ਟਿੱਪਣੀ ਕਰਦਿਆ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਪੰਜਾਬ ਨੂੰ ਬਰਬਾਦ ਕਿਸ ਨੇ ਕੀਤਾ ਸੀ ? ਪਾਲ ਸਿੰਘ ਫਰਾਂਸ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਿੱਖ ਸੰਸਥਾਵਾਂ ਦਾ ਘਾਣ ਕਰਨ ਵਾਲੇ ਬਾਦਲ ਪਰਿਵਾਰ ਨੂੰ ਪਿੰਡਾਂ ਵਿੱਚ ਵੜ੍ਹਨ ਨਾ ਦੇਣ ਅਤੇ ਇੰਨ੍ਹਾਂ ਦਾ ਬਾਈਕਾਟ ਕਰਨ।
ਉਨ੍ਹਾਂ ਕਿਹਾ ਕਿ ਕਾਂਗਰਸ ਤਾਂ ਪੰਜਾਬ ਦੀ ਦੁਸ਼ਮਣ ਹੈ ਹੀ ਪਰ ਸ਼੍ਰੋਮਣੀ ਅਕਾਲੀ ਦਲ ਨੇ ਤਾਂ 1996 ਵਿੱਚ ਵਾਅਦਾ ਕੀਤਾ ਸੀ ਕਿ ਜਿਹੜੇ ਝੂਠੇ ਪੁਲੀਸ ਮੁਕਾਬਲੇ ਹੋਏ ਉਨ੍ਹਾਂ ਦੀ ਜਾਂਚ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਨਕੋਦਰ ਬੇਅਦਬੀ ਕਾਂਡ ਸਿੱਖ ਸੰਗਤਾਂ ਦੀ ਰੂਹ ਨੂੰ ਵਲੂੰਧਰ ਵਾਲਾ ਕਾਂਡ ਸੀ ਪਰ ਹੋਇਆ ਇਸ ਦੇ ਉਲਟ। ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਮਾਰਨ ਵਾਲੇ ਪੁਲੀਸ ਅਫਸਰਾਂ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ ਗਿਆ।
ਪੰਥਕ ਆਗੂ ਨਰਾਇਣ ਸਿੰਘ ਚੌੜਾ ਨੇ ਕਿਹਾ ਕਿ 1986 ਵਿੱਚ ਜਦੋਂ ਇਹ ਕਾਂਡ ਵਾਪਰਿਆ ਸੀ ਤਾਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤੇ ਜਲੰਧਰ ਵਿੱਚ ਐਸਐਸਪੀ ਇਜ਼ਹਾਰ ਆਲਮ ਸਨ ਤੇ ਵਧੀਕ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਸਨ। ਜਿੰਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੱਡੇ ਅਹੁਦੇ ਦਿੱਤੇ ਸਨ। ਉਨ੍ਹਾਂ ਕਿਹਾ ਕਿ 38 ਸਾਲਾਂ ਤੱਕ ਲੜਾਈ ਜਾਰੀ ਰਹੀ ਹੈ ਤੇ ਇਨਸਾਫ ਮਿਲਣ ਤੱਕ ਇਹ ਜਾਰੀ ਰਹੇਗੀ।
ਨੌਜਵਾਨ ਪੰਥਕ ਆਗੂ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਦੋਂ ਵਫਦ ਮਿਲਿਆ ਸੀ ਤਾਂ ਉਨ੍ਹਾਂ ਨੇ ਹੀ ਸਿਟ ਬਣਾਉਣ ਦੀ ਆਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਅਫਸਰਾਂ ਦੀ ਮਿਲੀ ਭੁਗਤ ਕਾਰਨ ਹੀ ਇਸ ਵੱਡੇ ਕਾਂਡ ਦੀ ਜਾਂਚ ਰਿਪੋਰਟ ਦਾ ਦੂਜਾ ਹਿੱਸਾ ਜਾਣਬੁਝ ਕੇ ਗਾਇਬ ਕੀਤਾ ਗਿਆ ਹੈ।
ਬਾਪੂ ਬਲਦੇਵ ਸਿੰਘ (ਪਿਤਾ ਸ਼ਹੀਦ ਰਵਿੰਦਰ ਸਿੰਘ ਲਿੱਤਰਾਂ) ਨੇ ਕਿਹਾ ਕਿ ਪੁਲੀਸ ਵੱਲੋਂ ਕੀਤੇ ਗਏ ਇਸ ਜ਼ੁਲਮ ਦੀ ਹੱਦ ਤਾਂ ਉਦੋਂ ਹੋ ਗਈ ਸੀ ਜਦੋਂ ਇੰਨ੍ਹਾਂ ਚਾਰੇ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲਾਵਾਰਸ ਕਹਿ ਕੇ ਨਕੋਦਰ ਦੇ ਇੱਕ ਸ਼ਮਸ਼ਾਨਘਾਟ ਵਿੱਚ ਮਿੱਟੀ ਦਾ ਤੇਲ ਪਾ ਕੇ ਸਾੜ ਦਿੱਤਾ ਗਿਆ ਸੀ ਜਦ ਕਿ ਉਹ ਆਪਣੇ ਪੁੱਤਰ ਸਮੇਤ ਦੂਜੇ ਨੌਜਵਾਨਾਂ ਦੀ ਪਛਾਣ ਕਰਕੇ ਲਾਸ਼ਾਂ ਲੈਣ ਲਈ ਕਦੇਂ ਸਿਵਲ ਹਸਪਤਾਲ ਨਕੋਦਰ ਤੇ ਕਦੇ ਥਾਣਾ ਨਕੋਦਰ ਦੇ ਚੱਕਰ ਕੱਟਦੇ ਰਹੇ ਸਨ।
ਇਸ ਸਮਾਗਮ ਦੌਰਾਨ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿਚ ਸੰਗਤਾਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਚਿੱਠੀ ਲਿਖ ਕੇ ਸ਼ਹੀਦ ਭਾਈ ਰਵਿੰਦਰ ਸਿੰਘ, ਸ਼ਹੀਦ ਭਾਈ ਬਲਧੀਰ ਸਿੰਘ, ਸ਼ਹੀਦ ਭਾਈ ਹਰਮਿੰਦਰ ਸਿੰਘ, ਸ਼ਹੀਦ ਭਾਈ ਝਿਲਮਣ ਸਿੰਘ ਸਮੂਹ ਨੂੰ ਇਨਸਾਫ ਦਵਾਉਣ ਲਈ 37 ਸਾਲ ਤੋਂ ਦਬਾ ਕੇ ਰੱਖੀ ਗਈ ਭਾਈ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਕਰਵਾਉਣ ਦੀ ਮੰਗ ਕੀਤੀ ਗਈ। ਦੂਜੇ ਮਤੇ ਵਿਚ ਭਾਈ ਪਰਮਜੀਤ ਸਿੰਘ ਪੰਜਵੜ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਸ਼ੁਸੋਭਿਤ ਕੀਤੀਆਂ ਜਾਣ ਦੀ ਮੰਗ ਕੀਤੀ।